ਡਿਪਟੀ ਕਮਿਸ਼ਨਰ ਨੂੰ ਹਕਦਾਰ ਲੋਕਾਂ ਤਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਲਈ ਆਖਿਆ
ਮੁਕੇਰੀਆਂ (ਹੁਸ਼ਿਆਰਪੁਰ)/ ਚੰਡੀਗੜ੍ਹ, 22 ਸਤੰਬਰ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਵਿਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ ਲਿਆ ਅਤੇ ਸਾਰੀਆਂ ਸਰਕਾਰੀ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਅਸਲੀ ਹਕਦਾਰਾਂ ਤਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿਤੇ।ਮੁਖ ਮੰਤਰੀ ਨੇ ਆਟਾ-ਦਾਲ ਸਕੀਮ, ਸ਼ਗਨ, ਮਨਰੇਗਾ ਤੋਂ ਇਲਾਵਾ ਜ਼ਿਲ੍ਹੇ ਵਿਚ ਲਾਭਪਾਤਰੀਆਂ ਨੂੰ ਸਮਾਜਿਕ ਸੁਰਖਿਆ ਪੈਨਸ਼ਨ ਦਾ ਭੁਗਤਾਨ ਯਕੀਨੀ ਬਣਾਉਣ ਲਈ ਸਰਕਾਰ ਦੀਆਂ ਗਰੀਬ ਪਖੀ ਪਹਿਲਕਦਮੀਆਂ ਨੂੰ ਢੁਕਵੇਂ ਢੰਗ ਨਾਲ ਲਾਗੂ ਕਰਨ ਵਾਸਤੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੂੰ ਆਖਿਆ ਹੈ।ਇਨ੍ਹਾਂ ਭਲਾਈ ਸਕੀਮਾਂ ਦੀ ਪ੍ਰਗਤੀ ਦੇ ਜਾਇਜ਼ੇ ਸਬੰਧੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁਖ ਮੰਤਰੀ ਨੇ ਜਾਅਲੀ ਲਾਭਪਾਤਰੀਆਂ ਨੂੰ ਸੂਚੀਆਂ ਵਿਚੋਂ ਬਾਹਰ ਕਢਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁਕਣ ਦੇ ਨਿਰਦੇਸ਼ ਦਿਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੜ ਪੜਤਾਲ ਦੌਰਾਨ ਕਿਸੇ ਵੀ ਜਾਇਜ਼ ਅਤੇ ਹਕਦਾਰ ਲਾਭਪਾਤਰੀ ਨੂੰ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਸਮੁਚੀ ਪ੍ਰਕ੍ਰਿਆ ਦਾ ਬੁਨਿਆਦੀ ਉਦੇਸ਼ ਸਮੁਚੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਅਤੇ ਵਿਕਾਸ ਦਾ ਲਾਭ ਹੇਠਲੇ ਪਧਰ ਉਤੇ ਲੋਕਾਂ ਨੂੰ ਮੁਹਈਆ ਕਰਵਾਉਣਾ ਹੈ।
ਝੋਨੇ ਦੀ ਖਰੀਦ ਦੇ ਮੁਦੇ ‘ਤੇ ਮੁਖ ਮੰਤਰੀ ਨੇ ਸਪਸ਼ਟ ਕੀਤਾ ਕਿ ਖਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਢਿਲ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨਿਯਮਤ ਤੌਰ ‘ਤੇ ਖਰੀਦ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਖਿਆ।
ਉਨ੍ਹਾਂ ਨੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ ਤਾਂ ਜੋ ਸਮੁਚੀ ਪ੍ਰਕ੍ਰਿਆ ਨੂੰ ਬਿਨਾਂ ਕਿਸੇ ਅੜਚਣ ਤੋਂ ਨੇਪਰੇ ਚਾੜ੍ਹਿਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਹਰ ਕੀਮਤ ਉਤੇ ਝੋਨੇ ਦਾ ਇਕ ਇਕ ਦਾਣਾ ਚੁਕਣ ਲਈ ਵਚਨਬਧ ਹੈ।
ਮੁਖ ਮੰਤਰੀ ਨੇ ਨਸ਼ੇ ਵਿਚ ਲਿਪਤ ਹੋਏ ਲੋਕਾਂ ਦਾ ਨਸ਼ਾ ਛਡਾਉਣ ਅਤੇ ਉਨ੍ਹਾਂ ਦੇ ਮੁੜ ਵਸੇਵੇ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।ਇਨ੍ਹਾਂ ਵਿਅਕਤੀਆਂ ਨੂੰ ਸਰਕਾਰ ਵਲੋਂ ਨਸ਼ਾ ਛਡਾ ਕੇ ਮੁਖ ਧਾਰਾ ਵਿਚ ਵਾਪਸ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਵਿਚ ਫਸੇ ਇਨ੍ਹਾਂ ਵਿਅਕਤੀਆਂ ਨਾਲ ਬਹੁਤ ਜ਼ਿਆਦਾ ਧਿਆਨ ਅਤੇ ਪਿਆਰ ਨਾਲ ਨਿਪਟਿਆ ਜਾਵੇ ਤਾਂ ਜੋ ਉਹ ਮਾਣ-ਸਨਮਾਣ ਵਾਲੀ ਆਮ ਜ਼ਿੰਦਗੀ ਜਿਉ ਸਕਣ।ਮੁਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਮਨਰੇਗਾ ਦੇ ਹੇਠ ਯੋਗ ਲਾਭਪਾਤਰੀਆਂ ਨੂੰ ਜੌਬ ਕਾਰਡ ਜਾਰੀ ਕਰਨ ਲਈ ਤਿਖੀ ਮੁਹਿੰਮ ਸ਼ੁਰੂ ਕਰਨ ਲਈ ਵੀ ਆਖਿਆ ਤਾਂ ਜੋ ਉਹ ਆਪਣੀ ਰੋਜ਼ੀ ਰੋਟੀ ਕਮਾਉਣ ਦੇ ਯੋਗ ਹੋ ਸਕਣ। ਕੈਪਟਨ ਅਮਰਿੰਦਰ ਸਿੰਘ ਨੇ ਮੁਕੇਰੀਆਂ ਦੇ ਛਤਰਪੁਰ ਪਿੰਡ ਦੇ ਸਰਪੰਚ ਮਨਦੀਪ ਸਿੰਘ ਦੇ ਵਿਲਖਣ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਪਿੰਡ ਵਿਚ ਮਨਰੇਗਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਹੈ।
ਵਿਚਾਰ ਚਰਚਾ ਨੂੰ ਸਮੇਟਦੇ ਹੋਏ ਮੁਖ ਮੰਤਰੀ ਨੇ ਜ਼ਿਲ੍ਹੇ ਦੇ ਵਿਕਾਸ ਲਈ ਵਖ ਵਖ ਕੇਂਦਰੀ ਸਪਾਂਸਰ ਸਕੀਮਾਂ ਨੂੰ ਸਫ਼ਲਤਾਪੂਰਨ ਢੰਗ ਨਾਲ ਲਾਗੂ ਕਰਨ ਦੇ ਵਾਸਤੇ ਅਧਿਕਾਰੀਆਂ ਨੂੰ ਜ਼ਿਲ੍ਹਾ ਹੈਡਕੁਆਟਰਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਨੇੜੇ ਦਾ ਤਾਲਮੇਲ ਬਣਾ ਕੇ ਰਖਣ ਲਈ ਆਖਿਆ ਹੈ।ਇਸ ਮੌਕੇ ਟਾਂਡਾ ਦੇ ਵਿਧਾਇਕ ਸੰਗਤ ਸਿੰਘ ਗਿਲਜ਼ਿਆਂ ਅਤੇ ਮੁਕੇਰੀਆਂ ਦੇ ਵਿਧਾਇਕ ਰਜਨੀਸ਼ ਕੁਮਾਰ ਬਬੀ ਵੀ ਮੌਜੂਦ ਸਨ।ਇਸ ਮੌਕੇ ਹਾਜ਼ਰ ਹੋਰਨਾਂ ਵਿਚ ਡਿਪਟੀ ਕਮਿਸ਼ਨਰ ਵਿਪੁਲ ਉਜਵਲ, ਇੰਸਪੈਕਟਰ ਜਨਰਲ ਪੁਲਿਸ ਅਰਪਿਤ ਸ਼ੁਕਲਾ ਅਤੇ ਐਸ.ਐਸ.ਪੀ ਜੇ. ਏਲਾਨਚੇਜ਼ੀਆਂ ਸ਼ਾਮਲ ਸਨ।



