ਪੰਜਾਬ ਵਿੱਚ ਜੇਲ੍ਹਾਂ ਦੀ ਹਾਲਤ ਚਿੰਤਾਜਨਕ ਹੈ। ਪਿਛਲੇ ਕੁੱਝ ਸਾਲਾਂ ਤੋਂ ਜੇਲ੍ਹਾਂ ਅੰਦਰੋਂ ਅਪਰਾਧ ਜਥੇਬੰਦ ਕਰਨ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਹਾਲਾਤ ਇਹ ਹਨ ਕਿ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਜਨਤਕ ਤੌਰ ’ਤੇ ਇਹ ਗੱਲ ਮੰਨਣੀ ਪਈ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਅਪਰਾਧ ਦੇ ਅੱਡੇ ਬਣ ਗਈਆਂ ਹਨ। ਜੇਲ੍ਹਾਂ ਵਿੱਚ ਮੋਬਾਇਲ ਦੀ ਖੁੱਲ੍ਹੇਆਮ ਵਰਤੋਂ ਹੋ ਰਹੀ ਹੈ। ਗੈਂਗਸਟਰ ਮੋਬਾਇਲ ਰਾਹੀਂ ਆਪਣੇ ਸਾਥੀਆਂ ਨੂੰ ਸੰਦੇਸ਼ ਭੇਜ ਰਹੇ ਹਨ। ਜੇਲ੍ਹਾਂ ਦੀ ਇਸ ਹਾਲਤ ਬਾਰੇ ਸਰਕਾਰ ਅਤੇ ਪੁਲਿਸ ਨੂੰ ਸਭ ਜਾਣਕਾਰੀ ਹੈ, ਪ੍ਰੰਤੂ ਇਸ ਵਿਰੁੱਧ ਕੋਈ ਕਾਰਵਾਈ ਨਹੀਂ ਹੋ ਰਹੀ। ਅਕਾਲੀ-ਭਾਜਪਾ ਸਰਕਾਰ ਸਮੇਂ ਵੀ ਤਤਕਾਲੀ ਜੇਲ੍ਹ ਮੰਤਰੀ ਖਿਲਾਫ ਗੰਭੀਰ ਦੋਸ਼ ਲੱਗੇ ਸਨ। ਉਸ ਸਮੇਂ ਇਕ ਸਾਬਕਾ ਪੁਲਿਸ ਅਧਿਕਾਰੀ ਨੇ ਦੋਸ਼ ਲਗਾਏ ਸਨ ਕਿ ਜੇਲ੍ਹਾਂ ਵਿੱਚ ਨਸ਼ਿਆਂ ਦਾ ਬਹੁ-ਕਰੋੜੀ ਕਾਰੋਬਾਰ ਹੋ ਰਿਹਾ ਹੈ। ਇਸ ਕਾਲੇ ਕਾਰੋਬਾਰ ਵਿੱਚ ਅਫਸਰਾਂ ਅਤੇ ਮੰਤਰੀ ਦੀ ਮਿਲੀਭੁਗਤ ਹੈ। ਜੇਲ੍ਹਾਂ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਉਸ ਸਮੇਂ ਇਸ ਮਾਮਲੇ ਦੀ ਕੋਈ ਜਾਂਚ ਨਹੀਂ ਕੀਤੀ ਗਈ ਨਾ ਹੀ ਕਿਸੇ ਨੂੰ ਸਜ਼ਾ ਦਿੱਤੀ ਗਈ। ਹੁਣ ਫਿਰ ਜਦੋਂ ਇਸ ਤਰ੍ਹਾਂ ਦੇ ਦੋਸ਼ ਸਾਹਮਣੇ ਆ ਰਹੇ ਹਨ। ਖੁਦ ਕੈਬਨਿਟ ਮੰਤਰੀ ਇਹ ਸਵਿਕਾਰ ਕਰ ਰਹੇ ਹਨ। ਇਹ ਸਭ ਕੁਝ ਦੇ ਬਾਵਜੂਦ ਹਾਲੇ ਤੱਕ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਤੱਕ ਨਹੀਂ ਦਿੱਤੇ। ਪਿਛਲੇ ਦਿਨਾਂ ਦੌਰਾਨ ਪੰਜਾਬ ਵਿੱਚ ਕਈ ਵੱਡੀਆਂ ਵਾਰਦਾਤਾਂ ਵਿੱਚ ਜੇਲ੍ਹ ਬੰਦ ਮੁਲਜ਼ਮਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਹ ਬਹੁਤ ਹੀ ਗੰਭੀਰ ਮਾਮਲਾ ਹੈ। ਜੇਲ੍ਹਾਂ ਵਿੱਚ ਕੈਦੀਆਂ ਲਈ ਵੀ ਹਾਲਾਤ ਠੀਕ ਨਹੀਂ ਹਨ। ਪੰਜਾਬ ਦੀਆਂ ਜੇਲ੍ਹਾਂ ਵਿ¤ਚ ਉਤਰ ਪ੍ਰਦੇਸ਼ ਤੋਂ ਬਾਅਦ ਸਭ ਤੋਂ ਵੱਧ ਮੌਤਾਂ ਰਿਕਾਰਡ ਹੋਈਆਂ ਹਨ। ਨੈਸ਼ਨਲ ਕ੍ਰਾਈਮ ਬਿਊਰੋ ਦੀ ਰਿਪੋਰਟ ਮੁਤਾਬਿਕ ਭਾਰਤ ਦੀਆਂ ਜੇਲ੍ਹਾਂ ਵਿ¤ਚ ਤਿੰਨ ਸਾਲਾਂ ਦੌਰਾਨ ਕੁਦਰਤੀ ਅਤੇ ਗ਼ੈਰ ਕੁਦਰਤੀ ਤਰੀਕੇ ਨਾਲ 6354 ਮੌਤਾਂ ਹੋਈਆਂ ਹਨ। ਇਸ ਸਮੇਂ ਦੌਰਾਨ ਯੂਪੀ ਦੀਆਂ ਜੇਲ੍ਹਾਂ ਵਿ¤ਚ 1358 ਅਤੇ ਪੰਜਾਬ ਦੀਆਂ ਜੇਲ੍ਹਾਂ ਵਿ¤ਚ 714 ਕੈਦੀਆਂ ਦੀ ਮੌਤ ਹੋਈ ਹੈ। ਬਿਊਰੋ ਦੀ ਇਹ ਰਿਪੋਰਟ 2012 ਤੋਂ 2015 ਤੱਕ ਦੇ ਸਮੇਂ ਦੀ ਹੈ। ਰਿਪੋਰਟ ਵਿ¤ਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਲ੍ਹਾਂ ਵਿ¤ਚ ਗ਼ੈਰ ਕੁਦਰਤੀ ਮੌਤਾਂ ਦੀ ਵਜ੍ਹਾ ਆਤਮ ਹ¤ਤਿਆਵਾਂ ਬਣ ਰਹੀਆਂ ਹਨ ਜਾਂ ਫੇਰ ਕੈਦੀਆਂ ਵੱਲੋਂ ਇੱਕ-ਦੂਜੇ ’ਤੇ ਕੀਤੇ ਜਾ ਰਹੇ ਹਮਲਿਆਂ ’ਚ ਜਾਨਾਂ ਜਾਂਦੀਆਂ ਹਨ। ਇਸ ਤੋਂ ਬਿਨਾਂ ਜੇਲ੍ਹ ਅਧਿਕਾਰੀਆਂ ਦੀ ਅਣਗਹਿਲੀ ਅਤੇ ਬੇਰੁਖੀ ਵੀ ਕੈਦੀਆਂ ਦੀ ਗ਼ੈਰ ਕੁਦਰਤੀ ਮੌਤ ਦਾ ਕਾਰਨ ਬਣ ਰਹੀ ਹੈ। ਇਸ ਸਭ ਦਾ ਸਰਕਾਰ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਤਾਂ ਜੋ ਜੇਲ੍ਹਾਂ ਦੀ ਸਥਿਤੀ ਨੂੰ ਸੁਧਾਰਿਆ ਜਾ ਸਕੇ। ਕਿਸੇ ਵੀ ਸੂਰਤ ਵਿੱਚ ਜੇਲ੍ਹਾਂ ਅਪਰਾਧ ਦੇ ਅੱਡੇ ਨਹੀਂ ਬਣਨੇ ਚਾਹੀਦੇ। ਜੇਲ੍ਹਾਂ ਦੇ ਪ੍ਰਬੰਧ ਵਿੱਚ ਵੱਡੇ ਪੱਧਰ ’ਤੇ ਸੁਧਾਰ ਦੇ ਨਾਲ-ਨਾਲ ਦੋਸ਼ੀ ਕਰਮਚਾਰੀਆਂ/ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇ।
– ਬਲਜੀਤ ਸਿੰਘ ਬਰਾੜ



