Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ 29 ਨੂੰ

Share this story

ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਪੰਜਾਬੀ ਮਾਂ-ਬੋਲੀ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਸੰਜੀਦਾ ਹੋਵੇ : ਪ੍ਰੋ. ਬਡੂੰਗਰ

ਪਟਿਆਲਾ, 6 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਅੰਤ੍ਰ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਇਕੱਤਰਤਾ ਹਾਲ ਵਿਖੇ ਹੋਈ। ਜਿਸ ਵਿਚ ਨਵੰਬਰ 1984 ’ਚ ਕੀਤੀ ਗਈ ਸਿੱਖ ਨਸਲਕੁਸ਼ੀ, ਪੰਜਾਬ ਅੰਦਰ ਪੰਜਾਬੀ ਮਾਂ ਬੋਲੀ ਨਾਲ ਹੋ ਰਹੇ ਵਿਤਕਰੇ ਅਤੇ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਪਕੋਕਾ ਕਾਨੂੰਨ ਦੀ ਨਿੰਦਾ ਕੀਤੀ ਗਈ। ਇਕੱਤਰਤਾ ਦੌਰਾਨ ਫੈਸਲਾ ਕੀਤਾ ਗਿਆ ਜਨਰਲ ਇਜਲਾਸ 29 ਨਵੰਬਰ 2017 ਨੂੰ 1:00 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੂੰ ਮੁੱਖ ਸਕੱਤਰ ਲਗਾਇਆ ਗਿਆ ਅਤੇ ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਤੇ ਸ. ਮਹਿੰਦਰ ਸਿੰਘ ਆਹਲੀ ਨੂੰ ਸਕੱਤਰ ਵਜੋਂ ਪਦਉਨਤ ਕੀਤਾ ਗਿਆ। ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਕੱਤਰਤਾ ਵਿਚ ਲਏ ਗਏ ਫੈਸਲਿਆਂ ਬਾਰੇ ਦੱਸਦਿਆਂ ਕਿਹਾ ਕਿ ਨਵੰਬਰ 1984 ਵਿਚ ਦਿੱਲੀ, ਕਾਨ੍ਹਪੁਰ, ਬਖਾਰੋ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਅੰਦਰ ਸਾਜ਼ਿਸ਼ ਤਹਿਤ ਸਰਕਾਰੀ ਸ਼ਹਿ ’ਤੇ ਕੀਤੀ ਗਈ ਸਿੱਖ ਨਸਲਕੁਸ਼ੀ ਵਿਚ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਤੇ ਭੁਝੰਗੀਆਂ ਲਈ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਕਤਲੇਆਮ ਦੀਆਂ ਤਸਵੀਰਾਂ ਅਤੇ ਕਤਲੇਆਮ ਦੀ ਸਾਜ਼ਿਸ਼ ਨੂੰ ਰੂਪਮਾਨ ਕਰਦੇ ਚਿੱਤਰ ਤਿਆਰ ਕਰਵਾ ਕੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਦਾ ਫੈਸਲਾ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਅੰਦਰ ਪੰਜਾਬੀ ਭਾਸ਼ਾ ਨਾਲ ਕੀਤਾ ਜਾ ਰਿਹਾ ਵਿਤਕਰਾ ਨਾ-ਸਹਿਣਯੋਗ ਹੈ। ਅੰਤ੍ਰਿੰਗ ਕਮੇਟੀ ਵੱਲੋਂ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ।
ਇਸ ਤੋਂ ਪਹਿਲਾਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਸਮੂਹ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ 16 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਪਾਠ ਅਤੇ ਅਰਦਾਸ ਕਰਕੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 25 ਦਸੰਬਰ 2016 ਨੂੰ ਇੱਕੋ ਦਿਨ ਆਉਣ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਗਈ ਹੈ ਕਿ ਦਸਪ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਮਨਾਉਣ ਦੀ ਬਜਾਏ 5 ਜਨਵਰੀ 2018 ਨੂੰ ਮਨਾਉਣ ਸਬੰਧੀ ਅਗਵਾਈ ਕੀਤੀ ਜਾਵੇ।
ਇਕੱਤਰਤਾ ਉਪਰੰਤ ਜਾਣਕਾਰੀ ਦਿੰਦਿਆਂ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀਆਂ ਸੇਵਾਵਾਂ ਤੇ ਅਗਵਾਈ ਲਈ ਪ੍ਰਸ਼ੰਸਾ ਮਤਾ ਵੀ ਪਾਸ ਕੀਤਾ ਗਿਆ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਜੈਪਾਲ ਸਿੰਘ ਮੰਡੀਆਂ, ਸ. ਬਲਵਿੰਦਰ ਸਿੰਘ ਵੇਈਂਪੂਈਂ, ਬੀਬੀ ਜੋਗਿੰਦਰ ਕੌਰ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਸੁਰਜੀਤ ਸਿੰਘ ਕਾਲਾਬੂਲਾ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਕੁਲਵੰਤ ਸਿੰਘ ਮੰਨਣ, ਸ. ਨਿਰਮਲ ਸਿੰਘ ਹਰਿਆਓ, ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਹਾਜ਼ਰ ਸਨ।

WRITTEN BY