ਲੋਕਾਂ ਨੂੰ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ ਦੀ ਅਪੀਲ
ਜਲੰਧਰ 23 ਅਕਤੂਬਰ 2017 – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਣ ਅਧਿਕਾਰਤ ਜਥੇਬੰਦੀਆਂ ,ਗੈਰ ਸਰਕਾਰੀ ਸੰਗਠਨਾਂ ਜਾਂ ਵਿਅਕਤੀ ਵਿਸ਼ੇਸ਼ ਵਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਯੋਜਨਾ ਦੇ ਨਾਮ ’ਤੇ ਜਾਅਲੀ ਫਾਰਮ ਵੇਚੇ ਜਾਣ ਤੋਂ ਸੁਚੇਤ ਰਹਿਣ ਅਤੇ ਅਜਿਹੇ ਮਾਮਲਿਆਂ ਵਿੱਚ ਕਿਸੇ ਨਾਲ ਵੀ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ। ਡਿਪਟੀ ਕਮਿਸ਼ਨਰ ਵਲੋਂ ਜਾਰੀ ਅਪੀਲ ਰਾਹੀਂ ਇਹ ਵੀ ਦੱਸਿਆ ਗਿਆ ਹੈ ਕਿ ਪ੍ਰਸਾਸ਼ਨ ਦੇ ਧਿਆਨ ਵਿੱਚ ਕੁਝ ਸੰਗਠਨਾਂ ਵਲੋਂ ਇਹ ਗਲਤ ਪ੍ਰਚਾਰ ਕਰਕੇ ਜਾਅਲੀ ਬਿਨੈ ਫਾਰਮ ਵੇਚੇ ਜਾ ਰਹੇ ਹਨ ਕਿ 8 ਤੋਂ 32 ਸਾਲ ਦੀਆਂ ਲੜਕੀਆਂ ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ , ਭਾਰਤ ਸਰਕਾਰ ਵਲੋਂ ਨਗਦ ਸਹਾਇਤਾ ਪ੍ਰਦਾਨ ਕੀਤੀ ਜਾਣੀ ਹੈ । ਉਨ੍ਹਾਂ ਕਿਹਾ ਕਿ ਬੇਟੀ ਬਚਾਓ,ਬੇਟੀ ਪੜ੍ਹਾਓ ਯੋਜਨਾ ਤਹਿਤ ਕਿਸੇ ਵੀ ਤਰ੍ਹਾਂ ਦੇ ਨਗਦ ਸਹਾਇਤਾ ਪ੍ਰਦਾਨ ਕਰਨ ਦੀ ਕੋਈ ਵਿਵਸਥਾ ਨਹੀਂ ਹੈ। ਉਨ੍ਹਾ ੍ਯਕਿਹਾ ਕਿ ਇਸ ਯੋਜਨਾ ਦਾ ਮਕਸਦ ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਅਤੇ ਮਹਿਲਾ ਸਸ਼ਕਤੀਕਰਨ ਕਰਨ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਡਾਇਰੈਕਟ ਬੈਨੀਫਿਟ ਟਰਾਂਸਫਰ ਸਕੀਮ ( ਜਿਸ ਤਹਿਤ ਲਾਭਪਾਤਰੀ ਨੂੰ ਉਸ ਦੇ ਬੈਂਕ ਖਾਤੇ ਵਿੱਚ ਵਿੱਤੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ ) ਨਹੀਂ ਹੈ ਅਤੇ ਇਸ ਤਹਿਤ ਕੋਈ ਸਿੱਧੀ ਵਿੱਤੀ ਸਹਾਇਤਾ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਪਹਿਲਾਂ ਵੀ ਵੱਖ-ਵੱਖ ਮਾਧਿਅਮਾਂ ਰਾਹੀਂ ਅਪੀਲ ਜਾਰੀ ਕਰਕੇ ਲੋਕਾਂ ਨੂੰ ਅਜਿਹੀ ਧੋਖਾਧੜੀ ਤੋਂ ਬਚਣ ਲਈ ਸੁਚੇਤ ਕੀਤਾ ਗਿਆ ਹੈ ਪਰ ਅਜੇ ਵੀ ਜਾਅਲਸ਼ਾਜਾਂ ਵਲੋਂ ਭੋਲੇ ਭਾਲੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਅਜਿਹੇ ਜਾਅਲਸਾਜਾਂ ਤੋਂ ਸੁਚੇਤ ਰਹਿਣ ਅਤੇ ਅਜਿਹੀ ਕੋਈ ਵੀ ਜਾਣਕਾਰੀ ਮਿਲਣ ’ਤੇ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਲੁੱਟ ਤੋਂ ਬਚਾਇਆ ਜਾ ਸਕੇ।



