Skip to content
Independent perspectives. Global stories.
BREAKING

ਹਾਈਕੋਰਟ ਵੱਲੋਂ ਪਹਿਲੀ ਵਿਸ਼ੇਸ਼ ਐੱਨ.ਆਰ.ਆਈ. ਅਦਾਲਤ ਸਥਾਪਿਤ ਕਰਨ ਨੂੰ ਮਨਜ਼ੂਰੀ : ਮਜੀਠੀਆ

Share this story

12ਵੇਂ ਪ੍ਰਵਾਸੀ ਭਾਰਤੀ ਦਿਵਸ ’ਚ ਪੰਜਾਬ ਸਰਕਾਰ ਦੀ ਤਰਫੋਂ ਕੀਤੀ ਸ਼ਿਰਕਤ
image ਚੰਡੀਗੜ੍ਹ/ਨਵੀਂ ਦਿੱਲੀ, 8 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਸੂਬੇ ਵਿਚ ਪਹਿਲੀ ਵਿਸ਼ੇਸ਼ ਐਨ.ਆਰ.ਆਈ ਅਦਾਲਤ ਸਥਾਪਿਤ ਕਰਨ ਸਬੰਧੀ ਮਨਜ਼ੂਰੀ ਦੇ ਦਿੱਤੀ ਗਈ ਹੈ ਜੋ ਕਿ ਸਿਰਫ ਤੇ ਸਿਰਫ ਪ੍ਰਵਾਸੀ ਭਾਰਤੀਆਂ ਨਾਲ ਸਬੰਧਿਤ ਕੇਸਾਂ ਦੀ ਹੀ ਸੁਣਵਾਈ ਕਰੇਗੀ। ਅੱਜ ਇਥੇ 12ਵੇਂ ਪ੍ਰਵਾਸੀ ਭਾਰਤੀ ਦਿਵਸ ਮੌਕੇ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਦੇ ਮਾਲ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਹਾਈ ਕੋਰਟ ਵਲੋਂ ਮਨਜ਼ੂਰੀ ਪਿਛੋਂ ਹੁਣ ਪੰਜਾਬ ਸਰਕਾਰ ਵਲੋਂ ਅਗਲੀ ਕੈਬਨਿਟ ਮੀਟਿੰਗ ਦੌਰਾਨ ਪਹਿਲੀ ਵਿਸ਼ੇਸ਼ ਐਨ.ਆਰ.ਆਈ ਅਦਾਲਤ ਦੀ ਸਥਾਪਨਾ ਸਬੰਧੀ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਜਾਵੇਗੀ, ਜਿਸ ਨਾਲ ਪ੍ਰਵਾਸੀ ਭਾਰਤੀਆਂ ਦੀ 50 ਸਾਲ ਪੁਰਾਣੀ ਮੰਗ ਪੂਰੀ ਹੋਵੇਗੀ।
ਸੰਮੇਲਨ ਦੌਰਾਨ ਸੰਬੋਧਨ ਕਰਦਿਆਂ ਸ. ਮਜੀਠੀਆ ਨੇ ਵਿਦੇਸ਼ਾਂ ਵਿਚ ਪ੍ਰਵਾਸੀ ਭਾਰਤੀਆਂ ’ਤੇ ਲਗਾਤਾਰ ਹੋ ਰਹੇ ਹਮਲਿਆਂ ’ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਕਿਹਾ ਕਿ ਉਹ ਇਸ ਸਬੰਧੀ ਦੂਜੇ ਦੇਸ਼ਾਂ ਨਾਲ ਤੁਰੰਤ ਗੱਲਬਾਤ ਕਰੇ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਮਾਮਲਿਆਂ ਵਿਚ ਦੂਜੇ ਦੇਸ਼ਾਂ ਨੂੰ ਸਖ਼ਤ ਸੁਨੇਹਾ ਦੇਣਾ ਚਾਹੀਦਾ ਹੈ।
ਵਿਦੇਸ਼ਾਂ ਵਿਚ ਸਿੱਖਾਂ ਦੀ ਗਲਤ ਪਹਿਚਾਣ ਕਾਰਨ ਹੋ ਰਹੇ ਹਮਲਿਆਂ ਬਾਰੇ

ਸ. ਮਜੀਠੀਆ ਨੇ ਕਿਹਾ ਕਿ 9/11 ਤੋਂ ਬਾਅਦ ਹੋਰ ਫਿਰਕਿਆਂ ਨਾਲ ਪਹਿਚਾਣ ਸਬੰਧੀ ਭੁਲੇਖਾ ਹੋਣ ਕਾਰਨ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕੇਂਦਰੀ ਵਿਦੇਸ਼ ਮੰਤਰਾਲੇ ਕੋਲੋਂ ਮੰਗ ਕੀਤੀ ਕਿ ਉਹ ਸਿੱਖਾਂ ਦੀ ਪਹਿਚਾਣ ਬਾਰੇ ਵਿਦੇਸ਼ੀਆਂ ਨੂੰ ਦੱਸਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਕੇਂਦਰ ਸਰਕਾਰ ਨੂੰ ਬੇਨਤੀਆਂ ਕੀਤੀਆਂ ਗਈਆਂ ਹਨ ਪਰ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ ਹੈ।
ਇਸ ਮੌਕੇ ਸ. ਮਜੀਠੀਆ ਵਲੋਂ ਕੈਨੇਡਾ ਦੇ ਮੰਤਰੀ ਸ਼੍ਰੀ ਟਿਮ ਉ¤ਪਲ, ਨਿਊਜੀਲੈਂਡ ਤੋਂ ਸੰਸਦ ਮੈਂਬਰ ਕੰਵਲਜੀਤ ਸਿੰਘ ਬਖ਼ਸੀ ਅਤੇ ਕੈਨੇਡੀਅਨ ਰਾਜਦੂਤ ਸਟੀਵਰਟ ਜੀਬੈਕ ਨਾਲ ਪੰਜਾਬ ਵਲੋਂ ਲਾਈ ਗਈ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ ਗਿਆ। ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਸਹੂਲਤ ਲਈ ਚੁੱਕੇ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਕਰਵਾਇਆ ਗਿਆ ਜਿਸ ਵਿਚ ਉਦਯੋਗਿਕ ਖੇਤਰ ਦੇ ਨਾਮੀ ਘਰਾਣਿਆਂ ਅਤੇ ਅਨੇਕਾਂ ਬਹੁ-ਕੌਮੀ ਕੰਪਨੀਆਂ ਦੇ ਪ੍ਰਤੀਨਿਧੀਆਂ ਵਲੋਂ ਭਾਗ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਦਯੋਗਪਤੀ ਪੰਜਾਬ ਦੇ ਬੁਨਿਆਦੀ ਢਾਂਚੇ ਤੇ ਨਿਵੇਸ਼ ਦੀਆਂ ਅਸੀਮ ਸੰਭਾਵਨਾਵਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ ਜਿਸ ਨਾਲ ਪੰਜਾਬ ਦੇ ਸਨਅਤੀਕਰਨ ਦਾ ਮੁੱਢ ਬੱਝਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਐਨ.ਆਰ.ਆਈ ਸੰਮੇਲਨ ਦੌਰਾਨ ਪ੍ਰਵਾਸੀ ਭਾਰਤੀਆਂ ਨਾਲ ਵਿਚਾਰ ਵਟਾਂਦਰੇ ਪਿਛੋਂ ਪੰਜਾਬ ਸਰਕਾਰ ਵਲੋਂ ਅਨੇਕਾਂ ਕਦਮ ਚੁੱਕੇ ਗਏ ਹਨ ਜਿਸ ਤਹਿਤ ਪਿਛਲੇ ਦਿਨੀਂ ਹੀ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ 24 ਘੰਟੇ ਕੰਮ ਕਰਨ ਵਾਲੇ ਵੈਬ-ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪੋਰਟਲ ਪੂਰੀ ਤਰ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਸਮਰਪਿਤ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵਿਚ ਐਨ.ਆਰ.ਆਈ ਕੇਸਾਂ ਲਈ ਵੱਖਰਾ ਵਿੰਗ ਸਥਾਪਿਤ ਕੀਤਾ ਗਿਆ ਹੈ ਜਿਸ ਦੀ ਅਗਵਾਈ ਆਈ.ਜੀ.ਪੀ ਰੈਂਕ ਦਾ ਅਧਿਕਾਰੀ ਕਰਦਾ ਹੈ। ਉਸ ਤਹਿਤ 11 ਐਨ.ਆਰ.ਆਈ ਪੁਲਿਸ ਥਾਣੇ ਅਤੇ 1000 ਤੋਂ ਵੱਧ ਪੁਲਿਸ ਜਵਾਨ ਕੰਮ ਕਰ ਰਹੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ 4 ਹੋਰ ਐਨ.ਆਰ.ਆਈ ਪੁਲਿਸ ਥਾਣੇ ਸਥਾਪਿਤ ਕੀਤੇ ਜਾ ਰਹੇ ਹਨ। ਸ. ਮਜੀਠੀਆ ਨੇ ਦੱਸਿਆ ਕਿ ਜਾਇਦਾਦ ਸਬੰਧੀ ਝਗੜਿਆਂ ਦੇ ਹੱਲ ਲਈ ਵੀ ਵਰਤਮਾਨ ਕਾਨੂੰਨਾਂ ਨੂੰ ਸੋਧਿਆ ਗਿਆ ਹੈ। ਇਸ ਤੋਂ ਇਲਾਵਾ ਪਾਵਰ ਆਫ ਅਟਾਰਨੀ ਨੂੰ ਐਮਬੋਸ ਕਰਨ ਲਈ ਵਿੱਤ ਕਮਿਸ਼ਨਰ ਮਾਲ ਦੇ ਨਾਲ ਨਾਲ ਡਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਵੀ ਅਧਿਕਾਰਤ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਵਲੋਂ ਫਿਜ਼ੀ ਦੇ ਸਾਬਕਾ ਪ੍ਰਧਾਨ ਮੰਤਰੀ ਮਹਿੰਦਰ ਚੌਧਰੀ, ਕਨੇਡਾ ਦੇ ਸਾਬਕਾ ਮੰਤਰੀ ਹਰਬ ਧਾਲੀਵਾਲ, ਬ੍ਰਿਟਿਸ਼ ਕੋਲੰਬੀਆ ਦੇ ਸਾਬਕਾ ਪ੍ਰੀਮੀਅਰ ਉਜਲ ਦੋਸਾਂਝ, ਨਿਊਜ਼ੀਲੈਂਡ ਤੋਂ ਜੱਜ ਅਜੀਤ ਸਵਰਣ ਸਿੰਘ ਅਤੇ ਨਾਮੀ ਉਦਯੋਗਪਤੀ ਸੰਤ ਸਿੰਘ ਛਤਵਾਲ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ 10 ਅਤੇ 11 ਜਨਵਰੀ ਨੂੰ ਹੋ ਰਹੇ ਪ੍ਰਵਾਸੀ ਪੰਜਾਬੀ ਸੰਮੇਲਨ ਵਿਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਗਿਆ।

WRITTEN BY