Skip to content
Independent perspectives. Global stories.
BREAKING

ਪੰਜਾਬ ’ਚ ‘ਘਰ-ਘਰ ਰੁਜ਼ਗਾਰ’ ਸਕੀਮ ਸ਼ੁਰੂ: ਕੈਪਟਨ ਨੇ ਰੁਜ਼ਗਾਰ ਮੇਲੇ ਦੌਰਾਨ 27 ਹਜ਼ਾਰ ਬੇਰੁਜ਼ਗਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Share this story

ਸਰਕਾਰੀ ਵਿਭਾਗਾਂ ਵਿੱਚ 50,000 ਅਸਾਮੀਆਂ ਤੁਰੰਤ ਭਰਨ ਦਾ ਐਲਾਨ

ਮੋਹਾਲੀ, 5 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰੀ ਦੀ ‘ਘਰ-ਘਰ ਰੁਜ਼ਗਾਰ’ ਸਕੀਮ ਨੂੰ ਅੱਜ ਅਮਲੀਜਾਮਾ ਪਹਿਨਾਉਂਦਿਆਂ ਵਿਸ਼ਾਲ ਰੁਜ਼ਗਾਰ ਮੇਲੇ ਦੌਰਾਨ 25 ਨੌਜਵਾਨਾਂ ਨੂੰ ਨਿੱਜੀ ਤੌਰ ’ਤੇ ਨਿਯੁਕਤੀ ਪੱਤਰ ਸੌਂਪੇ ਜਦਕਿ ਇਸ ਸਮਾਰੋਹ ਦੌਰਾਨ 3000 ਸਰਕਾਰੀ ਨੌਕਰੀਆਂ ਸਮੇਤ ਕੁੱਲ 27,000 ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਮੁੱਖ ਮੰਤਰੀ ਨੇ 2.8 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ 34 ਸਹਿਮਤੀ ਪੱਤਰਾਂ ’ਤੇ ਸਹੀ ਪਾਉਣ ਤੋਂ ਇਲਾਵਾ ਸੂਬੇ ਵਿੱਚ ਸਰਕਾਰੀ ਵਿਭਾਗਾਂ ਤੇ ਅਦਾਰਿਆਂ ਵਿੱਚ ਵੱਖ-ਵੱਖ ਸ਼੍ਰੇਣੀਆਂ ਦੀਆਂ ਹੋਰ 50 ਹਜ਼ਾਰ ਨੌਜਵਾਨਾਂ ਦੀ ਭਰਤੀ ਤੁਰੰਤ ਕਰਨ ਦਾ ਐਲਾਨ ਵੀ ਕੀਤਾ। ‘ਘਰ-ਘਰ ਰੁਜ਼ਗਾਰ’ ਸਕੀਮ ਤਹਿਤ ਅੱਜ ਇੱਥੇ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਰੋਹ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਨਿਯੁਕਤੀ ਪੱਤਰ ਵਿੱਚ ਦਿੱਤਾ ਗਿਆ ਸਾਲਾਨਾ ਤਨਖਾਹ ਪੈਕੇਜ 1.25 ਲੱਖ ਰੁਪਏ ਤੋਂ ਲੈ ਕੇ 21 ਲੱਖ ਰੁਪਏ ਹੈ। ਉਨ੍ਹਾਂ ਨੇ ਆਪਣਾ ਫੌਜ ਦਾ ਕਰੀਅਰ 350 ਰੁਪਏ ਦੀ ਮਾਮੂਲੀ ਰਾਸ਼ੀ ’ਤੇ ਸ਼ੁਰੂ ਕਰਨ ਦੇ ਪਲਾਂ ਨੂੰ ਚੇਤੇ ਕੀਤਾ ਜੋ ਸਮੇਂ ਦੇ ਬੀਤਣ ਨਾਲ ਵਧਦਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਔਖੇ ਸਮੇਂ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਸੂਬੇ ਨੂੰ ਵੱਖ-ਵੱਖ ਜੰਗਾਂ ਦਾ ਸੇਕ ਝੱਲਣਾ ਪਿਆ ਅਤੇ ਕੌਮਾਂਤਰੀ ਸਰਹੱਦ ਨਾਲ ਲਗਦਾ ਹੋਣ ਕਾਰਨ ਲਗਾਤਾਰ ਕਈ ਤਰ੍ਹਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਸੁਖਾਵਾਂ ਮਾਹੌਲ ਕਾਇਮ ਕਰਨ ’ਤੇ ਪਹਿਰਾ ਦੇ ਰਹੀ ਹੈ ਜੋ ਨਿਵੇਸ਼ ਨੂੰ ਹੁਲਾਰਾ ਦੇਣ ਵਿੱਚ ਸਹਾਈ ਹੋਵੇਗਾ ਅਤੇ ਇਸ ਨਾਲ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ। ਸੂਬੇ ਵਿੱਚ ‘ਘਰ-ਘਰ ਰੋਜ਼ਗਾਰ’ ਅਤੇ ‘ਕਾਰੋਬਾਰ’ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ 34 ਸਹਿਮਤੀ ਪੱਤਰਾਂ ’ਤੇ ਸਹੀ ਪਾ ਦਿੱਤੀ ਹੈ ਜਿਸ ਦੇ ਨਾਲ 2.8 ਲੱਖ ਨੌਕਰੀਆਂ ਪੈਦਾ ਹੋਣਗੀਆਂ ਅਤੇ ਸਨਅਤ ਪਖੀ ਪਹਿਲਕਦਮੀ ਨੂੰ ਲਾਗੂ ਕਰਨ ਦੇ ਨਾਲ ਹੋਰ ਅਨੇਕਾਂ ਨੌਕਰੀਆਂ ਪੈਦਾ ਹੋਣਗੀਆਂ। ਇਸੇ ਦੌਰਾਨ ਹੀ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਤੁਰੰਤ ਭਰਤੀ ਦੇ ਵਾਸਤੇ 50,000 ਨੌਕਰੀਆਂ ਦੀ ਸ਼ਨਾਖਤ ਕੀਤੀ ਹੈ ਜੋ ਕਿ ਸੂਬੇ ਦੇ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਵੱਡੀ ਪਧਰ ’ਤੇ ਭਰਤੀ ਦੀ ਸ਼ੁਰੂਆਤ ਹੋਵੇਗੀ। ਇਸ ਪ੍ਰੋਗਰਾਮ ਵਿੱਚ ਹੋਰਨਾਂ ਤੋਂ ਇਲਾਵਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਤੇ ਰੁਜ਼ਗਾਰ ਉਤਪਾਦਨ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਉਚੇਰੀ ਸਿੱਖਿਆ ਮੰਤਰੀ ਅਰੁਨਾ ਚੌਧਰੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਧਾਇਕ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਜੀ.ਪੀ. ਤੇ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਹਾਜ਼ਰ ਸਨ। ਉਦਯੋਗ ਨਾਲ ਸਬੰਧਤ ਵੱਡੀ ਗਿਣਤੀ ਪ੍ਰਮੁੱਖ ਹਸਤੀਆਂ, ਯੂਨੀਵਰਸਟੀਆਂ ਤੇ ਹੁਨਰ ਸਿਖਲਾਈ ਏਜੰਸੀਆਂ ਨਾਲ ਸਬੰਧਤ ਨੁਮਾਇੰਦੇ ਹਾਜ਼ਰ ਸਨ। ਚਰਨਜੀਤ ਸਿੰਘ ਚੰਨੀ ਨੇ ਆਪਣੇ ਸ਼ੁਰੂਆਤੀ ਭਾਸ਼ਨ ਦੌਰਾਨ ਮੁੱਖ ਮੰਤਰੀ ਵੱਲੋਂ ਸਭਨਾਂ ਲਈ ਰੁਜ਼ਗਾਰ ਦਾ ਵਾਅਦਾ ਪੂਰਾ ਕਰਨ ਲਈ ਵੱਖ-ਵੱਖ ਸਿੱਖਿਆ ਸੰਸਥਾਵਾਂ ਅਤੇ ਕੰਪਨੀਆਂ ਨੂੰ ਇਕ ਮੰਚ ’ਤੇ ਲਿਆਉਣ ਦੀ ਸ਼ਲਾਘਾ ਕੀਤੀ। ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਸੰਖੇਪ ਭਾਸ਼ਨ ਵਿੱਚ ਸੂਬੇ ’ਚ ਹਰ ਸਾਲ ਪੰਜ ਲੱਖ ਨੌਕਰੀਆਂ ਮੁਹੱਈਆ ਕਰਾਉਣ ਦੇ ਕਾਂਗਰਸ ਦੇ ਚੋਣ ਵਾਅਦੇ ਨੂੰ ਅਮਲ ਵਿੱਚ ਲਿਆਉਣ ਲਈ ਇਸ ਸਮਾਰੋਹ ਨੂੰ ਬਹੁਤ ਮਹੱਤਵਪੂਰਨ ਦੱਸਿਆ।

WRITTEN BY