ਫਤਹਿਗੜ੍ਹ ਚੂੜੀਆਂ, 29 ਸਤੰਬਰ (ਅਰਵਿੰਦਰ ਮਠਾਰੂ)- ਗੁਰਦਾਸਪੁਰ ਦੀ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਨੂੰ ਜਿਤਉਣ ਦੀ ਅਪੀਲ ਕਰਦਿਆਂ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੂਰੇ ਹਿੰਦੋਸਤਾਨ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਹੀ ਕਿਸਾਨਾਂ ਦਾ ਦੋ ਲੱਖ ਰੁਪਏ ਦਾ ਖੇਤੀ ਕਰਜ਼ਾ ਮੁਆਫ ਕੀਤਾ ਹੈ। ਉਹ ਅੱਜ ਇਥੋਂ ਥੋੜ੍ਹੀ ਦੂਰ ਸਥਿਤ ਪਿੰਡ ਛਿਛਰੇਵਾਲ ਵਿਚ ਸੁਨੀਲ ਜਾਖੜ ਦੇ ਹੱਕ ਵਿਚ ਇੱਕ ਭਰਵੀਂ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਸ਼੍ਰੀ ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਕੀਤਾ ਆਪਣਾ ਵਾਅਦਾ ਪੁਗਾਉਂਦਿਆਂ ਕਿਸਾਨਾਂ ਦਾ ਦੋ ਲੱਖ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਫੈਸਲਾ ਕਰ ਦਿੱਤਾ ਹੈ ਅਤੇ ਹੁਣ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਹਰ ਕਿਸਾਨ ਦਾ ਦੋ ਲੱਖ ਦਾ ਕਰਜ਼ਾ ਸਰਕਾਰ ਮੋੜੇਗੀ। ਉਹਨਾਂ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਦੇ ਤਕਰੀਬਨ 11 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਅਤੇ ਗਰੀਬਾਂ ਦੀ ਸੱਚੀ ਹਮਦਰਦ ਸਰਕਾਰ ਦਸਦਿਆਂ, ਸ਼੍ਰੀ ਬਾਜਵਾ ਨੇ ਕਿਹਾ ਕਿ ਖੇਤ ਮਜ਼ਦੂਰਾਂ ਦੇ ਕਰਜ਼ੇ ਮੂਆਫ ਕਰਨ ਲਈ ਵੀ ਕਮੇਟੀ ਵਿਚਾਰ ਕਰ ਰਹੀ ਹੈ ਅਤੇ ਛੇਤੀ ਹੀ ਇਸ ਸਬੰਧੀ ਵੀ ਐਲਾਨ ਹੋ ਜਾਵੇਗਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਦੇ ਵੀ ਕਿਸਾਨਾਂ ਨੂੰ ਮੰਡੀਆਂ ਵਿਚ ਰੁੱਲਣ ਨਹੀਂ ਦਿੱਤਾ ਅਤੇ ਨਾ ਅਗਾਂਹ ਨੂੰ ਰੁਲਣ ਦੇਣਾ ਹੈ। ਸ਼੍ਰੀ ਬਾਜਵਾ ਨੇ ਇਸ ਮੌਕੇ ਉਤੇ ਬੋਲਦਿਆਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਮੁੜ ਤੋਂ ਸਰਵੇਖਣ ਕਰਵਾ ਕੇ ਹਰ ਗਰੀਬ ਅਤੇ ਲੋੜਵੰਦ ਨੂੰ ਆਟਾ-ਦਾਲ ਅਤੇ ਪੈਨਸ਼ਨਾਂ ਦੇਣ ਦੀ ਸਹੂਲਤ ਦਿੱਤੀ ਜਾਵੇਗੀ। ਉਹਨਾਂ ਦੋਸ਼ ਲਾਇਆ ਕਿ ਪਿਛਲੇ ਦਸ ਸਾਲਾਂ ਵਿਚ ਇਹ ਸਹੂਲਤ ਅਕਾਲੀ ਸਿਰਫ ਆਪਣੇ ਚਹੇਤਿਆਂ ਨੂੰ ਹੀ ਦਿੰਦੇ ਆ ਰਹੇ ਹਨ। ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਨੂੰ ਵੋਟ ਦਾ ਅਸਲ ਹੱਕਦਾਰ ਦਸਦਿਆਂ ਸ਼੍ਰੀ ਬਾਜਵਾ ਨੇ ਕਿਹਾ ਕਿ ਲੋਕ ਸਭਾ ਵਿਚ ਸੁਨੀਲ ਜਾਖੜ ਵਰਗੇ ਤਜ਼ਰਬੇਕਾਰ, ਸੂਝਵਾਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਭਾਰ ਸਕਣ ਦੇ ਸਮਰੱਥ ਆਗੂ ਹੀ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਸ ਤੋਂ ਉਲਟ ਭਾਜਪਾ ਦਾ ਉਮੀਦਵਾਰ ਸਵਰਣ ਸਲਾਰੀਆ ਬੈਂਕਾਂ ਦਾ ਡੀਫਾਲਟਰ ਅਤੇ ਲੋਕਾਂ ਦੇ ਹਿੱਤਾਂ ਨਾਲ ਖਿਲੜਾੜ ਕਰ ਕੇ ਆਪਣੀਆਂ ਤਿਜੌਰੀਆਂ ਭਰਨ ਵਾਲਾ ਸਿਰੇ ਦਾ ਮੌਕਾਪ੍ਰਸਤ ਦੇ ਖੁਦਗਰਜ਼ ਆਦਮੀ ਹੈ ਜਿਸ ਤੋਂ ਕਿਸੇ ਦੀ ਵੀ ਭਲਾਈ ਦੀ ਕੋਈ ਆਸ ਨਹੀਂ ਕੀਤੀ ਜਾ ਸਕਦੀ।
ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਦੀ ਸਖਤ ਅਲੋਚਨਾ ਕਰਦਿਆਂ, ਸ਼੍ਰੀ ਬਾਜਵਾ ਨੇ ਕਿਹਾ ਕਿ ਨੋਟਬੰਦੀ ਅਤੇ ਜੀ.ਐਸ.ਟੀ. ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦਾ ਕਚੂਮਰ ਤਾਂ ਕੱਢ ਹੀ ਦਿੱਤਾ ਹੈ ਹੁਣ ਇਸ ਦਾ ਅਸਰ ਕਿਸਾਨਾਂ ਅਤੇ ਆਮ ਲੋਕਾਂ ਉਤੇ ਵੀ ਪਵੇਗਾ। ਉਹਨਾਂ ਕਿਹਾ ਕਿ ਮੋਦੀ ਦੀਆਂ ਗਲਤ ਨੀਤੀਆਂ ਦਾ ਹੀ ਸਿੱਟਾ ਹੈ ਕਿ ਕੌਮਾਂਤਰੀ ਮੰਡੀ ਵਿਚ ਤੇਲ ਦੀਆਂ ਕੀਮਤਾਂ ਡਿੱਗਣ ਦੇ ਬਾਵਜੂਦ ਮੁਲਕ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਿੱਤ ਵੱਧ ਰਹੀਆਂ ਹਨ। ਇਸ ਚੋਣ ਰੈਲੀ ਨੂੰ ਹੋਰਨਾਂ ਤੋਂ ਬਿਨਾਂ ਬਟਾਲਾ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਕੋਟਲਾ ਭਾਮ, ਅਮਰੀਕ ਸਿੰਘ ਅਤੇ ਨਿੱਕੂ ਬਾਜਵਾ ਨੇ ਵੀ ਸੰਬੋਧਨ ਕੀਤਾ।
ਕਿਸਾਨੀ ਕਰਜ਼ਾ ਮੁਆਫ਼ ਕਰਨ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਪੂਰੇ ਦੇਸ਼ ਵਿਚ ਝੰਡੀ : ਤ੍ਰਿਪਤ ਬਾਜਵਾ



