ਫ਼ਿਰੋਜ਼ਪੁਰ, 5 ਸਤੰਬਰ (ਕਪੂਰ)- ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਆਈ.ਏ.ਐਸ. ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਸਬੰਧੀ ਕਿਸਾਨਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ/ਮਨੁੱਖੀ ਸ਼ਰੀਰ ਉੱਤੇ ਪੈਂਦੇ ਮਾੜੇ ਪ੍ਰਭਾਵਾਂ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਹੀ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਹੁੰਦੇ ਵਾਧੇ ਬਾਰੇ ਦੱਸਦਿਆਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਬਹੁਤ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੁੰਦੀਆਂ ਹਨ, ਜਿਸ ਕਾਰਨ ਮਨੁੱਖਾਂ ਵਿਚ ਸਾਹ, ਅੱਖਾਂ ਵਿਚ ਜਲਨ ਅਤੇ ਚਮੜੀ ਦੇ ਰੋਗ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ ਅਤੇ ਜ਼ਮੀਨ ਦੇ ਜੀਵ ਜੰਤੂ ਵੀ ਨਸ਼ਟ ਹੁੰਦੇ ਹਨ। ਉਨ੍ਹਾਂ ਕਿਹਾ ਕਿ ‘ਗਰੀਨ ਟ੍ਰਿਬਿਊਨਲ ‘ ਵੱਲੋਂ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਫ਼ੈਸਲਾ ਹੈ ਅਤੇ ਇਸ ਫ਼ੈਸਲੇ ਨੂੰ ਲਾਗੂ ਕਰਨ ’ਚ ਸਾਰੇ ਕਿਸਾਨ ਵੀ ਆਪਣਾ ਯੋਗਦਾਨ ਪਾਉਣ। ਇਸ ਮੌਕੇ ਖੇਤੀਬਾੜੀ ਅਫ਼ਸਰ ਸ੍ਰ. ਜਗੀਰ ਸਿੰਘ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਨੂੰ ਖੇਤਾਂ ’ਚ ਅੱਗ ਲਗਾਉਣ ਦੀ ਬਜਾਏ ਬੇਲਰ ਚਲਾ ਕੇ ਪਰਾਲੀ ਦੀਆਂ ਗੰਢਾ ਬਣਾ ਸਕਦੇ ਹਨ ਅਤੇ ਕੰਬਾਈਨ ਪਿੱਛੇ ਸਟਰਾਅ ਮੈਨੇਜਮੈਂਟ ਸਿਸਟਮ ਲਗਾ ਕੇ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਤਕਨੀਕ ਅਪਣਾਉਣ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਨਹੀਂ ਹੋਵੇਗਾ ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ’ਚ ਵਾਹੁਣ ਬਾਰੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਿੰਡ-ਪਿੰਡ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਕਿਸਾਨ ਕਿਸੇ ਵੀ ਤਰਾਂ ਦੀ ਸਲਾਹ ਖੇਤੀ ਮਾਹਿਰਾਂ ਤੋਂ ਲੈ ਸਕਦੇ ਹਨ। ਇਸ ਮੌਕੇ ਅਗਾਂਹਵਧੂ ਕਿਸਾਨਾਂ ਨੇ ਦੂਸਰੇ ਕਿਸਾਨਾਂ ਨੂੰ ਆਪਣੇ ਤਜਰਬੇ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਪਿਛਲੇ ਕਈ ਸਾਲਾਂ ਤੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨਾ ਅੱਗ ਲਗਾਏ ਖੇਤੀ ਕੀਤੀ ਹੈ ਜਿਸ ਕਾਰਨ ਉਨ੍ਹਾਂ ਦੀ ਫ਼ਸਲ ਦਾ ਝਾੜ ਆਮ ਨਾਲੋਂ ਜ਼ਿਆਦਾ ਨਿਕਲਦਾ ਹੈ। ਇਸ ਮੌਕੇ ਕਿਸਾਨਾਂ ਨੇ ਖੁੱਲ ਕੇ ਵਿਚਾਰ ਚਰਚਾ ਵਿੱਚ ਭਾਗ ਲਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸ੍ਰ. ਹਰਜੀਤ ਸਿੰਘ ਸੰਧੂ ਐਸ.ਡੀ.ਐਮ, ਸ਼੍ਰੀ ਨਮਨ ਮਟਕਨ ਪੀ.ਸੀ.ਐਸ., ਸ੍ਰ. ਅਭੇਜੀਤ ਸਿੰਘ ਧਾਲੀਵਾਲ ਅਸਿਸਟੈਂਟ ਇੰਜੀਨੀਅਰ ਖੇਤੀਬਾੜੀ ਵਿਭਾਗ, ਸ੍ਰ. ਮੁਖ਼ਤਿਆਰ ਸਿੰਘ ਏ.ਡੀ.ਓ, ਸ਼੍ਰੀ ਰਤਨ ਲਾਲ ਕੁੱਕੜ ਡਿਪਟੀ ਰਜਿਸਟਰਾਰ ਕੋਆਪਰੇਟਿਵ ਸੋਸਾਇਟੀ ਸਮੇਤ ਵੱਖ-ਵੱਖ ਖੇਤੀ ਨਾਲ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਕਿਸਾਨ ਵੀ ਹਾਜ਼ਰ ਸਨ।
ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤਾਂ ’ਚ ਹੀ ਵਾਹੁਣ : ਡਿਪਟੀ ਕਮਿਸ਼ਨਰ



