ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ
ਨਵੀਂ ਦਿੱਲੀ, 3 ਅਕਤੂਬਰ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੂੰ ਮਿਲ ਕੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦਿਤੇ ਜਾਣ ਦੀ ਮੰਗ ਕੀਤੀ ਹੈ।
ਪਰਾਲੀ ਸਾੜਨ ਦੇ ਚਲ ਰਹੇ ਅਮਲ ਕਾਰਨ ਵਾਤਾਵਰਨ ‘ਤੇ ਪੈ ਰਹੇ ਖਤਰਨਾਕ ਪ੍ਰਭਾਵ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਮੁਖ ਮੰਤਰੀ ਨੇ ਝੋਨੇ ਦੀ ਪਰਾਲੀ ਨਾ ਸਾੜਨ ਬਦਲੇ ਕਿਸਾਨਾਂ ਨੂੰ ਇਸ ਦੇ ਪ੍ਰਬੰਧਨ ਵਾਸਤੇ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਆਪਣੀ ਮੰਗ ਦੁਹਰਾਈ ਹੈ ਤਾਂ ਜੋ ਪਰਾਲੀ ਨੂੰ ਅਗ ਲਾਉਣ ਦੇ ਚਲਣ ਨੂੰ ਰੋਕਿਆ ਜਾ ਸਕੇ। ਮੁਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਮੀਟਿੰਗ ਤੋਂ ਬਾਅਦ ਦਸਿਆ ਕਿ ਕੇਂਦਰੀ ਮੰਤਰੀ ਰਾਧਾ ਮੋਹਨ ਸਿੰਘ ਨੇ ਆਪਣੇ ਮੰਤਰਾਲੇ ਵਲੋਂ ਇਸ ਸਬੰਧ ਵਿਚ ਅਤੇ ਖੇਤੀਬਾੜੀ ਨਾਲ ਸਬੰਧਤ ਹੋਰ ਮੁਦਿਆਂ ਬਾਰੇ ਪੰਜਾਬ ਨੂੰ ਹਰ ਸਹਾਇਤਾ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਨੇ ਪਾਣੀ ਦੀ ਸਾਂਭ-ਸੰਭਾਲ ਦੇ ਵਾਸਤੇ ਵੀ ਮੁਖ ਮੰਤਰੀ ਨੂੰ ਮਦਦ ਦੇਣ ਦਾ ਭਰੋਸਾ ਦਵਾਇਆ। ਖੇਤੀਬਾੜੀ ਮੰਤਰੀ ਨੇ ਮੁਖ ਮੰਤਰੀ ਨੂੰ ਦਸਿਆ ਕਿ ਉਹ ਪਰਾਲੀ ਦੇ ਪ੍ਰਬੰਧਨ ਵਾਸਤੇ ਮੁਆਵਜ਼ਾ ਦੇਣ ਦਾ ਪੰਜਾਬ ਦਾ ਮੁਦਾ ਕੇਂਦਰੀ ਵਿਤ ਮੰਤਰੀ ਕੋਲ ਉਠਾਉਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਰਾਧਾ ਮੋਹਨ ਸਿੰਘ ਨੂੰ ਦਸਿਆ ਕਿ ਝੋਨੇ ਦੀ ਪਰਾਲੀ ਸਾੜਨ ਦੀ ਸਮਸਿਆ ਵਲ ਕੇਂਦਰ ਨੂੰ ਗੰਭੀਰ ਧਿਆਨ ਦਿਤੇ ਜਾਣ ਦੀ ਜ਼ਰੂਰਤ ਹੈ। ਇਸ ਤੋਂ ਪਹਿਲਾਂ ਵੀ ਇਹ ਮੁਦਾ ਉਠਾਏ ਜਾਣ ਦਾ ਜ਼ਿਕਰ ਕਰਦੇ ਹੋਏ ਮੁਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਰਾਹਤ ਦੇਣ ਵਾਸਤੇ ਝੋਨੇ ਦੀ ਖਰੀਦ ਸਮੇਂ 100 ਰੁਪਏ ਪ੍ਰਤੀ ਕੁਇੰਟਲ ਬੋਨਸ ਮੁਹਈਆ ਕਰਾਉਣ ਲਈ ਭਾਰਤ ਸਰਕਾਰ ਦੇ ਸਬੰਧਤ ਮੰਤਰਾਲੇ ਨੂੰ ਨਿਰਦੇਸ਼ ਦੇਣ। ਉਨ੍ਹਾਂ ਕਿਹਾ ਕਿ ਇਹ ਬੋਨਸ ਕੇਵਲ ਉਨ੍ਹਾਂ ਕਿਸਾਨਾਂ ਨੂੰ ਹੀ ਦਿਤਾ ਜਾਵੇ ਜੋ ਝੋਨੇ ਦੀ ਪਰਾਲੀ ਨੂੰ ਅਗ ਲਾਉਣ ਦੀ ਥਾਂ ਕਿਸੇ ਹੋਰ ਤਰੀਕੇ ਨਾਲ ਇਸ ਦਾ ਪ੍ਰਬੰਧਨ ਕਰਨਗੇ।ਕਿਸਾਨਾਂ ਵਲੋਂ ਪਰਾਲੀ ਨੂੰ ਅਗ ਨਾ ਲਾਏ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੂੰ ਕੇਂਦਰੀ ਗਰੀਨ ਟ੍ਰਿਬਿਊਨਲ ਵਲੋਂ ਆਏ ਦਿਸ਼ਾਂ ਨਿਰਦੇਸ਼ਾਂ ਦਾ ਜ਼ਿਕਰ ਕਰਦੇ ਹੋਏ ਮੁਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬੇ ਨੇ ਇਸ ਸਬੰਧ ਵਿਚ ਕਈ ਕਦਮ ਚੁਕੇ ਹਨ ਪਰ ਕੇਂਦਰ ਸਰਕਾਰ ਵਲੋਂ ਵੀ ਇਸ ਸਮਸਿਆ ਨੂੰ ਖਤਮ ਕਰਨ ਵਾਸਤੇ ਕਦਮ ਚੁਕੇ ਜਾਣ ਦੀ ਜ਼ਰੂਰਤ ਹੈ। ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਾਸਤੇ ਖੇਤੀਬਾੜੀ ਮਸ਼ੀਨਰੀ ਦੀ ਵਿਕਰੀ ‘ਤੇ ਸਬਸਿਡੀ ਦੇਣ ਤੋਂ ਇਲਾਵਾ ਸੂਬਾ ਸਰਕਾਰ ਵਲੋਂ ਇਸ ਸਬੰਧ ਵਿਚ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਦਸਿਆ ਕਿ ਪਰਾਲੀ ਸਾੜਨ ‘ਤੇ ਰਿਮੋਟ ਸੈਂਸਿੰਗ ਸੈਟੇਲਾਇਟ ਰਾਹੀਂ ਨਜ਼ਰ ਰਖੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਫੀਲਡ ਵਿਚ ਜਾ ਕੇ ਵੀ ਇਸ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੁਰਮਾਨਾ ਲਾਉਣਾ ਨਾ ਹੀ ਠੀਕ ਹੈ ਅਤੇ ਨਾ ਹੀ ਜਾਇਜ਼। ਉਨ੍ਹਾਂ ਕਿਹਾ ਕਿ ਸਬਸਿਡੀ ‘ਤੇ ਮੁਹਈਆ ਕਰਵਾਈ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਨਾਲ ਵੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਕਿਸਾਨਾਂ ‘ਤੇ ਪ੍ਰਤੀ ਏਕੜ 3000 ਰੁਪਏ ਦਾ ਵਿਤੀ ਬੋਝ ਪੈ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁਦੇ ‘ਤੇ ਕੇਂਦਰੀ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ ਹੈ। ਬੁਲਾਰੇ ਅਨੁਸਾਰ ਮੁਖ ਮੰਤਰੀ ਨੇ ਅੰਮ੍ਰਿਤਸਰ ਵਿਚ ਬਣਾਏ ਜਾ ਰਹੇ ਬਾਗਬਾਨੀ ਦੇ ਨੈਸ਼ਨਲ ਇੰਸਟੀਚਿਊਟ ਦੀ ਮੌਜੂਦਾ ਸਥਿਤੀ ਬਾਰੇ ਵੀ ਕੇਂਦਰੀ ਮੰਤਰੀ ਨੂੰ ਜਾਣੂੰ ਕਰਾਇਆ। ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਇਸ ਇੰਸਟੀਚਿਊਟ ਦਾ ਨੀਂਹ-ਪਥਰ ਰਖਣ ਦਾ ਸਦਾ ਦਿਤਾ ਜੋ ਇਸ ਸਾਲ ਵਿਚ ਰਖੇ ਜਾਣ ਦੀ ਸੰਭਾਵਨਾ ਹੈ।



