Skip to content
Independent perspectives. Global stories.
BREAKING

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਧਿਆਪਕ ਨਿਭਾਅ ਸਕਦੇ ਹਨ ਅਹਿਮ ਭੂਮਿਕਾ-ਡੀ. ਸੀ

Share this story

ਸਾਰੇ ਸਕੂਲਾਂ ਦੇ ਸਰਬੋਤਮ ਅਧਿਆਪਕਾਂ ਨੂੰ ਵਲੰਟੀਅਰੀ ਤੌਰ ‘ਤੇ ਦਿੱਤੀ ਜਾਵੇਗੀ ਟ੍ਰੇਨਿੰਗ

ਕਪੂਰਥਲਾ, 8 ਸਤੰਬਰ – ਅਧਿਆਪਕਾਂ ਤੇ ਵਿਦਿਆਰਥੀਆਂ ਦਾ ਰਿਸ਼ਤਾ ਬਹੁਤ ਅਹਿਮ ਹੈ ਅਤੇ ਜੇਕਰ ਅਧਿਆਪਕ ਬੱਚਿਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਤੋਂ ਜਾਣੂ ਕਰਵਾਉਣ ਤਾਂ ਅੱਗੇ ਜਾ ਕੇ ਬੱਚੇ ਕਦੇ ਵੀ ਭਟਕ ਕੇ ਗ਼ਲਤ ਰਾਹ ‘ਤੇ ਨਹੀਂ ਜਾ ਸਕਦੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਿਨਰ ਸ੍ਰੀ ਮੁਹੰਮਦ ਤਇਅਬ ਨੇ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿਚ ਜ਼ਿਲਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੁਸਾਇਟੀ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਸਬੰਧੀ ਅਧਿਆਪਕਾਂ ਦੀ ਇਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ। ਇਸ ਵਰਕਸ਼ਾਪ ਵਿਚ ਕਪੂਰਥਲਾ ਬਲਾਕ ਦੇ 26 ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ 50 ਅਧਿਆਪਕਾਂ ਨੇ ਭਾਗ ਲਿਆ। ਸ੍ਰੀ ਤਇਅਬ ਨੇ ਜ਼ਿਲੇ ਵਿਚ ਇਕ ਨਿਵੇਕਲੇ ਉਪਰਾਲੇ ਤਹਿਤ ‘ਵਲੰਟਅਰੀ ਟੀਚਰਸ-ਸਟੂਡੈਂਟਸ ਡਰੱਗ ਅਬਿਊਸ ਅਵੇਰਨੈੱਸ’ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਪਹਿਲੇ ਬੈਚ ਦੀ ਟ੍ਰੇਨਿੰਗ ਕਰਵਾਈ ਗਈ ਹੈ ਅਤੇ ਇਸ ਤਰਾਂ ਦੀਆਂ ਵਰਕਸ਼ਾਪਾਂ ਲਗਾ ਕੇ ਜ਼ਿਲੇ ਦੇ ਸਾਰੇ ਬਲਾਕਾਂ ਦੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਕਵਰ ਕੀਤੇ ਜਾਣਗੇ। ਉਨਾਂ ਦੱਸਿਆ ਕਿ ਫਿਲਹਾਲ ਸਰਕਾਰੀ ਸਕੂਲਾਂ ਦੇ ਸਰਬੋਤਮ ਅਧਿਆਪਕਾਂ ਨੂੰ ਹੀ ਵਲੰਟੀਅਰੀ ਤੌਰ ‘ਤੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਇਸ ਤੋਂ ਬਾਅਦ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਟ੍ਰੇਨਿੰਗ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ ਅਧਿਆਪਕ ਬਹੁਤ ਹੀ ਮਹੱਤਵਪੂਰਨ ਭੂਮਿਕਾ ਅਦਾ ਕਰ ਸਕਦੇ ਹਨ। ਉਨਾਂ ਕਿਹਾ ਕਿ ਬੱਚਿਆਂ ਨੂੰ ਜੇਕਰ ਅੱਲੜ ਉਮਰੇ ਹੀ ਸਹੀ ਮਾਰਗ ਦਰਸ਼ਨ ਮਿਲ ਜਾਵੇ ਤਾਂ ਉਹ ਜ਼ਿੰਦਗੀ ਵਿਚ ਕਦੇ ਨਹੀਂ ਭਟਕੇਗਾ। ਉਨਾਂ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਸਮਾਜ ਸੇਵਾ ਦੇ ਇਸ ਕਾਰਜ ਵਿਚ ਵੱਧ-ਚੜ ਕੇ ਹਿੱਸਾ ਲੈਣ। ਵਰਕਸ਼ਾਪ ਵਿਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਐਸ. ਐਸ. ਪੀ ਕਪੂਰਥਲਾ ਸ੍ਰੀ ਸੰਦੀਪ ਸ਼ਰਮਾ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕੀਤੀ ਸਖ਼ਤੀ ਕਾਰਨ 400 ਤੋਂ ਵੱਧ ਮੁਕੱਦਮੇ ਦਰਜ ਹੋਏ ਹਨ ਅਤੇ 550 ਦੇ ਕਰੀਬ ਨਸ਼ਿਆਂ ਦੇ ਸੌਦਾਗਰਾਂ ਨੂੰ ਜੇਲਾਂ ਅੰਦਰ ਬੰਦ ਕੀਤਾ ਗਿਆ ਹੈ। ਉਨਾਂ ਕਿਹਾ ਕਿ ਹਾਲੇ ਵੀ ਅਜਿਹਾ ਕਾਰੋਬਾਰ ਕਰਨ ਵਾਲੇ ਵਿਅਕਤੀ ਮੌਜੂਦ ਹਨ, ਜਿਨਾਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਉਨਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਮੰਗ ਅਤੇ ਸਪਲਾਈ ‘ਤੇ ਨਿਰਭਰ ਕਰਦੀ ਹੈ ਅਤੇ ਜੇਕਰ ਮੰਗ ਹੀ ਬੰਦ ਕਰ ਦਿੱਤੀ ਜਾਵੇ ਤਾਂ ਨਸ਼ਿਆਂ ਦੀ ਸਪਲਾਈ ਆਪਣੇ ਆਪ ਬੰਦ ਹੋ ਜਾਵੇਗੀ। ਉਨਾਂ ਕਿਹਾ ਕਿ ਵਿਦਿਆਰਥੀ ਆਪਣਾ ਜ਼ਿਆਦਾ ਸਮਾਂ ਸਕੂਲ ਵਿਚ ਗੁਜ਼ਾਰਦੇ ਹਨ ਅਤੇ ਅਧਿਆਪਕ ਉਨਾਂ ਦੇ ਵਿਹਾਰ ਨੂੰ ਦੇਖ ਕੇ ਅੰਦਾਜ਼ਾ ਲਗਾ ਸਕਦੇ ਹਨ ਕਿ ਬੱਚਾ ਕੋਈ ਨਸ਼ਾ ਤਾਂ ਨਹੀਂ ਕਰ ਰਿਹਾ। ਸੀਨੀਅਰ ਮੈਡੀਕਲ ਅਫ਼ਸਰ ਕਪੂਰਥਲਾ ਡਾ. ਅਨੂਪ ਕੁਮਾਰ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਮਾਜ ਨੂੰ ਖੋਖਲਾ ਕਰ ਦਿੰਦੀ ਹੈ। ਉਨਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਸਹੀ ਸੇਧ ਦੇ ਕੇ ਇਸ ਬੁਰਾਈ ਵੱਲ ਜਾਣ ਤੋਂ ਰੋਕ ਸਕਦੇ ਹਨ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ ਨੇ ਇਸ ਮੌਕੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਰੋਲ ਮਾਡਲ ਹੁੰਦੇ ਹਨ ਅਤੇ ਜੇਕਰ ਉਹ ਉਨਾਂ ਨੂੰ ਸਮੇਂ-ਸਮੇਂ ‘ਤੇ ਪ੍ਰੇਰਿਤ ਕਰਨ ਤਾਂ ਉਹ ਬੁਰੇ ਰਸਤੇ ਜਾ ਹੀ ਨਹੀਂ ਸਕਦੇ। ਉਨਾਂ ਕਿਹਾ ਕਿ ਅਜਿਹੇ ਟ੍ਰੇਨਿੰਗ ਪ੍ਰੋਗਰਾਮ ਸਮੇਂ ਦੀ ਜ਼ਰੂਰਤ ਹਨ। ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਅਤੇ ਮਾਸਟਰ ਟਰੇਨਰ ਡਾ. ਸੰਦੀਪ ਭੋਲਾ ਨੇ ਇਸ ਮੌਕੇ ਕਿਹਾ ਕਿ ਅੱਜਕਲ ਬੱਚੇ ਹੀ ਨਸ਼ਿਆਂ ਦਾ ਸ਼ਿਕਾਰ ਹੋਣ ਲੱਗ ਪਏ ਹਨ, ਜੋ ਕਿ ਸਮਾਜ ਲਈ ਖ਼ਤਰੇ ਦੀ ਘੰਟੀ ਹੈ। ਉਨਾਂ ਕਿਹਾ ਕਿ ਇਸ ਉਮਰੇ ਅਧਿਆਪਕ ਦੀ ਪ੍ਰੇਰਣਾ ਬਹੁਤ ਮਾਅਨੇ ਰੱਖਦੀ ਹੈ। ਉਨਾਂ ਕਿਹਾ ਕਿ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਵਿਦਿਆਰਥੀ ਦੇ ਵਿਹਾਰ ‘ਤੇ ਨਜ਼ਰ ਰੱਖਣ ਅਤੇ ਜੇਕਰ ਕੋਈ ਬਦਲਾਅ ਨਜ਼ਰ ਆਉਂਦਾ ਹੈ ਤਾਂ ਮਾਪਿਆਂ ਨੂੰ ਸੂਚਿਤ ਕਰਨ।

WRITTEN BY