ਚੰਡੀਗੜ੍ਹ, 20 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਨੇ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਗੁਰਦਾਸਪੁਰ ਪਾਰਲੀਮਾਨੀ ਹਲਕੇ ਵਿਚ ਅਕਾਲੀ ਦਲ ਦੇ ਆਗੂਆਂ ਖਿਲਾਫ ਝੂਠੇ ਕੇਸ ਦਰਜ ਕਰਨ ਵਿਚ ਸ਼ਾਮਲ ਡੀ ਐਸ ਪੀਜ਼ ਤੇ ਐਸ ਐਚ ਓਜ਼ ਸਮੇਤ ਪੁਲਿਸ ਅਫਸਰਾਂ ਦੇ ਤੁਰੰਤ ਤਬਾਦਲੇ ਕੀਤੇ ਜਾਣ। ਗਠਜੋੜ ਦੇ ਇਕ ਉਚ ਪੱਧਰੀ ਵਫਦ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਤੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਦੀ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ। ਵਫਦ ਵਿਚ ਸ੍ਰ ਬਲਵਿੰਦਰ ਸਿੰਘ ਭੂੰਦੜ ਮੈਂਬਰ ਪਾਰਲੀਮੈਂਟ, ਪ੍ਰੋ. Êਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਪਾਰਲੀਮੈਂਟ, ਸ੍ਰੀ ਸ਼ਵੇਤ ਮਲਿਕ ਮੈਂਬਰ ਪਾਰਲੀਮੈਂਟ, ਸ੍ਰੀ ਨਰੇਸ਼ ਗੁਜਰਾਲ ਮੈਂਬਰ ਪਾਰਲੀਮੈਂਟ, ਅਸ਼ਵਨੀ ਕੁਮਾਰ ਸਾਬਕਾ ਸੂਬਾ ਪ੍ਰਧਾਨ ਭਾਜਪਾ ਤੇ ਡਾ. ਦਲਜੀਤ ਸਿੰਘ ਚੀਮਾ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਤੇ ਬੁਲਾਰੇ ਸ਼ਾਮਲ ਸਨ।
ਵਫਦ ਨੇ ਕਮਿਸ਼ਨ ਨੂੰ ਗੁਰਦੁਆਰਾ ਛੋਟਾ ਘਲੂਘਾਰਾ ਵਿਖੇ ਵਾਪਰੀ ਘਟਨਾ ਦੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਪੁਲਿਸ ਨੇ ਪੁਲਿਸ ਥਾਣਾ ਤਿੱਬੜ ਜ਼ਿਲ੍ਹਾ ਗੁਰਦਾਸਪੁਰ ਵਿਖੇ ਐਫ ਆਈ ਆਰ ਨੰ. 58 ਮਿਤੀ 20.08.2017 ਅਤੇ ਪੁਲਿਸ ਥਾਣਾ ਭੈਣੀ ਮੀਆਂ ਖਾਨ ਜ਼ਿਲ੍ਹਾ ਗੁਰਦਾਸਪੁਰ ਵਿਖੇ ਐਫ ਆਈ ਆਰ ਨੰ. 57 ਮਿਤੀ 21.08.2017 ਦਰਜ ਕੀਤੀ ਹੈ। ਇਹਨਾਂ ਐਫ ਆਈ ਆਰਜ਼ ਦ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸ੍ਰ ਸੁੱਚਾ ਸਿੰਘ ¦ਗਾਹ, ਸਾਬਕਾ ਮੰਤਰੀ ਸ੍ਰ ਸੇਵਾ ਸਿੰਘ ਸੇਖਵਾਂ, ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਦੇਸ ਰਾਜ ਧੁੱਗਾ ਤੇ ਸ਼ੂਗਰਫੈਡ ਦੇ ਚੇਅਰਮੈਨ ਸ੍ਰ ਸੁਖਬੀਰ ਸਿੰਘ ਵਾਹਲਾ ਤੇ ਹੋਰ ਆਗੂਆਂ ਨੂੰ ਝੂਠਾ ਫਸਾਇਆ ਗਿਆ ਹੈ। ਵਫਦ ਨੇ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਡੀ ਜੀ ਪੀ ਤੋਂ ਇਹਨਾਂ ਕੇਸਾਂ ਦਾ ਰਿਕਾਰਡ ਤਲਬ ਕਰਨ ਤਾਂ ਜੋ ਐਫ ਆਈ ਆਰਜ਼ ਕਾਨੂੰਨੀ ਤੌਰ ’ਤੇ ਸਹੀ ਹੋਣ ਦੀ ਪਰਖ ਕੀਤੀ ਜਾ ਸਕੇ ਤੇ ਇਹ ਵੀ ਅਪੀਲ ਕੀਤੀ ਕਿ ਉਹ ਰਾਜ ਦੇ ਗ੍ਰਹਿ ਵਿਭਾਗ ਨੂੰ ਹਦਾਇਤ ਜਾਰੀ ਕਰਨ ਕਿ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਇਹਨਾਂ ਐਫ ਆਈ ਆਰਜ਼ ਦੇ ਤਹਿਤ ਕਿਸੇ ਨੂੰ ਗ੍ਰਿਫਤਾਰ ਨਾ ਕੀਤਾ ਜਾਵੇ। ਵਫਦ ਨੇ ਆਸ ਪ੍ਰਗਟ ਕੀਤੀ ਕਿ ਕਮਿਸ਼ਨ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰੇਗਾ ਤਾਂ ਜੋ ਨਿਆਂ, ਨਿਰਪੱਖਤਾ ਦੇ ਨਾਲ ਨਾਲ ਕਾਨੂੰਨ ਦੇ ਰਾਜ ਵਿਚ ਗੁਰਦਾਸਪੁਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਨਿਰਪੱਖ ਤੇ ਆਜ਼ਾਦਾਨਾ ਤਰੀਕੇ ਨਾਲ ਹੋਣੀ ਯਕੀਨੀ ਬਣਾਈ ਜਾ ਸਕੇ।
ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਚ ਪੱਧਰੀ ਵਫਦ ਵੱਲੋਂ ਭਾਰਤੀ ਚੋਣ ਕਮਿਸ਼ਨ ਨਾਲ ਮੁਲਾਕਾਤ



