ਸ੍ਰੀਨਗਰ, 17 ਨਵੰਬਰ (ਪੀ. ਟੀ.)-ਅਧਿਕਾਰੀਆਂ ਨੇ ਅੱਜ ਇਥੇ ਪ੍ਰਮੁੱਖ ਹੁਰੀਅਤ ਕਾਨਫਰੰਸ ਦੇ ਨੇਤਾ ਸਈਅਦ ਅਲੀ ਸ਼ਾਹ ਗਿਲਾਨੀ ਨੂੰ ਘਰ ‘ਚ ਹੀ ਨਜ਼ਰਬੰਦ ਕਰ ਦਿੱਤਾ ਹੈ। ਗਿਲਾਨੀ ਦੀ ਅਗਵਾਈ ਵਾਲੇ ਹੁਰੀਅਤ ਸਮੂਹ ਦੇ ਇਕ ਬੁਲਾਰੇ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਗਿਲਾਨੀ ਨੂੰ ਕਿਹਾ ਕਿ ਉਹ ਆਪਣੇ ਹੈਦਰਪੋਰਾ ਸਥਿਤ ਘਰ ਤੋਂ ਬਾਹਰ ਨਹੀਂ ਜਾ ਸਕਦੇ। ਇਸੇ ਸਾਲ 29 ਅਕਤੂਬਰ ਨੂੰ ਉਨ੍ਹਾਂ ਨੂੰ ਨਜ਼ਰਬੰਦੀ ਤੋਂ ਮੁਕਤ ਕੀਤੇ ਜਾਣ ਤੋਂ ਬਾਅਦ ਉਹ ਚੋਣ ਵਿਰੋਧੀ ਮੁਹਿੰਮ ਦੀ ਅਗਵਾਈ ਕਰ ਰਹੇ ਸਨ। ਉੱਤਰੀ ਕਸ਼ਮੀਰ ਦੇ ਬਾਰਾਮੁੱਲਾ ਜ਼ਿਲ੍ਹੇ ਦੇ ਪਲਹਲਾਨ ‘ਚ ਗਿਲਾਨੀ ਅੱਜ ਇਕ ਚੋਣ ਰੈਲੀ ਨੂੰ ਸੰਬੋਧਿਤ ਕਰਨ ਵਾਲੇ ਸਨ। ਪੁਲਿਸ ਸੂਤਰਾਂ ਅਨੁਸਾਰ ਸ਼ਾਂਤੀ ਵਿਵਸਥਾ ਕਾਇਮ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਸੋਮਵਾਰ ਨੂੰ ਅਗਲੀਆਂ ਸੰਭਾਵਨਾਵਾਂ ਦੇ ਬਾਰੇ ‘ਚ ਵਿਚਾਰ ਕੀਤਾ ਜਾਵੇਗਾ। ਜੰਮੂ-ਕਸ਼ਮੀਰ ‘ਚ ਸਾਲ 2014 ਵਿੱਚ ਲੋਕ ਸਭਾ ਤੇ ਰਾਜ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ।