ਪਟਿਆਲਾ, 30 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਕਾਲਜ, ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਅਤੇ ਸਮੂਹ ਸਟਾਫ਼ ਨੇ ਸਿੱਖਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਬਨਣ ‘ਤੇ ਭਾਈ ਗੋਬਿੰਦ ਸਿੰਘ ਜੀ ਲੌਗੋਂਵਾਲ ਨੂੰ ਮੁਬਾਰਕਬਾਦ ਦਿੱਤੀ। ਕਾਲਜ ਪ੍ਰਿੰਸੀਪਲ ਨੇ ਲੌਗੋਂਵਾਲ ਸਾਹਿਬ ਦੀ ਸਖ਼ਸੀਅਤ ਬਾਰੇ ਦੱਸਦਿਆਂ ਕਿਹਾ, ਇਹ ਬਹੁਤ ਖੁਸ਼ੀ ਦੀ ਗੱਲ ਕਿ ਭਾਈ ਗੋਬਿੰਦ ਸਿੰਘ ਲੌਗੋਂਵਾਲ ਬਚਪਨ ਤੋਂ ਹੀ ਧਾਰਮਿਕ ਪ੍ਰਵਿਰਤੀ ਦੇ ਮਾਲਕ ਹਨ। ਉਨ੍ਹਾਂ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥ ਦੀ ਸਿਰਮੌਰ ਸੰਸਥਾ ਬਣ ਕੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹੋਰ ਅੱਗੇ ਵਧੇਗੀ। ਇਸ ਪ੍ਰਬੰਧ ਅਧੀਨ ਕੰਮ ਕਰ ਰਹੀਆਂ ਵਿਦਿਅਕ ਸੰਸਥਾਵਾਂ ਵਿਚ ਹੋਰ ਤੇਜ਼ੀ ਨਾਲ ਵਿਕਾਸ ਹੋਵੇਗਾ ਅਤੇ ਯੋਗ ਅਗਵਾਈ ਹੇਠ ਤਰੱਕੀ ਦੀਆਂ ਹੋਰ ਉਚੇਰੀਆਂ ਮੰਜ਼ਿਲਾਂ ਛੂਹਣਗੀਆਂ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਜੀ ਦੇ ਧਾਰਮਿਕ ਖੇਤਰ ਦਾ ਤਜਰਬਾ ਇਸ ਸੰਸਥਾ ਨੂੰ ਵੱਖ ਵੱਖ ਤਰ੍ਹਾਂ ਦੀਆਂ ਦਰਪੇਸ਼ ਆ ਰਹੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਰਾਹ ਦਸੇਰੇ ਬਣੇਗਾ। ਡਾ. ਉਭਾ ਨੇ ਕਾਲਜ ਦੇ ਸਮੁੱਚੇ ਸਟਾਫ਼ ਵੱਲੋਂ ਸ. ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਹਰਪਾਲ ਸਿੰਘ ਜੱਲਾ ਨੂੰ ਜੂਨੀਅਰ ਮੀਤ ਪ੍ਰਧਾਨ, ਸ. ਗੁਰਬਚਨ ਸਿੰਘ ਕਰਮੂੰਵਾਲਾ ਨੂੰ ਜਨਰਲ ਸਕੱਤਰ ਅਤੇ ਸਮੂਹ ਅੰਤਿੰ੍ਰਗ ਕਮੇਟੀ ਮੈਂਬਰਾਂ ਨੂੰ ਚੁਣੇ ਜਾਣ ’ਤੇ ਮੁਬਾਰਕਬਾਦ ਦਿੱਤੀ। ਕਾਲਜ ਦੇ ਸਮੂਹ ਵਿਭਾਗਾਂ ਦੇ ਮੁਖੀ ਸਾਹਿਬਾਨਾਂ ਦੀ ਹੋਈ ਮੀਟਿੰਗ ਵਿਚ ਵਧਾਈ ਦਾ ਮਤਾ ਪਾਸ ਕਰਦੇ ਹੋਏ ਸਮੂਹ ਸਟਾਫ਼ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਭਾਈ ਗੋਬਿੰਦ ਸਿੰਘ ਲੌਗੋਂਵਾਲ ਦੇ ਪ੍ਰਧਾਨ ਬਨਣ ’ਤੇ ਮੁਬਾਰਕਬਾਦ



