ਅੰਮ੍ਰਿਤਸਰ, 3 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਸਿੱਖ ਧਰਮ ਦੇ ਮੋਢੀ ਜਗਤ-ਗੁਰੂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 548ਵਾਂ ਪ੍ਰਕਾਸ਼ ਪੁਰਬ 4 ਨਵੰਬਰ ਨੂੰ ਸੰਸਾਰ ਭਰ ਵਿਚ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ-ਕੀਰਤਨ ਸਜਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਆਪਣੇ ਸੀਸ ਉਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਜਾ ਕੇ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਪਵਿੱਤਰ ਅਵਸਰ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾਵੱਸ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਨਗਰ ਕੀਰਤਨ ਦੌਰਾਨ ਨਾਮ ਸਿਮਰਨ ਵਿਚ ਵਿਲੀਨ ਸੰਗਤਾਂ ਨੇ ਗੁਰੂ-ਜੱਸ ਉਚਾਰਨ ਕਰਦਿਆਂ ਨਗਰ ਕੀਰਤਨ ਦੇ ਨਾਲ-ਨਾਲ ਪੈਦਲ ਚੱਲ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਵਾਲੇ ਰਸਤਿਆਂ ਦੀ ਸੰਗਤਾਂ ਨੇ ਸਤਿਕਾਰ ਵਜੋਂ ਸਫਾਈ ਕੀਤੀ ਅਤੇ ਥਾਂ-ਥਾਂ ਚਾਹ, ਪਾਣੀ, ਮਠਿਆਈਆਂ, ਫਰੂਟ ਤੇ ਹੋਰ ਖਾਣ ਵਾਲੇ ਪਦਾਰਥਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵ ਅਤੇ ਵੱਡੀ ਗਿਣਤੀ ਵਿਚ ਦੂਰ-ਦੁਰੇਡੇ ਤੋਂ ਪੁੱਜੀਆਂ ਸੰਗਤਾਂ ਹਾਜ਼ਰ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ



