ਗੁਰਦਾਸਪੁਰ ਦੇ ਲੋਕਾਂ ਨੇ ਇਕ ਵਾਰ ਫ਼ਿਰ ਕੈਪਟਨ ਅਮਰਿੰਦਰ ਸਿੰਘ ਦੇ ਹੱਕ ’ਚ ਦਿੱਤਾ ਫ਼ਤਵਾ

ਫਤਿਹਗੜ੍ਹ ਚੂੜੀਆਂ ਹਲਕੇ ਦੇ ਲੋਕਾਂ ਨੇ ਕਾਂਗਰਸ ਨੂੰ 33 ਹਜ਼ਾਰ ਵੋਟਾਂ ਨਾਲ ਜਿਤਾ ਕੇ ਨਵਾਂ ਇਤਿਹਾਸ ਸਿਰਜਿਆ
ਬਟਾਲਾ, 15 ਅਕਤੂਬਰ (ੁਅਰਵਿੰਦਰ ਸਿੰਘ ਮਠਾਰੂ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਹੈ ਕਿ ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੀ ਹੋਈ ਹੂੰਝਾ ਫੇਰ ਜਿੱਤ ਨੇ ਕੇਂਦਰ ਵਿਚ ਚੱਲ ਰਹੀ ਮੋਦੀ ਦੀ ਤਾਨਾਸ਼ਾਹ ਸਰਕਾਰ ਦੇ ਅੰਤ ਦਾ ਮੁੱਢ ਬੰਨ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੇ ਨੋਟਬੰਦੀ ਅਤੇ ਜੀ.ਐੱਸ.ਟੀ. ਵਰਗੇ ਤਾਨਾਸ਼ਾਹੀ ਫ਼ੈਸਲਿਆਂ ਤੋਂ ਬਾਅਦ ਮੁਲਕ ਵਿਚ ਇਹ ਪਹਿਲੀ ਚੋਣ ਸੀ ਅਤੇ ਇਸ ਵਿਚ ਕਾਂਗਰਸ ਦੀ ਹੋਈ ਇਤਿਹਾਸਕ ਜਿੱਤ ਨੇ ਮੁਲਕ ਅੰਦਰ ਭਵਿੱਖ ਵਿਚ ਹੋਣ ਵਾਲੀਆਂ ਚੋਣਾਂ ਵਿਚ ਭਾਜਪਾ ਦਾ ਸਫਾਇਆ ਕਰਨ ਦਾ ਮਾਹੌਲ ਸਿਰਜ ਦੇਣਾ ਹੈ। ਬਾਜਵਾ ਨੇ ਕਿਹਾ ਕਿ ਇਸ ਚੋਣ ਨਤੀਜੇ ਨੇ ਵੱਡੇ-ਵੱਡੇ ਦਾਅਵੇ ਕਰਨ ਅਤੇ ਫ਼ੋਕੀਆਂ ਗੱਲਾਂ ਕਰਨ ਵਾਲੀ ਆਮ ਆਦਮੀ ਪਾਰਟੀ ਦਾ ਪੰਜਾਬ ਵਿਚੋਂ ਪੂਰੀ ਤਰ੍ਹਾਂ ਭੋਗ ਪਾ ਕੇ ਇਸਦੇ ਨਵੇਂ ਬਣੇ ਆਗੂਆਂ ਭਗਵੰਤ ਸਿੰਘ ਮਾਨ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਸ਼ਪੱਸ਼ਟ ਸੁਨੇਹਾ ਦੇ ਦਿੱਤਾ ਹੈ ਕਿ ਲੋਕਾਂ ਨੂੰ ਉਨ੍ਹਾਂ ਉੱਤੇ ਭੋਰਾ ਵੀ ਵਿਸ਼ਵਾਸ਼ ਨਹੀਂ ਹੈ। ਪੰਚਾਇਤ ੍ਯਮੰਤਰੀ ਨੇ ਆਪਣੇ ਹਲਕੇ ਫਤਿਹਗੜ੍ਹ ਚੂੜੀਆਂ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ 33 ਹਜ਼ਾਰ ਵੋਟਾਂ ਦੇ ਵੱਡੇ ਫ਼ਰਕ ਨਾਲ ਕਾਂਗਰਸ ਪਾਰਟੀ ਨੂੰ ਜਿਤਾ ਕੇ ਇਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ, ਜਿਸ ਤੋਂ ਨਿਰਮਲ ਸਿੰਘ ਕਾਹਲੋਂ ਅਤੇ ਲੋਕਾਂ ਨਾਲ ਧੱਕੇਸ਼ਾਹੀਆਂ ਕਰਵਾਉਣ ਵਾਲੇ ਉਸਦੇ ਪੁੱਤਰ ਰਵੀਕਰਨ ਕਾਹਲੋਂ ਨੂੰ ਸਬਕ ਸਿੱਖ ਲੈਣਾ ਚਾਹੀਦਾ ਹੈ ਕਿ ਲੋਕਾਂ ਨੂੰ ਡਰਾ ਧਮਕਾ ਕੇ ਵੋਟਾਂ ਹਾਸਲ ਨਹੀਂ ਕੀਤੀਆਂ ਜਾ ਸਕਦੀਆਂ।



