Skip to content
Independent perspectives. Global stories.
BREAKING

ਸਿੱਖਿਆ ਮੰਤਰੀ ਵੱਲੋਂ ਪ੍ਰੀ ਪ੍ਰਾਇਮਰੀ ਜਮਾਤਾਂ ਦਾ ਰਸਮੀ ਆਗਾਜ਼

Share this story

ਐਸ.ਏ.ਐਸ. ਨਗਰ (ਮੁਹਾਲੀ), 14 ਨਵੰਬਰ- ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਸਥਿਤ ਫੇਜ਼-7 ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਰੰਗਾਰੰਗ ਸਮਾਗਮ ਦੌਰਾਨ ਪ੍ਰੀ ਪ੍ਰਾਇਮਰੀ ਕਲਾਸਾਂ ਦਾ ਰਸਮੀ ਆਗਾਜ਼ ਕੀਤਾ। ਉਨ੍ਹਾਂ ਕਲਾਸ ਰੂਮ ਦਾ ਰਿਬਨ ਕੱਟ ਕੇ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਉਹ ਬੱਚਿਆਂ ਨੂੰ ਮਿਲੇ ਅਤੇ ਉਨ੍ਹਾਂ ਲਈ ਮੁਹੱਈਆ ਕਰਵਾਈ ਖੇਡ ਸਮੱਗਰੀ ਵੀ ਦੇਖੀ ਬਾਲ ਦਿਵਸ ਮੌਕੇ ਕੀਤੀ ਇਸ ਸ਼ੁਰੂਆਤ ਉਪਰੰਤ ਸਕੂਲ ਕੈਂਪਸ ਵਿਖੇ ਹੋਏ ਰੰਗਾਰੰਗ ਸਮਾਗਮ ਦੌਰਾਨ ਪ੍ਰਾਇਮਰੀ ਦੇ ਬੱਚਿਆਂ ਨੇ ਆਪਣੀ ਪੇਸ਼ਕਾਰੀਆਂ ਨਾਲ ਸਮਾਂ ਬੰਨ੍ਹ ਦਿੱਤਾ। ਪ੍ਰੋਗਰਾਮ ਦੀ ਖਾਸੀਅਤ ਇਹ ਰਹੀ ਕਿ ਕਈ ਆਈਟਮਾਂ ਵਿੱਚ ਨਵੇਂ ਦਾਖਲ ਹੋਏ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਨੇ ਵੀ ਆਪਣੀ ਕਲਾ ਦਾ ਜੌਹਰ ਦਿਖਾਏ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਜਦੋਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਮਨਾਏ ਜਾਂਦੇ ਬਾਲ ਦਿਵਸ ਦੇ ਦਿਨ ਹੀ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਕੀਤੀ ਹੈ ਅਤੇ ਇਹ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਉਨ੍ਹਾਂ ਇਸ ਇਤਿਹਾਸਕ ਕਦਮ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਰ ਬੰਨ੍ਹਦਿਆਂ ਕਿਹਾ ਕਿ ਇਸ ਅਹਿਮ ਫੈਸਲੇ ਨਾਲ ਸਿੱਖਿਆ ਪ੍ਰਬੰਧ ਵਿੱਚ ਹੋਰ ਸੁਧਾਰ ਆਵੇਗਾ ਅਤੇ ਪ੍ਰਾਇਮਰੀ ਸਿੱਖਿਆ ਦੀ ਨੀਂਹ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਮੂਹ 12,500 ਪ੍ਰਾਇਮਰੀ ਸਕੂਲਾਂ ਵਿੱਚ ਅੱਜ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਹੋ ਗਈ। ਅੱਜ ਤੱਕ ਡੇਢ ਲੱਖ ਬੱਚਿਆਂ ਨੇ ਪ੍ਰੀ ਪ੍ਰਾਇਮਰੀ ਕਲਾਸਾਂ ਵਿੱਚ ਦਾਖਲਾ ਲੈ ਲਿਆ ਜਿਹੜੇ ਨਰਸਰੀ, ਐਲ.ਕੇ.ਜੀ. ਤੇ ਯੂ.ਕੇ.ਜੀ. ਕਲਾਸਾਂ ਵਿੱਚ ਦਾਖਲ ਹੋਏ ਹਨ। ਸਿੱਖਿਆ ਵਿਭਾਗ ਵੱਲੋਂ 30 ਨਵੰਬਰ ਤੱਕ ਇਹ ਦਾਖਲੇ ਕੀਤੇ ਜਾਣਗੇ। ਇਸ ਪ੍ਰਾਜੈਕਟ ਨੂੰ ‘ਖੇਡ ਮਹਿਲ’ ਦਾ ਨਾਂ ਦਿੱਤਾ ਗਿਆ ਜਿਸ ਨੂੰ ਸਿੱਖਿਆ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮਿਲ ਕੇ ਚਲਾਉਣਗੇ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਕੰਮ ਪ੍ਰਭਾਵਿਤ ਨਹੀਂ ਹੋਵੇਗਾ ਅਤੇ ਉਹ ਪਹਿਲਾਂ ਵਾਂਗ ਹੀ ਆਪਣੀ ਡਿਊਟੀ ਕਰਨਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲਾਸਾਂ ਵਿੱਚ ਬੱਚਿਆਂ ਦੀ ਪੜ੍ਹਾਈ ਪੂਰਨ ਤੌਰ ’ਤੇ ਮੁਫਤ ਹੋਵੇਗੀ ਅਤੇ ਖੇਡਣ ਅਤੇ ਸਿੱਖਣ ਦੀ ਸਮੱਗਰੀ ਵੀ ਮੁਫਤ ਦਿੱਤੀ ਜਾਵੇਗੀ। ਕਲਾਸਾਂ ਦਾ ਸਮਾਂ ਕੁੱਲ 3 ਘੰਟੇ ਹੋਵੇਗਾ। ਗਰਮੀਆਂ ਵਿੱਚ ਸਵੇਰੇ ਸਾਢੇ ਅੱਠ ਵਜ ਤੋਂ ਸਾਢੇ ਗਿਆਰਾਂ ਵਜੇ ਤੱਕ ਅਤੇ ਸਰਦੀਆਂ ਵਿੱਚ ਸਵੇਰੇ ਸਾਢੇ ਨੌ ਵਜੇ ਤੋਂ ਦੁਪਹਿਰ ਸਾਢੇ ਬਾਰਾਂ ਵਜੇ ਤੱਕ ਹੋਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ, ਵਿਦਿਆਰਥੀਆਂ ਅਤੇ ਸਰਕਾਰੀ ਸਕੂਲਾਂ ਦੀ ਭਲਾਈ ਲਈ ਵੱਡੇ ਕ੍ਰਾਂਤੀਕਾਰੀ ਕਦਮ ਪੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 400 ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਆਪਸ਼ਨ ਵਜੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਪਦਉਨਤੀਆਂ ਵਿੱਚ ਆਈ ਖੜੋਤ ਨੂੰ ਤੋੜਨ ਲਈ ਇਕ ਸਾਲ ਵਿੱਚ ਚਾਰ ਵਾਰ ਵਿਭਾਗੀ ਤਰੱਕੀ ਕਮੇਟੀ (ਡੀ.ਪੀ.ਸੀ.) ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਵੱਖਰਾ ਸਰਹੱਦੀ ਕਾਡਰ ਬਣਾਉਣ ਦੀ ਤਜਵੀਜ਼ ਬਣਾਈ ਜਾ ਰਹੀ ਹੈ।

WRITTEN BY