ਮਾਨਸਾ, 31 ਅਕਤੂਬਰ (ਸ਼ਾਮ ਲਾਲ, ਵਕੀਲ ਬਾਂਸਲ)- ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਅੱਜ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਧਰਮ ਪਾਲ ਗੁਪਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸ਼੍ਰੀ ਗੁਪਤਾ ਵੱਲੋਂ ਵੈਕਟਰ ਬੋਰਨ ਡਜੀਜ ਅਤੇ ਹੋਰ ਬਿਮਾਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਗੁਪਤਾ ਨੇ ਹਦਾਇਤ ਕੀਤੀ ਕਿ ਡੇਂਗੂ ਅਤੇ ਮਲੇਰੀਆ ਨੂੰ ਫੈਲਣ ਤੋਂ ਰੋਕਣ ਲਈ ਸਮੂਹ ਅਧਿਕਾਰੀ ਜਿੰਮੇਵਾਰੀ ਨਾਲ ਮਿਲ ਕੇ ਕੰਮ ਕਰਨ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸ਼ਹਿਰਾਂ ਅਤੇ ਕਸਬਿਆਂ ’ਚ ਲਗਾਤਾਰ ਫੌਗਿੰਗ ਕਰਨੀ ਯਕੀਨੀ ਬਣਾਇਆ ਜਾਵੇ ਅਤੇ ਸ਼ਹਿਰਾਂ ’ਚ ਗੰਦਗੀ ਦੇ ਢੇਰਾਂ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਘਰ ’ਚ ਡੇਂਗੂ ਦਾ ਲਾਰਵਾ ਮਿਲਦਾ ਹੈ, ਤਾਂ ਉਸ ਘਰ ਦੇ ਨਜ਼ਦੀਕ ਏਰੀਏ ’ਚ ਤੁਰੰਤ ਫੌਗਿੰਗ ਕਰਵਾਈ ਜਾਵੇ। ਸ਼੍ਰੀ ਗੁਪਤਾ ਨੇ ਹਦਾਇਤ ਕੀਤੀ ਕਿ ਸਕੂਲਾਂ ’ਚ ਸਵੇਰ ਦੀ ਪ੍ਰਾਰਥਨਾ ਸਮੇਂ ਬੱਚਿਆਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਸਾਵਧਾਨੀਆਂ ਬਾਰੇ ਜਾਣੂ ਕਰਵਾਇਆ ਜਾਵੇ। ਸ਼੍ਰੀ ਗੁਪਤਾ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਘਰਾਂ ’ਚ ਲਗਾਤਾਰ ਟੀਮਾਂ ਭੇਜ ਕੇ ਚੈਕਿੰਗ ਜਾਰੀ ਰੱਖੀ ਜਾਵੇ ਅਤੇ ਜੇਕਰ ਕਿਸੇ ਘਰ ’ਚ ਡੇਂਗੂ ਦਾ ਲਾਰਵਾ ਮਿਲਦਾ ਹੈ, ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਸ਼੍ਰੀ ਗੁਪਤਾ ਨੇ ਹਸਪਤਾਲਾਂ ’ਚ ਦਾਖਲ ਡੇਂਗੂ ਦੇ ਮਰੀਜ਼ਾਂ ਦਾ ਸਹੀ ਇਲਾਜ ਕਰਨ ਅਤੇ ਸਮੇਂ ਸਿਰ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਵਾਉਣ ਲਈ ਵੀ ਹਦਾਇਤ ਕੀਤੀ। ਸ਼੍ਰੀ ਗੁਪਤਾ ਨੇ ਕਿਹਾ ਕਿ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧਣ ’ਤੇ ਵਿਸ਼ੇਸ਼ ਵਾਰਡ ਬਣਾ ਕੇ ਲੋੜਵੰਦ ਮਰੀਜ਼ਾਂ ਨੂੰ ਦਾਖਲ ਕੀਤਾ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਸੁਨੀਲ ਪਾਠਕ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ 305 ਡੇਂਗੂ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਵਿੱਚੋਂ 22 ਮਰੀਜ਼ ਹਸਪਤਾਲ ’ਚ ਜ਼ੇਰੇ ਇਲਾਜ ਹਨ ਅਤੇ ਬਾਕੀ ਸਭ ਇਲਾਜ ਕਰਵਾ ਕੇ ਠੀਕ ਹੋ ਚੁੱਕੇ ਹਨ। ਸਿਵਲ ਸਰਜਨ ਨੇ ਦੱਸਿਆ ਕਿ ਹਸਪਤਾਲਾਂ ’ਚ ਡੇਂਗੂ ਦੇ ਮਰੀਜ਼ਾਂ ਦਾ ਇਲਾਜ ਸਹੀ ਚੱਲ ਰਿਹਾ ਹੈ ਅਤੇ ਇਲਾਜ ਲਈ ਦਵਾਈਆਂ ਦਾ ਪੂਰਾ ਇੰਤਜ਼ਾਮ ਹੈ। ਸ਼੍ਰੀ ਪਾਠਕ ਨੇ ਦੱਸਿਆ ਕਿ ਜ਼ਿਲ੍ਹੇ ’ਚ ਹਾਲੇ ਤੱਕ ਕਿਸੇ ਵੀ ਮਰੀਜ਼ ਦੀ ਮੌਤ ਡੇਂਗੂ ਨਾਲ ਨਹੀਂ ਹੋਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਦੀ ਸਫ਼ਾਈ ਰੱਖਣ ਅਤੇ ਕਿਸੇ ਵੀ ਕੰਨਟੇਨਰ ’ਚ ਇੱਕ ਹਫ਼ਤੇ ਤੋਂ ਵੱਧ ਪਾਣੀ ਇਕੱਠਾ ਨਾ ਹੋਣ ਦੇਣ, ਕਿਉਂਕਿ ਲਾਰਵਾ ਤੋਂ ਡੇਂਗੂ ਦਾ ਮੱਛਰ ਬਣਨ ’ਚ ਇੱਕ ਹਫ਼ਤੇ ਦਾ ਸਮਾਂ ਲੈਂਦਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਪਰਮਜੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਡਾ. ਜਤਿੰਦਰਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਜਗਰੂਪ ਭਾਰਤੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਅਧਿਕਾਰੀ ਮੌਜੂਦ ਸਨ।
ਡੇਂਗੂ ਅਤੇ ਮਲੇਰੀਆ ਨੂੰ ਫੈਲਣ ਤੋਂ ਰੋਕਣ ਲਈ ਅਧਿਕਾਰੀ ਜ਼ਿੰਮੇਵਾਰੀ ਨਾਲ ਮਿਲਕੇ ਕੰਮ ਕਰਨ : ਡੀ.ਸੀ. ਮਾਨਸਾ



