ਫਤਿਹਗੜ੍ਹ ਪੰਜਤੂਰ (ਮੋਗਾ), 16 ਦਸੰਬਰ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਭਾਜਪਾ ਦੇ ਸੀਨੀਅਰ ਨੇਤਾ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ ਕਰਾਰ ਦਿੰਦਿਆਂ ਆਖਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) ਦੀ ਸਰਕਾਰ ਬਣਨ ‘ਤੇ ਸੂਬੇ ਵਿੱਚ ਲਾਮਿਸਾਲ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਦਾ ਨਵਾਂ ਅਧਿਆਏ ਸਿਰਜਿਆ ਜਾਵੇਗਾ।
ਅੱਜ ਇੱਥੇ ਧਰਮਕੋਟ ਵਿਧਾਨ ਸਭਾ ਹਲਕੇ ਵਿਚ ਸੰਗਤ ਦਰਸ਼ਨ ਪ੍ਰੋਗਰਾਮ ਦੇ ਪਹਿਲੇ ਦਿਨ ਪੰਚਾਇਤਾਂ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦੀਆਂ ਲੋਕ ਵਿਰੋਧੀ ਅਤੇ ਤਰਕਹੀਣ ਨੀਤੀਆਂ ਨਾਲ ਨਾ ਸਿਰਫ ਦੇਸ਼ ਦੀ ਤਰੱਕੀ ਵਿੱਚ ਖੜ੍ਹੋਤ ਆਈ, ਸਗੋਂ ਸੂਬੇ ਦੇ ਵਿਕਾਸ ‘ਤੇ ਵੀ ਬਹੁਤ ਬੁਰਾ ਅਸਰ ਪਿਆ ਹੈ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਦਾ ਪੰਜਾਬ ਵਾਸੀਆਂ ਨੂੰ ਬਹੁਤ ਵੱਡਾ ਖਮਿਆਜ਼ਾ ਭੁਗਤਣਾ ਪਿਆ ਹੈ ਜਿਸ ਨਾਲ ਸੂਬੇ ਦੇ ਹਿੱਤਾਂ ਨੂੰ ਬੁਰੀ ਤਰ੍ਹਾਂ ਢਾਹ ਲੱਗੀ ਹੈ। ਸ. ਬਾਦਲ ਨੇ ਕਿਹਾ ਕਿ ਕੇਂਦਰ ਵਿੱਚ ਐਨ.ਡੀ.ਏ. ਦੀ ਸਰਕਾਰ ਬਣਨ ਨਾਲ ਤਸਵੀਰ ਬਿਲਕੁਲ ਹੀ ਬਦਲ ਜਾਵੇਗੀ ਜਿਸ ਨਾਲ ਪੰਜਾਬ ਤਰੱਕੀ ਦੀਆਂ ਹੋਰ ਉਚੀਆਂ ਬੁਲੰਦੀਆਂ ਛੂਹੇਗਾ।
ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਐਲਾਨਣਾ ਚਾਹੀਦਾ ਹੈ ਤਾਂ ਕਿ ਦੇਸ਼ ਵਾਸੀ ਸਾਰੇ ਉਮੀਦਵਾਰਾਂ ਵਿੱਚੋਂ ਆਪਣੀ ਪਸੰਦ ਦਾ ਉਮੀਦਵਾਰ ਚੁਣ ਲੈਣ ਕਿ ਦੇਸ਼ ਦੀ ਵਾਗਡੋਰ ਕਿਸ ਦੇ ਹੱਥ ਦੇਣੀ ਹੈ। ਉਨ੍ਹਾਂ ਆਖਿਆ ਕਿ ਲੋਕ ਸਭਾ ਚੋਣਾਂ ਸਿਰਫ ਪਾਰਟੀ ਦੀ ਪਸੰਦ ਤੱਕ ਹੀ ਮਹਿਦੂਦ ਨਹੀਂ ਹੋਣਗੀਆਂ ਸਗੋਂ ਲੀਡਰ ਦੇ ਹੱਕ ਵਿੱਚ ਫਤਵਾ ਹੋਵੇਗਾ। ਸ. ਬਾਦਲ ਨੇ ਆਖਿਆ,”ਕਾਂਗਰਸ ਪਾਰਟੀ ਨੂੰ ਹਿਚਕਚਾਉਣ ਦੀ ਬਜਾਏ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ ਤਾਂ ਕਿ ਦੇਸ਼ ਦੀ ਵਾਗਡੋਰ ਸੰਭਾਲਣ ਵਾਲੇ ਆਗੂ ਦੇ ਗੁਣਾਂ ਦੀ ਪਰਖ ਕੀਤੀ ਜਾ ਸਕੇ।
ਅਗਾਮੀ ਲੋਕ ਸਭਾ ਚੋਣਾਂ ਦੌਰਾਨ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਹੂੰਝਾ-ਫੇਰ ਜਿੱਤ ਲਈ ਦ੍ਰਿੜਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਗੱਠਜੋੜ ਵੱਲੋਂ ਵਿਕਾਸ, ਅਮਨ-ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੇ ਮੁੱਦੇ ‘ਤੇ ਚੋਣਾਂ ਲੜੀਆਂ ਜਾਣਗੀਆਂ। ਸ਼੍ਰੋਮਣੀ ਅਕਾਲੀ ਦਲ ਦੀ ਵਾਰ-ਵਾਰ ਵੱਡੀ ਜਿੱਤ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਆਖਿਆ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਤਿੰਨ ਸੀਟਾਂ ਜਿਤਾ ਕੇ ਲੋਕਾਂ ਨੇ ਸਾਡੀਆਂ ਉਸਾਰੂ ਤੇ ਸਿੱਟਾਮੁਖੀ ਨੀਤੀਆਂ ‘ਤੇ ਮੋਹਰ ਲਾਈ ਹੈ। ਉਨ੍ਹਾਂ ਆਖਿਆ ਕਿ ਚਾਰ ਸੀਟਾਂ ਵਿੱਚੋਂ ਤਿੰਨ ਸੀਟਾਂ ਜਿੱਤਣ ਨਾਲ ਪਾਰਟੀ ਦੀ ਮਕਬੂਲੀਅਤ ਵਿੱਚ ਇਜ਼ਾਫਾ ਹੋਇਆ ਹੈ ਜੋ ਲੋਕਾਂ ਵਿੱਚ ਸਾਡੀ ਭਰੋਸੇਯੋਗਤਾ ਨੂੰ ਦਰਸਾਉਂਦੀ ਹੈ। ਕਈ ਪਿੰਡਾਂ ਵਿੱਚ ਪੰਚਾਇਤਾਂ ਦੀ ਖਾਲੀ ਪਈ ਜ਼ਮੀਨ ਦੀ ਵਰਤੋਂ ਕਰਕੇ ਆਮਦਨ ਵਧਾਉਣ ਦੇ ਮੰਤਵ ਨਾਲ Îਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਟਿਊਬਵੈਲ ਕੁਨੈਕਸ਼ਨ ਦੀ ਸਹੂਲਤ ਦਾ ਫੌਰੀ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਸਰਕਾਰ ਵੱਲੋਂ ਇਕ ਨਵੀਂ ਨੀਤੀ ਬਣਾਈ ਗਈ ਹੈ ਜਿਸ ਤਹਿਤ ਪੰਚਾਇਤੀ ਜ਼ਮੀਨ ਪੱਧਰੀ ਕਰਨ ਲਈ ਸਹਾਇਤ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਕਿ ਇਸ ਦੀ ਢੁਕਵੀਂ ਵਰਤੋਂ ਕੀਤੀ ਜਾ ਸਕੇ। ਸੰਗਤ ਦਰਸ਼ਨ ਪ੍ਰੋਗਰਾਮ ਦੀ ਮਹੱਤਤਾ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਤਰੱਕੀ ਵਿੱਚ ਸਹਾਈ ਹੋਣ ਨਾਲ-ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਪੁਲ ਦਾ ਕੰਮ ਕਰਦੇ ਹਨ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਸੰਗਤ ਦਰਸ਼ਨ ਪ੍ਰੋਗਰਾਮ ਰਾਹੀਂ ਸਰਕਾਰ ਲੋਕਾਂ ਦੇ ਦਰ ‘ਤੇ ਜਾਂਦੀ ਹੈ ਜਿਸ ਨਾਲ ਲੋਕਾਂ ਅਤੇ ਪ੍ਰਸ਼ਸਾਨ ਦਰਮਿਆਨ ਦੂਰੀਆਂ ਮਿਟਦੀਆਂ ਹਨ। ਸ. ਬਾਦਲ ਨੇ ਕਿਹਾ ਕਿ ਸੰਗਤ ਦਰਸ਼ਨ ਪ੍ਰੋਗਰਾਮ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਦੇ ਨਾਲ ਨਾਲ ਵਿਭਾਗਾਂ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਕਰਨ ਦਾ ਸਹੀ ਮੰਚ ਪ੍ਰਦਾਨ ਕਰਦਾ ਹੈ। ਇਸ ਮਗਰੋਂ ਮੁੱਖ ਮੰਤਰੀ ਨੇ ਕੋਟ ਈਸੇ ਖਾਂ ਵਿਖੇ ਬਣਨ ਵਾਲੇ ਸਬ-ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਤੇ ਹਲਕਾ ਵਿਧਾਇਕ ਜਥੇਦਾਰ ਤੋਤਾ ਸਿੰਘ ਨੇ ਮੁੱਖ ਮੰਤਰੀ ਨੂੰ ਜੀ ਆਇਆਂ ਆਖਦਿਆਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਸਾਬਕਾ ਲੋਕ ਸਭਾ ਮੈਂਬਰ ਸ. ਕੇਵਲ ਸਿੰਘ, ਯੂਥ ਅਕਾਲੀ ਆਗੂ ਸ. ਬਰਜਿੰਦਰ ਸਿੰਘ ਬਰਾੜ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗੁਰਕੀਰਤ ਕ੍ਰਿਪਾਲ ਸਿੰਘ ਤੇ ਡਿਪਟੀ ਕਮਿਸ਼ਨਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਹਾਜ਼ਰ ਸਨ।