ਪੰਜਾਬ ਵਿੱਚ ਖੇਤੀ ਕਰਜ਼ੇ ਦੀ ਮੁਆਫੀ ਦਾ ਮੁੱਦਾ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਕਾਂਗਰਸ ਨੇ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਕੀਤਾ ਸੀ। ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੀ ਨੂੰ ਛੇ ਮਹੀਨੇ ਦਾ ਸਮਾਂ ਬੀਤ ਗਿਆ ਹੈ, ਪ੍ਰੰਤੂ ਹਾਲੇ ਤੱਕ ਕਰਜ਼ਿਆਂ ਦੀ ਮੁਆਫੀ ਦਾ ਮੁੱਦਾ ਹੱਲ ਨਹੀਂ ਹੋ ਸਕਿਆ। ਬੇਸ਼ਕ ਪੰਜਾਬ ਸਰਕਾਰ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਕੇਂਦਰ ਸਰਕਾਰ ਇਸ ਸਬੰਧ ਵਿੱਚ ਸੂਬਾ ਸਰਕਾਰ ਨੂੰ ਕੋਈ ਸਹਿਯੋਗ ਦੇਣ ਨੂੰ ਤਿਆਰ ਨਹੀਂ। ਕਿਸਾਨਾਂ ਸਿਰ ਚੜ੍ਹੇ ਕਰਜ਼ਿਆਂ ਦੀ ਰਕਮ ਵੀ ਬਹੁਤ ਵੱਡੀ ਹੈ। ਪੰਜਾਬ ਦੇ ਮੌਜੂਦਾ ਬਜਟ ਮੁਤਾਬਿਕ ਕਰਜ਼ਿਆਂ ਦੀ ਮੁਆਫੀ ਲਈ ਫੈਸਲਾ ਲੈਣਾ ਆਰਥਿਕ ਤੌਰ ’ਤੇ ਬਹੁਤ ਹੀ ਜ਼ੋਖਮ ਭਰਿਆ ਹੈ। ਅਜਿਹੇ ਹਾਲਤਾਂ ਕਾਰਨ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਇੱਛਾ ਦੇ ਬਾਵਜੂਦ ਕਿਸਾਨੀ ਕਰਜ਼ਿਆਂ ਦੀ ਮੁਆਫੀ ਲਈ ਹਾਲੇ ਤੱਕ ਕੋਈ ਠੋਸ ਫੈਸਲਾ ਨਹੀਂ ਲੈ ਸਕੀ। ਇਸ ਅਨਿਸ਼ਚਿਤਾ ਦੇ ਚਲਦਿਆਂ ਕਰਜ਼ਈ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਿਸਾਨ ਜਥੇਬੰਦੀਆਂ ਅਤੇ ਵਿਰੋਧੀ ਧਿਰਾਂ ਵੀ ਇਸ ਮੁੱਦੇ ਉ¤ਪਰ ਅੰਦੋਲਨਕਾਰੀ ਹੋ ਰਹੀਆਂ ਹਨ। ਪੰਜਾਬ ਸਰਕਾਰ ਮੁੱਦੇ ’ਤੇ ਇਕ ਤਰ੍ਹਾਂ ਨਾਲ ਘਿਰੀ ਹੋਈ ਹੈ। ਕੁੱਝ ਵੀ ਹੋਵੇ ਕਿਸਾਨੀ ਕਰਜ਼ਿਆਂ ਦੀ ਮੁਆਫੀ ਸਬੰਧੀ ਵੱਡਾ ਫੈਸਲਾ ਲੈਣਾ ਸਮੇਂ ਦੀ ਲੋੜ ਬਣ ਗਿਆ ਹੈ। ਜੇਕਰ ਪੰਜਾਬ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਹਾਲਾਤ ਹੋਰ ਗੰਭੀਰ ਅਤੇ ਤਣਾਅਪੂਰਨ ਹੋ ਜਾਣਗੇ। ਪਿਛਲੇ ਦਿਨੀਂ ਪੰਜਾਬ ਸਰਕਾਰ ਦੀ ਵਜ਼ਾਰਤੀ ਸਬ ਕਮੇਟੀ ਅਤੇ ਛੇ ਕਿਸਾਨ ਜਥੇਬੰਦੀਆਂ ਵਿਚਾਲੇ ਹੋਈ ਬੈਠਕ ਦੌਰਾਨ ਹੋਈ ਤਲਖੀ ਇਸ ਗੱਲ ਵੱਲ ਇਸ਼ਾਰਾ ਕਰ ਰਹੀ ਹੈ। ਇਸ ਬੈਠਕ ਵਿੱਚ ਕਿਸਾਨਾਂ ਦੇ ਕਰਜ਼ਿਆਂ ਦੀ ਮੁਆਫੀ ਤੋਂ ਇਲਾਵਾ ਪਰਾਲੀ ਨੂੰ ਸਾੜਨ ਦੇ ਮੁੱਦੇ ਵੀ ਵਿਚਾਰੇ ਗਏ। ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਨੁਮਾਇੰਦੇ ਵਜੋਂ ਸ਼ਾਮਿਲ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਅਤੇ ਸ. ਮਨਪ੍ਰੀਤ ਸਿੰਘ ਬਾਦਲ ਨੂੰ ਸਪ¤ਸ਼ਟ ਸ਼ਬਦਾਂ ਵਿ¤ਚ ਆਖ ਦਿੱਤਾ ਹੈ ਕਿ ਸਰਕਾਰ ਕੀਤੇ ਵਾਅਦੇ ਨੂੰ ਪੂਰਾ ਕਰੇ ਨਹੀਂ ਤਾਂ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਪੰਜਾਬ ਸਰਕਾਰ ਕਿਸਾਨਾਂ ਤੋਂ 10 ਮਹੀਨੇ ਦਾ ਸਮਾਂ ਮੰਗ ਰਹੀ ਹੈ। ਕਹਿਣ ਦਾ ਭਾਵ ਇਹ ਹੈ ਕਿ ਸਥਿਤੀ ਲਗਾਤਾਰ ਵਿਸਫੋਟਕ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਸਲੇ ਵੱਲ ਨਿੱਜੀ ਅਤੇ ਤਰਜੀਹੀ ਅਧਾਰ ’ਤੇ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਹਾਲਾਤਾਂ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ। ਕਿਸਾਨਾਂ ਦੇ ਕਰਜ਼ਿਆਂ ਦੀ ਸਮੁੱਚੇ ਤੌਰ ’ਤੇ ਮੁਆਫੀ ਲਈ ਛੇਤੀ ਤੋਂ ਛੇਤੀ ਕੋਈ ਫੈਸਲਾ ਲਿਆ ਜਾਵੇ। ਘੱਟੋ-ਘੱਟ ਛੋਟੇ ਅਤੇ ਮੁਸ਼ਕਿਲ ਆਰਥਿਕ ਹਾਲਾਤਾਂ ਵਿੱਚੋਂ ਗੁਜ਼ਰ ਰਹੇ ਕਿਸਾਨਾਂ ਨੂੰ ਤਾਂ ਤੁਰੰਤ ਰਾਹਤ ਮਿਲਣੀ ਚਾਹੀਦੀ ਹੈ।
– ਬਲਜੀਤ ਸਿੰਘ ਬਰਾੜ



