Skip to content
Independent perspectives. Global stories.
BREAKING

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ

Share this story

ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਅਲੌਕਿਕ ਜਲੌ ਤੇ ਦੀਪਮਾਲਾ ਰਹੀ ਵਿਸ਼ੇਸ਼ ਖਿੱਚ ਦਾ ਕੇਂਦਰ

ਅੰਮ੍ਰਿਤਸਰ, 7 ਅਕਤੂਬਰ- ਸਿੱਖ ਧਰਮ ਦੇ ਚੌਥੇ ਗੁਰੂ ਅਤੇ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਦੌਰਾਨ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਲਗਾਤਾਰ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਕੌਮ ਦੇ ਮਹਾਨ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਅਤੇ ਮੁੰਬਈ ਦੀਆਂ ਸੰਗਤਾਂ ਵੱਲੋਂ ਕੀਤੀ ਗਈ ਫੁੱਲਾਂ ਦੀ ਸਜਾਵਟ ਵੀ ਆਕਰਸ਼ਣ ਦਾ ਕੇਂਦਰ ਰਹੀ। ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਅਤੇ ਸੇਵਾ ਕਰਨ ਵਾਲੀਆਂ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਿੱਖੀ ਦਾ ਫਲਸਫਾ ਹੀ ਸਰਬ ਸਾਂਝੀਵਾਲਤਾ ਦਾ ਪ੍ਰਤੀਕ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਬਿਜੈ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਲੱਖਣ ਸਿੰਘ ਮੈਨੇਜਰ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਆਦਿ ਮੌਜੂਦ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਕੀਤੇ ਪ੍ਰਬੰਧਾਂ ਤੇ ਤਿਆਰੀਆਂ ਦੀ ਗੱਲ ਕਰੀਏ ਤਾਂ ਸਥਾਨਕ ਸੰਗਤਾਂ ਦੀ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਸਥਾਵਾਂ, ਸਭਾ ਸੁਸਾਇਟੀਆਂ, ਸ੍ਰੀ ਦਰਬਾਰ ਸਾਹਿਬ ਸਮੂਹ ਦੇ ਆਸਪਾਸ ਦੇ ਘਰਾਂ, ਦੁਕਾਨਦਾਰਾਂ, ਹੋਟਲਾਂ ਅਤੇ ਰੇਹੜੀਆਂ-ਫੜੀਆਂ ਵਾਲਿਆਂ ਤੱਕ ਨੂੰ ਸੱਦਾ ਪੱਤਰਾਂ ਦੇ ਨਾਲ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ।

WRITTEN BY