ਚੰਡੀਗੜ੍ਹ, 29 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਗਲੇ ਅਕਾਦਮਿਕ ਸੈਸ਼ਨ ਤੋਂ ਪਹਿਲਾਂ 28 ਫਰਵਰੀ 2018 ਤੱਕ ਕਿਤਾਬਾਂ ਅਤੇ ਵਰਦੀ ਮਿਲੇਗੀ। ਇਹ ਗੱਲ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਬੋਲਦਿਆਂ ਕਹੀ। ਸਿੱਖਿਆ ਮੰਤਰੀ ਸੈਸ਼ਨ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ (ਸੋਧਨਾ) 2017 ਬਿੱਲ ਉੱਤੇ ਬਹਿਸ ਮੌਕੇ ਕਈ ਵਿਧਾਇਕਾਂ ਵੱਲੋਂ ਉਠਾਏ ਗਏ ਸ਼ੰਕਿਆਂ ਦੀ ਨਵਿਰਤੀ ਕਰਦਿਆਂ ਕਹੀ। ਸਿੱਖਿਆ ਮੰਤਰੀ ਨੇ ਆਪਣੀ ਤਕਰੀਰ ਵਿੱਚ ਹਰ ਵਿਧਾਇਕ ਵੱਲੋਂ ਉਠਾਏ ਗਏ ਮੁੱਦੇ ਦਾ ਤੱਥਾਂ ਸਮੇਤ ਵਿਸਥਾਰ ਵਿੱਚ ਜਵਾਬ ਦਿੱਤਾ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਿਆਰੀ ਸਿੱਖਿਆ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਸ ਵਾਰ ਵਿਦਿਆਰਥੀਆਂ ਨੂੰ ਸਮੇਂ ਤੋਂ ਪਹਿਲਾਂ ਪੁਸਤਕਾਂ ਅਤੇ ਵਰਦੀਆਂ ਦੇਣ ਉੱਪਰ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਅਤੇ ਅਗਲਾ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ 28 ਫਰਵਰੀ 2018 ਤੱਕ ਵਿਦਿਆਰਥੀਆਂ ਨੂੰ ਪੁਸਤਕਾਂ ਅਤੇ ਵਰਦੀਆਂ ਮਿਲ ਜਾਣਗੀਆਂ। ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰਾਇਮਰੀ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰ ਕੇ ਕ੍ਰਾਂਤੀਕਾਰੀ ਕਦਮ ਉਠਾਇਆ ਹੈ ਅਤੇ ਇਹ ਕਦਮ ਚੁੱਕਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਉਨ੍ਹਾਂ ਕਿਹਾ ਕਿ ਹੁਣ 3 ਤੋਂ 6 ਸਾਲ ਤੱਕ ਦੇ ਬੱਚੇ ਵੀ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਕਲਾਸਾਂ ਵਿੱਚ ਦਾਖਲਾ ਲੈ ਸਕਣਗੇ। ਇਸ ਤੋਂ ਪਹਿਲਾਂ 6 ਸਾਲ ਤੋਂ ਛੋਟੇ ਬੱਚੇ ਪ੍ਰਾਈਵੇਟ ਸਕੂਲਾਂ ਵਿੱਚ ਦਾਖਲਾ ਲੈਣ ਜਾਂ ਘਰ ਬੈਠਣ ਲਈ ਮਜਬੂਰ ਸਨ। ਵਿਧਾਇਕਾਂ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਸਬੰਧੀ ਉਠਾਏ ਮੁੱਦੇ ਦਾ ਜਵਾਬ ਦਿੰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਰੈਗੂਲੇਟਰੀ ਅਥਾਰਟੀ ਆਪਣਾ ਕੰਮ ਕਰ ਰਹੀ ਹੈ ਅਤੇ ਜੇਕਰ ਕੋਈ ਵੀ ਸਕੂਲ 8 ਫੀਸਦੀ ਤੋਂ ਵੱਧ ਫੀਸਾਂ ਵਿੱਚ ਵਾਧਾ ਕਰਦਾ ਹੈ ਤਾਂ ਮਾਪੇ ਜਾਂ ਵਿਦਿਆਰਥੀ ਡਿਵੀਜ਼ਨ ਪੱਧਰ ’ਤੇ ਕਮਿਸ਼ਨਰ ਕੋਲ ਸ਼ਿਕਾਇਤ ਕਰ ਸਕਦੇ ਹਨ। ਵਿਰੋਧੀ ਧਿਰ ਦੇ ਵਿਧਾਇਕ ਵੱਲੋਂ 800 ਸਕੂਲ ਬੰਦ ਕਰਨ ਦੇ ਮੁੱਦੇ ’ਤੋ ਬੋਲਦਿਆਂ ਉਨ੍ਹਾਂ ਕਿਹਾ ਕਿ ਅਜਿਹੀ ਬਿਆਨਬਾਜ਼ੀ ਉਨ੍ਹਾਂ ਨੂੰ ਸ਼ੋਭਦੀ ਨਹੀਂ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਸੋਧਨਾ) 2017 ਬਿੱਲ ਬਾਰੇ ਬੋਲਦਿਆਂ ਕਿਹਾ ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਵਿਅਕਤੀ ਵਿਸ਼ੇਸ਼ ਨੂੰ ਫਾਇਦਾ ਦੇਣ ਲਈ ਸੀਨੀਅਰ ਵਾਈਸ ਚੇਅਰਮੈਨ ਦਾ ਨਵਾਂ ਅਹੁਦਾ ਸਿਰਜਿਆ ਗਿਆ ਸੀ ਜਿਸ ਦੀ ਕੋਈ ਲੋੜ ਨਹੀਂ ਸੀ।
ਸਕੂਲੀ ਬੱਚਿਆਂ ਨੂੰ ਕਿਤਾਬਾਂ ਤੇ ਵਰਦੀ ਅਗਲਾ ਅਕਾਦਮਿਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ 28 ਫਰਵਰੀ ਤੱਕ ਮਿਲਣਗੀਆਂ : ਅਰੁਨਾ ਚੌਧਰੀ



