ਬਰਨਾਲਾ, 26 ਸਤੰਬਰ (ਗਰੇਵਾਲ)-ਸਥਾਨਕ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਬਰਨਾਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਸਮੁੱਚੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਜ਼ਿਲ੍ਹਾ ਪ੍ਰਧਾਨ ਬਰਨਾਲਾ ਹਰਜੀਤ ਸਿਘ ਦੀ ਅਗਵਾਈ ਵਿਚ ਸਮੂਹ ਖਰੀਦ ਏਜੰਸੀਆਂ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਧਰਨਾ ਲਗਾਤਾਰ ਦੂਸਰੇ ਦਿਨ ਵੀ ਜਾਰੀ ਰਿਹਾ। ਸਮੂਹ ਖਰੀਦ ਏਜੰਸੀਆਂ ਦੇ ਸਟਾਫ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਮੰਗ ਪੱਤਰ ਭੇਜਿਆ ਗਿਆ। ਧਰਨੇ ਵਿਚ ਹਾਜ਼ਰ ਸਮੂਹ ਕਰਮਚਾਰੀਆਂ ਵਲੋਂ ਰੋਸ ਜਾਹਿਰ ਕੀਤਾ ਗਿਆ ਕਿ ਹਾਲੇ ਤੱਕ ਦੋਸ਼ੀਆਂ ਖਿਲਾਫ਼ ਬਣਦੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਸਮੂਹ ਜਥੇਬੰਦੀਆਂ ਵਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜਦੋਂ ਤੱਕ ਕਮਲਦੀਪ ਸਿੰਘ ਗਿੱਲ ਡੀ.ਐਫ.ਐਸ.ਓ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਵਿਜੀਲੈਂਸ ਅਧਿਕਾਰੀ ਅਤੇ ਹੋਰ ਸ਼ੈਲਰ ਮਾਲਕ ਦੋਸ਼ੀਆਂ ਖਿਲਾਫ਼ ਕਾਨੂੰਨ ਤਹਿਤ ਗ੍ਰਿਫ਼ਤਾਰ ਕਰਕੇ ਸਜ਼ਾ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਸਮੂਹ ਖਰੀਦ ਏਜੰਸੀਆਂ ਵਲੋਂ ਕੰਮ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ। ਇਸ ਮੌਕੇ ਰਿਟਾ: ਮੁਲਾਜਮ ਆਗੂ ਨਰਿੰਦਰ ਸਿੰਘ, ਸੂਬਾ ਮੁਲਾਜ਼ਮ ਆਗੂ ਕਰਮਜੀਤ ਸਿੰਘ ਬੀਹਲਾ, ਮਨਿਸਟਰੀਅਲ ਯੂਨੀਅਨ ਦੇ ਸੂਬਾ ਆਗੂ ਤਰਸੇਮ ਸਿੰਘ ਭੱਠਲ, ਜਨਰਲ ਸਕੱਤਰ ਬਲਵੰਤ ਸਿੰਘ ਭੁੱਲਰ ਆਦਿ ਨੇ ਸੰਬੋਧਨ ਕੀਤਾ।
ਦੂਜੇ ਦਿਨ ਵੀ ਇਨਸਾਫ਼ ਲਈ ਡਟੇ ਰਹੇ ਖਰੀਦ ਏਜੰਸੀਆਂ ਅਤੇ ਭਰਾਤਰੀ ਜਥੇਬੰਦੀਆਂ ਦੇ ਮੁਲਾਜ਼ਮ



