ਚੰਡੀਗੜ੍ਹ, 29 ਨਵੰਬਰ (ਪੀ.ਟੀ.)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਵਿਧਾਇਕ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਕਿੰਨੀ ਹੈਰਾਨੀ ਵਾਲੀ ਗੱਲ ਹੈ ਕਿ ਪਿੰਡ ਦੀ ਸ਼ਾਮਲਾਤ ਜ਼ਮੀਨ ‘ਤੇ ਕਬਜ਼ਾ ਕਰਨ ਦੇ ਮਾਮਲੇ ‘ਚ ਫਸਿਆ ਪੰਜਾਬ ਕਾਂਗਰਸ ਦਾ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ਹਾਲੇ ਵੀ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਪੰਜਾਬ ਸਰਕਾਰ ਵਿਰੁੱਧ ਕੀਤੀ ਬਿਆਨਬਾਜੀ ਬਾਰੇ ਬਾਜਵਾ ਨੂੰ ਕਰੜੇ ਹੱਥੀਂ ਲੈਂਦਿਆਂ ਡਾ. ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਦੀਆਂ ‘ਪ੍ਰਾਪਤੀਆਂ’ ਵਿਚ ਲੁੱਕ ਘੁਟਾਲਾ, ਸ਼ਾਮਲਾਟ ਦੱਬਣ, ਹਥਿਆਰ ਤਸਕਰੀ ਮੁੱਖ ਤੌਰ ‘ਤੇ ਸ਼ਾਮਿਲ ਹਨ ਅਤੇ ਅਗਲੇ ਦਿਨਾਂ ‘ਚ ਅਜਿਹੇ ਹੋਰ ਘੁਟਾਲੇ ਸਾਹਮਣੇ ਆਉਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਵਿਕਾਸ ਕੰਮਾਂ ਕਰਕੇ ਪੰਜਾਬ ਵਾਸੀਆਂ ਨੇ ਕਾਂਗਰਸ ਨੂੰ ਪਹਿਲਾਂ ਹੀ ਨਕਾਰ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਵੱਲੋਂ ਤੇਜ਼ੀ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਗਠਜੋੜ ਦੀ ਲੋਕਪ੍ਰਿਅਤਾ ਨੂੰ ਵੇਖ ਕੇ ਬਾਜਵਾ ਬੌਖਲਾ ਗਿਆ ਹੈ। ਡਾ. ਚੀਮਾ ਨੇ ਸ. ਬਾਜਵਾ ਨੂੰ ਕਿਹਾ ਕਿ ਉਹ ਇਹ ਸਪੱਸ਼ਟ ਕਰਨ ਕਿ ਇਕ ਪੰਜਾਬੀ ਹੋਣ ਦੇ ਨਾਤੇ ਉਨ੍ਹਾਂ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਤੋਂ ਪੰਜਾਬ ਤੇ ਵਿਸ਼ੇਸ਼ ਕਰਕੇ ਮਾਝਾ ਖੇਤਰ ਜਿਸ ਦੀ ਉਹ ਸਾਂਸਦ ਵਜੋਂ ਪ੍ਰਤੀਨਿਧਤਾ ਕਰਦੇ ਹਨ, ਲਈ ਕਦੇ ਵੀ ਕਿਸੇ ਆਰਥਿਕ ਪੈਕੇਜ਼ ਦੀ ਮੰਗ ਕਿਉਂ ਨਹੀਂ ਕੀਤੀ? ਉਨ੍ਹਾਂ ਕਿਹਾ ਕਿ ਬਾਜਵਾ ਖੁਦ ਵੀ ਜਾਣਦੇ ਹਨ ਕਿ ਉਹ ਸੰਸਦ ਮੈਂਬਰ ਵਜੋਂ ਆਪਣੀ ਡਿਊਟੀ ਨਿਭਾ ਉਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੇ ਹਨ। ਡਾ. ਚੀਮਾ ਨੇ ਸ. ਬਾਜਵਾ ਨੂੰ ਸਲਾਹ ਦਿੱਤੀ ਕਿ ਹੁਣ ਜਦ ਕਾਂਗਰਸ ਦੇਸ਼ ਦੇ ਸਿਆਸੀ ਨਕਸ਼ੇ ਤੋਂ ਲਾਂਭੇ ਹੋਣ ਜਾ ਰਹੀ ਹੈ ਤਾਂ ਪੰਜਾਬ ਕਾਂਗਰਸ ਪ੍ਰਧਾਨ ਹੈਂਕੜ ਛੱਡ ਦੇਣ। ਉਨ੍ਹਾਂ ਕਿਹਾ ਕਿ ਸ. ਬਾਜਵਾ ਪਹਿਲਾਂ ਆਪਣੇ ਘਰ ਵੱਲ ਧਿਆਨ ਦੇਣ ਕਿਉਂ ਜੋ ਵਿਧਾਨ ਸਭਾ ਸ਼ੈਸ਼ਨ ਦੌਰਾਨ ਕਾਂਗਰਸ ਵਿਧਾਇਕ ਦਲ ਦੇ ਨੇਤਾ ਸ੍ਰੀ ਸੁਨੀਲ ਜਾਖੜ ਵੀ ਸ਼ਾਮਲਾਟ ਘੁਟਾਲੇ ਦੀ ਜਾਂਚ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਾਮਲਾਟਾਂ ਨੂੰ ਗੈਰਕਾਨੂੰਨੀ ਕਬਜ਼ਿਆਂ ਤੋਂ ਬਚਾਉਣ ਲਈ ਵਚਨਬੱਧ ਹੈ।