Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਅਹਿਮ ਫੈਸਲੇ

Share this story

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਯਾਦਗਾਰ ਸਥਾਪਤ ਕੀਤੀ ਜਾਵੇਗੀ : ਪ੍ਰੋ. ਬਡੂੰਗਰ

ਸੁਲਤਾਨਪੁਰ ਲੋਧੀ, 4 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਜ ਇਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕਤਰਤਾ ਦੌਰਾਨ 2019 ’ਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਇਕ ਵਿਸ਼ੇਸ਼ ਯਾਦਗਾਰ ਸਥਾਪਤ ਕਰਨ ਦੇ ਨਾਲ ਨਾਲ ਇਕ ਅੰਤਰ-ਰਾਸ਼ਟਰੀ ਕਮੇਟੀ ਬਣਾਉਣ ਅਤੇ ਆਧੁਨਿਕ ਅਜਾਇਬ ਘਰ ਸਥਾਪਤ ਕਰਕੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਇਤਿਹਾਸ ਨੂੰ ਰੂਪਮਾਨ ਕਰਨ ਸਮੇਤ ਕਈ ਅਹਿਮ ਫੈਸਲੇ ਲਏ ਗਏ। ਇਕਤਰਤਾ ਦੌਰਾਨ ਲਏ ਗਏ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦਸਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਕੌਮਾਂਤਰੀ ਪਧਰ ‘ਤੇ ਮਨਾਉਣ ਲਈ ਉਲੀਕੀਆਂ ਜਾਣ ਵਾਲੀਆਂ ਯੋਜਨਾਵਾਂ ਬਾਰੇ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਕ ਵਿਸ਼ਾਲ ਯਾਦਗਾਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਯਾਦਗਾਰ ਵਿਚ ਗੁਰੂ ਸਾਹਿਬ ਦੇ ਇਤਿਹਾਸ ਅਤੇ ਵਿਚਾਰਧਾਰਾ ਨੂੰ ਸੰਗਤਾਂ ਤਕ ਪਹੁੰਚਾਉਣ ਲਈ ਇਕ ਆਧੁਨਿਕ ਅਜਾਇਬ ਘਰ ਬਣਾਇਆ ਜਾਵੇਗਾ ਜਿਸ ਵਿਚ ਐਲ.ਈ.ਡੀ. ਸਕਰੀਨਾਂ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਅਗੇ ਦਸਿਆ ਕਿ ਇਸ ਅਜਾਇਬ ਘਰ ਵਿਚ ਰੂਪਮਾਨ ਕੀਤੇ ਜਾਣ ਵਾਲੇ ਇਤਿਹਾਸ ਨੂੰ 4 ਭਾਗਾਂ ਵਿਚ ਵੰਡ ਕੇ ਦਰਸਾਇਆ ਜਾਵੇਗਾ, ਜਿਸ ਵਿਚ ਗੁਰੂ ਸਾਹਿਬ ਦੇ ਆਰੰਭਕ ਜੀਵਨ, ਸੁਲਤਾਨਪੁਰ ਲੋਧੀ ਨਾਲ ਸਬੰਧਤ ਇਤਿਹਾਸ, ਉਦਾਸੀਆਂ ਅਤੇ ਕਰਤਾਰਪੁਰ ਵਿਖੇ ਕੀਤੀ ਕਿਰਤ ਨਾਲ ਸਬੰਧਤ ਇਤਿਹਾਸ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਯਾਦਗਾਰ ਦੀ ਇਮਾਰਤ ਦਾ ਢਾਂਚਾ ਗਲੋਬ ਦੇ ਰੂਪ ਵਿਚ ਗੁਰੂ ਸਾਹਿਬ ਦੀਆਂ ਵਿਸ਼ਵ ਵਿਆਪੀ ਸਿਖਿਆਵਾਂ ਅਨੁਸਾਰ ਹੋਵੇਗਾ। ਉਨ੍ਹਾਂ ਦਸਿਆ ਕਿ ਇਸ ਕਾਰਜ ਲਈ ਪ੍ਰਸਿਧ ਇਤਿਹਾਸਕਾਰਾਂ ਅਤੇ ਇੰਜੀਨੀਅਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਇਸ ਤੋਂ ਇਲਾਵਾ ਗੁਰੂ ਸਾਹਿਬ ਦੀ ਵਿਚਾਰਧਾਰਾ ਅਨੁਸਾਰ ਅਕਾਲ ਪੁਰਖ ਦੀ ਏਕਤਾ ਦੇ ਸੰਕਲਪ ਨੂੰ ਦਰਸਾਉਂਦਾ ੴ ਦਾ ਵਿਸ਼ਾਲ ਨਿਸ਼ਾਨ ਵੀ ਸਥਾਪਤ ਕੀਤਾ ਜਾਵੇਗਾ।
ਪ੍ਰੋ: ਬਡੂੰਗਰ ਨੇ ਹੋਰ ਫੈਸਲਿਆਂ ਸਬੰਧੀ ਦਸਿਆ ਕਿ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਸਮਾਗਮਾਂ ਲਈ ਧਰਮ ਪ੍ਰਚਾਰ ਕਮੇਟੀ ਦਾ ਇਕ ਵਿਸ਼ੇਸ਼ ਸੈਲ ਸਥਾਪਤ ਕੀਤਾ ਜਾਵੇਗਾ ਜੋ ਸ਼ਤਾਬਦੀ ਨਾਲ ਸਬੰਧਤ ਸਮੁਚੀਆਂ ਗਤੀਵਿਧੀਆਂ ਦੀ ਦੇਖ ਰੇਖ ਕਰੇਗਾ।ਉਨ੍ਹਾਂ ਦਸਿਆ ਪਹਿਲੇ ਪਾਤਸ਼ਾਹ ਜੀ ਦੇ ਅਨਿਨ ਸ਼ਰਧਾਲੂ ਰਾਇ ਬੁਲਾਰ ਦੀ ਤਸਵੀਰ ਕੇਂਦਰੀ ਸਿਖ ਅਜਾਇਬ ਘਰ ਵਿਚ ਲਗਾਉਣ ਸਮੇਂ ਉਨ੍ਹਾਂ ਦੇ ਵੰਸ਼ਜ਼ਾਂ ਅਤੇ ਵਕਫ ਬੋਰਡ ਤੇ ਓਕਾਫ ਬੋਰਡ ਦੇ ਨੁਮਾਇੰਦਿਆਂ ਨੂੰ ਉਚੇਚੇ ਤੌਰ ‘ਤੇ ਸ਼ਾਮਲ ਕਰਨ ਦਾ ਸਦਾ ਦਿਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਦਾ ਕੇਂਦਰ ਬਿੰਦੂ ਕਿਉਂਕਿ ਸੁਲਤਾਨਪੁਰ ਲੋਧੀ ਹੋਵੇਗਾ ਇਸ ਲਈ ਪੰਜਾਬ ਸਰਕਾਰ ਇਥੋਂ ਦੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪੰਜਾਬ ਸਰਕਾਰ ਨੂੰ ਪਤਰ ਵੀ ਲਿਖਿਆ ਜਾਵੇਗਾ।
ਪ੍ਰੋ: ਬਡੂੰਗਰ ਨੇ ਪਾਕਿਸਤਾਨ ਸਰਕਾਰ ਵਲੋਂ ਨਨਕਾਣਾ ਸਾਹਿਬ ਯੂਨੀਵਰਸਿਟੀ ਬਣਾਉਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਇਹ ਯੂਨੀਵਰਸਿਟੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਨਨਕਾਣਾ ਸਾਹਿਬ ਵਿਖੇ ਹੀ ਸਥਾਪਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਭਾਰਤ ਸਰਕਾਰ ਨਾਲ ਵੀ ਗਲਬਾਤ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਕ ਵਫਦ ਵੀ ਪਾਕਿਸਤਾਨ ਵਿਖੇ ਭੇਜਣ ਦਾ ਵੀ ਫੈਸਲਾ ਕੀਤਾ ਗਿਆ ਹੈ, ਤਾਂ ਜੋ ਉਥੋਂ ਦੀ ਸਰਕਾਰ ਅਤੇ ਹੋਰ ਨੁਮਾਇੰਦਿਆਂ ਨਾਲ ਗਲਬਾਤ ਕਰ ਕੇ ਸ਼ਤਾਬਦੀ ਸਬੰਧੀ ਸ੍ਰੀ ਨਨਕਾਣਾ ਸਾਹਿਬ ਅਤੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਸਫਲ ਬਣਾਇਆ ਜਾ ਸਕੇ।ਇਕਤਰਤਾ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਮੇਤ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਵਲੋਂ ਗੁਰਦੁਆਰਾ ਸੰਤ ਘਾਟ ਵਿਖੇ ਉਸਾਰੀ ਜਾਣ ਵਾਲੀ ਯਾਦਗਾਰ ਸਥਾਨ ਦਾ ਦੌਰਾ ਕਰ ਕੇ ਪ੍ਰਬੰਧਕੀ ਜਾਇਜ਼ਾ ਲਿਆ ਗਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿਟੇਵਡ, ਭਾਈ ਰਾਮ ਸਿੰਘ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਨਿਰਮਲ ਸਿੰਘ ਹਰਿਆਓ, ਸ. ਜੈਪਾਲ ਸਿੰਘ ਮੰਡੀਆ, ਬੀਬੀ ਪਰਮਜੀਤ ਕੌਰ, ਸ. ਕੁਲਵੰਤ ਸਿੰਘ ਮੰਨਣ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਸੁਰਜੀਤ ਸਿੰਘ ਕਾਲਾਬੂਲਾ ਤੇ ਸ. ਸਤਪਾਲ ਸਿੰਘ ਤਲਵੰਡੀ ਭਾਈ, ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਦਰਸ਼ਨ ਸਿੰਘ ਸ਼ੇਰ ਖਾਂ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਇੰਦਰ ਇਕਬਾਲ ਸਿੰਘ ਅਟਵਾਲ, ਸ. ਗੁਰਮੀਤ ਸਿੰਘ ਬੂਹ, ਸ. ਰਣਜੀਤ ਸਿੰਘ ਕਾਹਲੋਂ ਤੇ ਸ. ਸਰਵਣ ਸਿੰਘ ਕੁਲਾਰ, ਸਕਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ ਤੇ ਸ. ਮਨਜੀਤ ਸਿੰਘ, ਐਡੀਸ਼ਨਲ ਸਕਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਸ. ਕੇਵਲ ਸਿੰਘ, ਸ. ਬਿਜੈ ਸਿੰਘ, ਮੀਤ ਸਕਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਚਾਨਣ ਸਿੰਘ, ਨਿਜੀ ਸਹਾਇਕ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਸਤਿੰਦਰ ਸਿੰਘ ਤੇ ਸ. ਸਰਬਜੀਤ ਸਿੰਘ ਧੂੰਦਾ ਆਦਿ ਹਾਜ਼ਰ ਸਨ।

WRITTEN BY