Skip to content
Independent perspectives. Global stories.
BREAKING

ਅੰਤਲੇ ਸਾਹਾਂ ‘ਤੇ ਕਾਂਗਰਸ ਦੀ ਸਿਆਸੀ ਮੌਤ ਤੈਅ : ਸੁਖਬੀਰ ਬਾਦਲ

Share this story

ਮਾਨਸਾ, 16 ਦਸੰਬਰ (ਜਸਪਾਲ ਹੀਰੇਵਾਲਾ)- ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਸੱਤਾ ‘ਤੇ ਕਾਬਜ ਲੋਕ ਵਿਰੋਧੀ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਦੇ ਦਿਨ ਪੁਗ ਗਏ ਹਨ ਅਤੇ ਅੰਤਲੇ ਸਾਹਾਂ ‘ਤੇ ਪੁੱਜ ਚੁੱਕੀ ਇਸ ਕਾਂਗਰਸੀ ਸਰਕਾਰ ਦੀ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਸਿਆਸੀ ਮੌਤ ਤੈਅ ਹੈ। ਸ੍ਰ. ਬਾਦਲ ਨੇ ਕਿਹਾ ਕਿ ਹੁਣੇ-ਹੁਣੇ ਆਏ ਸੂਬਿਆਂ ਦੇ ਵਿਧਾਨ ਸਭਾ ਨਤੀਜਿਆਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਦੇਸ਼ ਵਿਚ ਕਾਂਗਰਸ ਦਾ ਕੋਈ ਭਵਿੱਖ ਨਹੀਂ ਅਤੇ ਹੁਣ ਲੋਕ ਸਭਾ ਚੋਣਾਂ ਵਿਚ ਵੀ ਇਸਨੂੰ ਮੂੰਹ ਦੀ ਖਾਣੀ ਪਵੇਗੀ। ਉਨ੍ਹਾਂ ਕਿਹਾ ਕਿ ਅਖੌਤੀ ਤੌਰ ‘ਤੇ ਆਪਣੇ-ਆਪ ਨੂੰ ਆਮ ਲੋਕਾਂ ਦੀ ਸਰਕਾਰ ਕਹਾਉਣ ਵਾਲੀ ਕਾਂਗਰਸ ਸਰਕਾਰ ਨੇ ਅਸਲ ਵਿਚ ਆਮ ਲੋਕਾਂ ਅਤੇ ਦੇਸ਼ ਦੇ ਹਿੱਤ ਲਈ ਕੁਝ ਵੀ ਨਹੀਂ ਕੀਤਾ, ਜਿਸ ਕਰਕੇ ਕਈ ਸੂਬਿਆਂ ਸਮੇਤ ਕਾਂਗਰਸ ਦੇ ਸਿਆਸੀ ਕਿਲੇ ਦਿੱਲੀ ਵਿਚ ਵੀ ਵੋਟਰਾਂ ਨੇ ਇਸ ਪਾਰਟੀ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਭਿਆਨਕ ਭ੍ਰਿਸ਼ਟਾਚਾਰ, ਮਹਿੰਗਾਈ, ਗਰੀਬੀ ਅਤੇ ਬੇਰੁਜ਼ਗਾਰੀ ਦੇ ਕਲੰਕਾਂ ਤੋਂ ਇਲਾਵਾ ਇਸ ਸਰਕਾਰ ਨੇ ਕੁਝ ਨਹੀਂ ਦਿੱਤਾ ਅਤੇ ਹੁਣ ਲੋਕ ਸਭਾ ਚੋਣਾਂ ਵਿਚ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਸ਼੍ਰੀ ਨਰਿੰਦਰ ਮੋਦੀ ਦੇ ਜਾਦੂ ਅੱਗੇ ਇਹ ਲੋਕ ਵਿਰੋਧੀ ਸਰਕਾਰ ਬੁਰੀ ਤਰ੍ਹਾਂ ਖਿੰਡ-ਪੁੰਡ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਦੇਸ਼ ਦਾ ਕੁਝ ਨਹੀਂ ਸਵਾਰਿਆ, ਪਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵਿਕਾਸ ਦੀਆਂ ਲੀਹਾਂ ‘ਤੇ ਪਾਇਆ ਗਿਆ ਹੈ। ਉਹ ਮਾਨਸਾ ਵਿਖੇ ਸੰਗਤ ਦਰਸ਼ਨ ਦੌਰਾਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰ. ਬਾਦਲ ਨੇ ਕਿਹਾ ਕਿ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਜਿੱਥੇ ਪੰਜਾਬ ਸਰਕਾਰ ਨੇ ਮਾਨਸਾ ਨੂੰ ਇਕ ਲੜਕੀਆਂ ਦਾ ਕਾਲਜ ਦਿੱਤਾ ਹੈ, ਉਥੇ ਜਲਦੀ ਆਧੁਨਿਕ ਸਹੂਲਤਾਂ ਨਾਲ ਲੈਸ ਹਸਪਤਾਲ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਨਵਰੀ ਦੇ ਅਖੀਰ ਤੱਕ ਮਾਨਸਾ ਵਿਚ 100 ਫ਼ੀਸਦੀ ਮੁਕੰਮਲ ਸੀਵਰੇਜ ਨੈਟਵਰਕ ਹੋਵੇਗਾ। ਉਨ੍ਹਾਂ ਸੀਵਰੇਜ ਸਮੱਸਿਆ ਦਾ ਗੰਭੀਰ ਨੋਟਿਸ ਲੈਂਦਿਆਂ ਵਿਭਾਗ ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀ ਡੀ.ਕੇ. ਤਿਵਾੜੀ ਨੂੰ ਹਦਾਇਤ ਕੀਤੀ ਕਿ ਮਾਨਸਾ ਵਿਖੇ ਤੁਰੰਤ ਇਕ ਪੱਕਾ ਅਫ਼ਸਰ ਤਾਇਨਾਤ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਮੱਸਿਆ ਦਾ ਨਿਬੇੜਾ ਕਰਨ ਉਪਰੰਤ ਕੌਂਸਲਰਾਂ ਦੇ ਹਸਤਾਖ਼ਰਾਂ ਸਮੇਤ ਰਿਪੋਰਟ ਤੁਰੰਤ ਸੌਂਪੀ ਜਾਵੇ। ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੂਬਿਆਂ ਵਿਚੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਹੁਣ ਲੋਕ ਸਭਾ ਚੋਣਾਂ ਵਿਚ ਵੀ ਕਾਂਗਰਸ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਅਗਲੀ ਸਰਕਾਰ ਐਨ.ਡੀ.ਏ ਦੀ ਬਣੇਗੀ, ਜੋ ਆਮ ਲੋਕਾਂ ਅਤੇ ਦੇਸ਼ ਦੇ ਹਿੱਤ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਸੂਬੇ ਦੇ ਚਹੁੰਮੁਖੀ ਵਿਕਾਸ ਵਿਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦਾ ਕਿਹਾ ਕਿ ਵਿਕਾਸ ਦੀ ਲਹਿਰ ਲਈ ਆਮ ਜਨਤਾ, ਅਧਿਕਾਰੀ ਅਤੇ ਲੋਕਲ ਲੀਡਰਸ਼ਿਪ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ, ਇਸ ਲਈ ਇਕ ਦੂਜੇ ਨਾਲ ਸਹਿਯੋਗ ਕਰਕੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣ। ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਸੰਗਤ ਦਰਸ਼ਨ ਦੌਰਾਨ ਮਾਨਸਾ ਸ਼ਹਿਰ ਦੇ 21 ਵਾਰਡਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਵੀ ਮੌਕੇ ‘ਤੇ ਹੱਲ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਜਿੱਥੇ ਸ਼ਹਿਰ ਦੇ ਸੀਵਰੇਜ ਦਾ ਪਾਣੀ ਟਰੀਟ ਕਰਨ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ, ਉਥੇ 50 ਲੱਖ ਦੀ ਲਾਗਤ ਵਾਲੇ ਮਾਨਸਾ ਦੇ ਬੱਸ ਅੱਡੇ ਨੂੰ ਨਵਿਆਉਣ ਦਾ ਨੀਂਹ ਪੱਥਰ ਰੱਖਿਆ।

WRITTEN BY