June 25, 2026 4:05 am

ਮੁੱਖ ਮੰਤਰੀ, ਉੱਪ ਮੁੱਖ ਮੰਤਰੀ ਅਤੇ ਮਜੀਠੀਆ ਵੱਲੋਂ ਕ੍ਰਿਸਮਿਸ ਦੀ ਵਧਾਈ

ਚੰਡੀਗੜ੍ਹ, 24 ਦਸੰਬਰ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਸ. ਬਿਕਰਮ ਸਿੰਘ ਮਜੀਠੀਆ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਪੰਜਾਬ ਨੇ ਅੱਜ ਕ੍ਰਿਸਮਿਸ ਦੇ ਸ਼ੁੱਭ ਮੌਕੇ ‘ਤੇ ਪੰਜਾਬ ਵਾਸੀਆਂ ਖਾਸ ਕਰਕੇ ਈਸਾਈ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਇਕ ਸੰਦੇਸ਼ ਵਿੱਚ ਉਨ੍ਹਾਂ ਨੇ ਕਿਹਾ,”ਕ੍ਰਿਸਮਿਸ ਜੋ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਦੇ ਤੌਰ ‘ਤੇ ਮਨਾਇਆ ਜਾਂਦਾ ਹੈ, ਨੂੰ ਦੁਨੀਆ ਭਰ ਵਿੱਚ ਸਿਰਫ ਈਸਾਈ ਭਾਈਚਾਰੇ ਦੇ ਲੋਕਾਂ ਵੱਲੋਂ ਹੀ ਨਹੀਂ, ਸਗੋਂ ਹਰ ਵਰਗ ਦੇ ਲੋਕਾਂ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।” ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਸਾਨੂੰ ਸ਼ਾਂਤੀ, ਪਿਆਰ, ਏਕਤਾ, ਦਇਆ ਅਤੇ ਮਿਲਵਰਤਣ ਦਾ ਸੰਦੇਸ਼ ਦਿੰਦੀਆਂ ਹਨ ਜਿਨ੍ਹਾਂ ਦੀ ਮੌਜੂਦਾ ਸੰਦਰਭ ਵਿੱਚ ਵੀ ਉਨ੍ਹਾਂ ਹੀ ਸਾਰਥਕਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ਸਾਨੂੰ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਪੀਡੀਆਂ ਕਰਨ ਦੇ ਨਾਲ-ਨਾਲ ਲੋਕਾਂ ਨੂੰ ਇਕ ਆਦਰਸ਼ ਸਮਾਜ ਦੇ ਸਿਰਜਣਾ ਲਈ ਮਨੁੱਖਤਾ ਦੀ ਸੇਵਾ ਵਿੱਚ ਸਮਰਪਿਤ ਹੋਣ ਲਈ ਵੀ ਪ੍ਰੇਰਿਤ ਕਰਦੇ ਹਨ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਤਿਉਹਾਰ ਨੂੰ ਰਲ ਮਿਲ ਕੇ ਰਵਾਇਤੀ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਵੇ ਤਾਂ ਜੋ ਸਮਾਜ ਵਿੱਚ ਸਾਂਝੀਵਾਲਤਾ ਰਾਹੀਂ ‘ਅਨੇਕਤਾ ਵਿੱਚ ਏਕਤਾ’ ਦੇ ਸਿਧਾਂਤ ਨੂੰ ਉਜਾਗਰ ਕੀਤਾ ਸਕੇ।

Send this to a friend