ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲਾ, 22 ਨਵੰਬਰ (ਸੁਰਿੰਦਰ ਚੱਠਾ)- ਬੀਤੇ ਦਿਨਾਂ ਤੋਂ ਸਥਾਨਕ ਟਿੱਬੀ ਸਾਹਿਬ ਰੋਡ ’ਤੇ ਬਣੇ ਪੰਜਾਬ ਯੂਨੀਵਰਸਿਟੀ ਦੇ ਰੀਜ਼ਨਲ ਸੈਂਟਰ ਨੂੰ ਇੱਥੋਂ ਤਬਦੀਲ ਕਰਕੇ ਹਲਕਾ ਗਿੱਦੜਬਾਹਾ ਦੇ ਪਿੰਡ ਕਾਉਣੀ ’ਚ ਸਿਫਟ ਕਰਨ ਦਾ ਮਾਮਲਾ ਦਿਨੋਂ ਦਿਨ ਭਖਦਾ ਜਾ ਰਿਹਾ ਹੈ। ਇੱਕ ਪਾਸੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਤਬਦੀਲ ਕਰਨ ’ਚ ਅੱਡੀ ਚੋਟੀ ਦਾ ਜੋਰ ਲਗਾ ਰਹੇ ਹਨ ਦੂਜੇ ਪਾਸੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ‘ਕਾਕਾ ਬਰਾੜ’ ਵੀ ਤਬਦੀਲ ਕਰਨ ਦੇ ਵਿਰੋਧ ’ਚ ਨਿੱਤਰ ਆਏ ਹਨ। ਆਮ ਆਦਮੀ ਪਾਰਟੀ ਤੋਂ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਚੋਣ ਲੜ ਚੁੱਕੇ ਜਗਦੀਪ ਸਿੰਘ ‘ਕਾਕਾ ਬਰਾੜ’ ਨੂੰ ਮਿਲਣ ਆਏ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਕਿਸੇ ਵੀ ਹਾਲਤ ’ਚ ਇੱਥੋਂ ਰੀਜ਼ਨਲ ਸੈਂਟਰ ਤਬਦੀਲ ਨਹੀਂ ਹੋਣ ਦਿੱਤਾ ਜਾਵੇਗਾ। ਕਾਕਾ ਬਰਾੜ ਨੇ ਕਿਹਾ ਕਿ ਜਦੋਂ ਸਰਕਾਰੀ ਕਾਲਜ ’ਚ ਰੀਜ਼ਨਲ ਸੈਂਟਰ ਨੂੰ ਜ਼ਮੀਨ ਅਲਾਟ ਹੋਈ ਹੈ ਤਾਂ ਉੱਥੇ ਨਿਰਮਾਣ ਕਿਉਂ ਨਹੀਂ ਕੀਤਾ ਜਾ ਸਕਦਾ। ਕਾਕਾ ਬਰਾੜ ਨੇ ਵਿਸ਼ਵਾਸ ਦੁਆਇਆ ਕਿ ਉਹ ਜਲਦ ਹੀ ਵਿਰੋਧੀ ਧਿਰ ਦੇ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਸੰਬੰਧੀ ਜਾਣੂੰ ਕਰਵਾਇਆ ਜਾਵੇਗਾ।
ਰੀਜ਼ਨਲ ਸੈਂਟਰ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ ਖਹਿਰਾ ਨਾਲ ਕਰਾਂਗੇ ਜਲਦ ਮੁਲਾਕਾਤ : ਕਾਕਾ ਬਰਾੜ



