ਬਟਾਲਾ, 9 ਅਕਤੂਬਰ (ਰਾਜੂ ਖਹਿਰਾ, ਅਰਵਿੰਦਰ ਮਠਾਰੂ)– ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੱਢਿਆ ਗਿਆ ਵਿਸ਼ਾਲ ਰੋਡ ਸ਼ੋਅ ਫਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਵਰਕਰਾਂ ਅਤੇ ਵੋਟਰਾਂ ਵਿੱਚ ਨਵਾਂ ਉਤਸ਼ਾਹ ਅਤੇ ਜੋਸ਼ ਭਰ ਗਿਆ। ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਸਮੇਤ ਜਦੋਂ ਫਤਿਹਗੜ੍ਹ ਚੂੜੀਆਂ ਹਲਕੇ ਵਿੱਚ ਦਾਖਲ ਹੋਏ ਤਾਂ ਸੜਕ ਦੇ ਦੋਹੀਂ ਪਾਸੀਂ ਖੜ੍ਹੇ ਪਾਰਟੀ ਵਰਕਰਾਂ ਅਤੇ ਵੱਡੀ ਗਿਣਤੀ ’ਚ ਇਕੱਠੇ ਹੋਏ ਆਮ ਲੋਕਾਂ ਨੇ ਕਾਂਗਰਸ ਜ਼ਿੰਦਾਬਾਦ ਅਤੇ ਕੈਪਟਨ ਅਮਰਿੰਦਰ ਸਿੰਘ ਜ਼ਿੰਦਾਬਾਦ ਦੇ ਅਕਾਸ਼ ਗੂੰਜਾਊ ਨਾਹਰਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਰੋਡ ਸ਼ੋਅ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਬੱਸ ਦੀ ਛੱਤ ਉਪਰੋਂ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਹਿਲਾ ਕੇ ਲੋਕਾਂ ਦਾ ਪਿਆਰ ਅਤੇ ਸ਼ੁਭ ਕਾਮਨਾਵਾਂ ਕਬੂਲੀਆਂ। ਹਲਕੇ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਰੋਡ ਸ਼ੋਅ ਦਾ ਸਵਾਗਤ ਬਟਾਲਾ ਅੰਮ੍ਰਿਤਸਰ ਸੜਕ ਉ¤ਤੇ ਆਪਣੇ ਹਲਕੇ ਵਿੱਚ ਪਹੁੰਚਣ ਉਤੇ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ, ਰਵੀਨੰਦਨ ਸਿੰਘ ਬਾਜਵਾ, ਸਾਬਕਾ ਮੰਤਰੀ ਹੰਸਰਾਜ ਜੋਸਨ, ਸਾਬਕਾ ਪਾਰਲੀਮਾਨੀ ਸਕੱਤਰ ਮਹਿੰਦਰ ਰਿਣਵਾ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਕੈਪਟਨ ਦੇ ਰੋਡ ਸ਼ੋਅ ਨੇ ਕਾਂਗਰਸੀ ਵਰਕਰਾਂ ਅਤੇ ਵੋਟਰਾਂ ’ਚ ਜੋਸ਼ ਭਰਿਆ



