June 23, 2026 1:25 pm

ਮੁੱਖ ਮੰਤਰੀ ਵੱਲੋਂ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 10 ਚੇਅਰਮੈਨਾਂ ਦੀ ਨਿਯੁਕਤੀ ਨੂੰ ਪ੍ਰਵਾਨਗੀ

ਅਵਤਾਰ ਬਰਾੜ ਨੂੰ ਪੀ.ਆਰ.ਟੀ.ਸੀ. ਤੇ ਜੋਗਿੰਦਰਪਾਲ ਜੈਨ ਨੂੰ ਪੰਜਾਬ ਰਾਜ ਗੁਦਾਮ ਨਿਗਮ ਦਾ ਚੇਅਰਮੈਨ ਨਿਯੁਕਤ
image ਚੰਡੀਗੜ੍ਹ, 9 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬਾ ਸਰਕਾਰ ਦੇ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 10 ਚੇਅਰਮੈਨਾਂ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਇਨ੍ਹਾਂ ਚੇਅਰਮੈਨਾਂ ਦੀਆਂ ਨਿਯੁਕਤੀਆਂ ਨੂੰ ਪ੍ਰਵਾਨਗੀ ਦੇਣ ਸਬੰਧੀ ਫਾਈਲ ’ਤੇ ਅੱਜ ਸਵੇਰੇ ਸਹੀ ਪਾ ਦਿੱਤੀ। ਜਾਰੀ ਕੀਤੇ ਹੁਕਮਾਂ ਮੁਤਾਬਕ ਸਾਬਕਾ ਮੰਤਰੀ ਸ. ਅਵਤਾਰ ਸਿੰਘ ਬਰਾੜ ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦਾ ਚੇਅਰਮੈਨ, ਮੋਗਾ ਦੇ ਵਿਧਾਇਕ ਸ੍ਰੀ ਜੋਗਿੰਦਰ ਪਾਲ ਜੈਨ ਨੂੰ ਪੰਜਾਬ ਰਾਜ ਗੁਦਾਮ ਨਿਗਮ ਦਾ ਚੇਅਰਮੈਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨੂੰ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਦਾ ਚੇਅਰਮੈਨ, ਸਾਬਕਾ ਵਿਧਾਇਕ ਸ. ਪ੍ਰਕਾਸ਼ ਸਿੰਘ ਭੱਟੀ ਨੂੰ ਪੰਜਾਬ ਅਨੁਸੂਚਿਤ ਜਾਤੀ ਭੌਂ ਵਿਕਾਸ ਤੇ ਵਿੱਤ ਨਿਗਮ ਦਾ ਚੇਅਰਮੈਨ ਜਦਕਿ ਯੂਥ ਅਕਾਲੀ ਨੇਤਾ ਸ. ਰਵੀਕਿਰਨ ਸਿੰਘ ਕਾਹਲੋਂ ਨੂੰ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ

ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸੇ ਦੌਰਾਨ ਯੂਥ ਅਕਾਲੀ ਨੇਤਾ ਸ. ਬਰਜਿੰਦਰ ਸਿੰਘ ਬਰਾੜ ਨੂੰ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ, ਸੀਨੀਅਰ ਅਕਾਲੀ ਆਗੂ ਸ. ਅਵਤਾਰ ਸਿੰਘ ਹਿੱਤ ਨੂੰ ਪੰਜਾਬ ਰਾਜ ਸਨਅਤੀ ਵਿਕਾਸ ਨਿਗਮ ਦਾ ਚੇਅਰਮੈਨ, ਸ. ਸੁਖਵਿੰਦਰ ਸਿੰਘ ਔਲਖ ਨੂੰ ਪਨਸੀਡ ਦਾ ਚੇਅਰਮੈਨ, ਸ੍ਰੀ ਵਿਜੇ ਦਾਨਵ ਨੂੰ ਦਲਿਤ ਵਿਕਾਸ ਬੋਰਡ ਦਾ ਚੇਅਰਮੈਨ, ਸ੍ਰੀ ਰਾਜ ਕੁਮਾਰ ਅਤੀਕਾਏ ਨੂੰ ਸਫਾਈ ਕਰਮਚਾਰੀ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਹੀ ਸ. ਗੁਰਬਚਨ ਸਿੰਘ ਬਚੀ ਨੂੰ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (ਪੀ. ਐਸ. ਪੀ. ਸੀ.ਐਲ) ਦੇ ਬੋਰਡ ਆਫ ਡਾਇਰੈਕਟਰਜ਼ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ. ਨਗਰ (ਮੋਹਾਲੀ) ਦੇ ਚੇਅਰਮੈਨ ਸ੍ਰੀ ਹਰਭਜਨ ਮਾਨ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ ਜਿਨ੍ਹਾਂ ਨੇ ਆਪਣੇ ਅਹੁਦੇ ਤੋਂ 18 ਦਸੰਬਰ, 2013 ਨੂੰ ਅਸਤੀਫਾ ਦੇ ਦਿੱਤਾ ਸੀ। ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਨਿਯੁਕਤੀਆਂ ਬਾਰੇ ਰਸਮੀ ਹੁਕਮ ਛੇਤੀ ਹੀ ਜਾਰੀ ਕਰ ਦਿੱਤੇ ਜਾਣਗੇ।

Send this to a friend