ਪਟਿਆਲਾ, 29 ਨਵੰਬਰ (ਪ੍ਰੇਮ ਵਧਵਾ)- ਪੰਜਾਬ ਸਰਕਾਰ ਵੱਲੋਂ ਮਿਤੀ 25 ਅਕਤੂਬਰ 2016 ਨੂੰ ਗਊ ਸੈਸ ਬਾਰੇ ਜਾਰੀ ਕੀਤੇ ਨੋਟੀਫਿਕੇਸ਼ਨ ਤੋਂ ਬਾਅਦ ਜਿਹਨਾਂ ਵਿਭਾਗਾਂ ਜਾਂ ਅਦਾਰਿਆਂ ਵੱਲੋਂ ਨਗਰ ਨਿਗਮ ਤੇ ਮਿਊਂਸਪਲ ਕਮੇਟੀਆਂ ਨੂੰ ਗਊ ਸੈਸ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ ਉਹਨਾਂ ਵਿਰੁੱਧ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕਾਰਵਾਈ ਕਰਨ ਦੇ ਸੰਕੇਤ ਦਿੱਤੇ ਹਨ। ਅੱਜ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਪ੍ਰਮੁੱਖ ਵਿਭਾਗਾਂ ਦੀ ਰੱਖੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਗਊ ਸੈਸ ਅਦਾ ਨਾ ਕਰਨ ਵਾਲੇ ਵਿਭਾਗਾਂ/ਅਦਾਰਿਆਂ ਖਿਲਾਫ ਕਾਰਵਾਈ ਕਰਨ ਬਾਰੇ ਕਿਹਾ ਹੈ। ਮੀਟਿੰਗ ਦੌਰਾਨ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਕਈ ਵਿਭਾਗਾਂ ਵੱਲੋਂ ਬਣਦਾ ਗਊ ਸੈਸ ਨਗਰ ਨਿਗਮ ਕੋਲ ਜਮ੍ਹਾਂ ਨਾ ਕਰਾਉਣ ਦਾ ਮਾਮਲਾ ਸਾਹਮਣੇ ਲਿਆਉਣ ’ਤੇ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਪੀ.ਐਸ.ਪੀ.ਸੀ.ਐਲ, ਆਬਕਾਰੀ ਤੇ ਕਰ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਿਕ ਬਣਦਾ ਗਊ ਸੈਸ ਜਮ੍ਹਾਂ ਕਰਵਾਇਆ ਜਾਵੇ। ੍ਯਅੱਜ ਦੀ ਇਸ ਮੀਟਿੰਗ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ, ਆਬਕਾਰੀ ਤੇ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸ੍ਰੀ ਕੁਮਾਰ ਸੌਰਵ ਰਾਜ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਪੂਨਮਦੀਪ ਕੌਰ, ਆਰ.ਟੀ.ਏ ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਪਟਿਆਲਾ ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਸਮਾਣਾ ਸ੍ਰੀ ਅਰਵਿੰਦ ਕੁਮਾਰ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸ੍ਰੀ ਅੰਕੁਰ ਮਹਿੰਦਰੂ, ਪਸ਼ੂ ਪਾਲਣ ਦੇ ਡਿਪਟੀ ਡਾਇਰੈਕਟਰ ਡਾ: ਐਚ.ਐਮ.ਵਾਲੀਆ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ: ਸੁਦੇਸ਼ ਪ੍ਰਤਾਪ ਸਿੰਘ, ਸੈਨੇਟਰੀ ਇੰਸਪੈਕਟਰ ਸ੍ਰੀ ਭਗਵੰਤ ਸਿੰਘ ਅਤੇ ਪੀ.ਐਸ.ਪੀ.ਸੀ.ਐਲ. ਤੇ ਹੋਰ ਵਿਭਾਗਾਂ ਦੇ ਕਈ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਗਊ ਸੈਸ ਜਮ੍ਹਾਂ ਨਾ ਕਰਵਾਉਣ ਵਾਲੇ ਅਦਾਰਿਆਂ ਖਿਲਾਫ਼ ਹੁਣ ਹੋਵੇਗੀ ਕਾਰਵਾਈ



