Skip to content
Independent perspectives. Global stories.
BREAKING

ਪੰਜਾਬ ਸਰਕਾਰ ਦੇ ਫੈਸਲੇ ਰਾਜ ਦੇ ਖੇਤੀ ਅਤੇ ਉਦਯੋਗਿਕ ਵਿਕਾਸ ਨੂੰ ਦੇਣਗੇ ਨਵੀਂ ਦਿਸ਼ਾ : ਸੁਨੀਲ ਜਾਖੜ

Share this story

ਬਟਾਲਾ, 28 ਨਵੰਬਰ (ਅਰਵਿੰਦਰ ਮਠਾਰੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਸੂਬੇ ਦੀ ਖੇਤੀ ਅਤੇ ਉਦਯੋਗ ਖੇਤਰ ਨੂੰ ਮੁੜ ਸੁਰਜੀਤ ਕਰਨ ਵਿਚ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਅਨੁਸਾਰ ਗੰਨੇ ਦੀ ਕੀਮਤ ਵਿਚ ਵਾਧਾ ਕਰਨ ਦਾ ਫੈਸਲਾ ਸੂਬੇ ਵਿਚ ਫਸਲੀ ਵੰਨਸੁਵੰਨਤਾ ਨੂੰ ਪ੍ਰਫੁਲਿਤ ਕਰੇਗਾ। ਸ੍ਰੀ ਜਾਖੜ ਨੇ ਆਖਿਆ ਕਿ ਸੂਬਾ ਸਰਕਾਰ ਨੇ ਗੰਨਾ ਉਤਪਾਦਕਾਂ ਦੇ ਹਿੱਤ ਵਿੱਚ ਗੰਨੇ ਦੇ ਸਟੇਟ ਐਗਰਿਡ ਪ੍ਰਾਈਸ (ਐਸ.ਏ.ਪੀ.) ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2017-18 ਦੇ ਪਿੜਾਈ ਸੀਜ਼ਨ ਲਈ ਗੰਨੇ ਦੇ ਭਾਅ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਅਗੇਤੀ ਕਿਸਮ ਲਈ ਐਸ.ਏ.ਪੀ. 300 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 310 ਰੁਪਏ ਪ੍ਰਤੀ ਕੁਇੰਟਲ, ਦਰਮਿਆਨੀ ਕਿਸਮ ਲਈ 290 ਰੁਪਏ ਤੋਂ ਵਧਾ ਕੇ 300 ਰੁਪਏ ਅਤੇ ਪਛੇਤੀ ਕਿਸਮ ਲਈ ਇਹ ਭਾਅ 285 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 295 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਵਿਚੋਂ ਕੱਢਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਸਾਨਾਂ ਸਬੰਧੀ ਇਕ ਪੰਜ ਮੈਂਬਰੀ ਕਮਿਸ਼ਨ ਦੇ ਗਠਨ ਦੇ ਫੈਸਲੇ ਦੀ ਸਲਾਘਾ ਕਰਦਿਆਂ ਕਿਹਾ ਕਿ ‘ਪੰਜਾਬ ਰਾਜ ਕਿਸਾਨ ਅਤੇ ਖੇਤ ਕਾਮਿਆਂ ਬਾਰੇ ਕਮਿਸ਼ਨ-2017’ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਖੇਤੀ ਨੀਤੀਆਂ ਘੜਨ ਦੀ ਯੋਜਨਾ ਦਾ ਜ਼ਿੰਮਾ ਸੌਂਪਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੰਗੀ ਯੋਜਨਾਬੰਦੀ ਨਾਲ ਹੀ ਖੇਤੀ ਸੈਕਟਰ ਨੂੰ ਮੁੜ ਸੁਰਜੀਤ ਕੀਤਾ ਜਾ ਸਕਦਾ ਹੈ ਅਤੇ ਕਿਸਾਨਾਂ ਦੀ ਆਮਦਨ ਵਧਾਈ ਜਾ ਸਕਦੀ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਇਸੇ ਤਰਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਵਿਚ ਸਨਅਤੀ ਵਿਕਾਸ ਨੂੰ ਹੋਰ ਤੇਜ ਕਰਨ ਲਈ ਵਚਨਬੱਧ ਹੈ ਤਾਂ ਜੋ ਇਸ ਨਾਲ ਜਿੱਥੇ ਨੌਜਵਾਨਾਂ ਲਈ ਰੁਜਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਨ ਉਥੇ ਹੀ ਇਹ ਸੂਬੇ ਦੀ ਆਰਥਿਕ ਤਰੱਕੀ ਦਾ ਵੀ ਰਾਹ ਖੋਲੇਗਾ।
ਇਸੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸੂਬੇ ਵਿੱਚ ਬਣਾਏ ਜਾ ਰਹੇ ਪਲਾਟਿਕ ਕਲੱਸਟਰ ਦੇ ਵਾਸਤੇ 1200 ਕਰੋੜ ਰੁਪਏ ਦੇ ਨਿਵੇਸ਼ ਵਾਲੇ 50 ਸਹਿਮਤੀ ਪੱਤਰਾਂ ’ਤੇ ਹਸਤਾਖਰ ਕੀਤੇ ਹਨ। ਸੂਬੇ ਵਿੱਚ ਸਨਅਤੀ ਵਿਕਾਸ ਨੂੰ ਬੜ੍ਹਾਵਾ ਦੇਣ ਵਾਸਤੇ ਬਿਜਲੀ ਦਰਾਂ ਵਿੱਚ ਕਮੀ ਕੀਤੇ ਜਾਣ ਤੋਂ ਬਾਅਦ ਉਦਯੋਗ ਨੂੰ ਇਹ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੰਗਰੂਰ, ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਵਿੱਚ ਪਲਾਸਟਿਕ ਉਦਯੋਗ ਕਲੱਸਟਰ ਵਿਕਸਿਤ ਕਰਨਾ ਚਾਹੁੰਦੀ ਹੈ ਤੇ ਇਸ ਵਾਸਤੇ ਸੂਬੇ ਦੀ ਨਵੀਂ ਸਨਅਤੀ ਨੀਤੀ ਵਿੱਚ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਦਯੋਗ ਅਤੇ ਕਮਰਸ ਵਿਭਾਗ ਨਾਲ ਸਹੀ ਪਾਏ ਗਏ ਸਹਿਮਤੀ ਪੱਤਰਾਂ ਦੇ ਨਾਲ ਤਕਰੀਬਨ 6000 ਨੌਕਰੀਆਂ ਪੈਦਾ ਹੋਣਗੀਆਂ।

WRITTEN BY