ਸਾਰੀਆਂ ਮੈਡੀਕਲ ਸੰਸਥਾਵਾਂ ਵਿੱਚ ਐਨ.ਏ.ਬੀ.ਐਲ. ਮਾਪਦੰਡ ਲਾਗੂ ਕਰਨ ਦਾ ਸੁਝਾਅ ਪ੍ਰਵਾਨ
ਚੰਡੀਗੜ੍ਹ, 1 ਦਸੰਬਰ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਦੇ ਤਿੰਨ ਮੈਡੀਕਲ ਕਾਲਜਾਂ ਵਿੱਚ ਸਥਾਪਤ ਹੁਨਰ ਵਿਕਾਸ ਕੇਂਦਰਾਂ ਦੇ ਕੰਮਕਾਜ ਦੀ ਉਚ ਪਧਰੀ ਜਾਂਚ ਦੇ ਹੁਕਮ ਦਿਤੇ ਹਨ। 18 ਕਰੋੜ ਰੁਪਏ ਦੀ ਰਾਸ਼ੀ ਨਾਲ ਹੋਂਦ ਵਿੱਚ ਆਈਆਂ ਇਨ੍ਹਾਂ ਸੁਵਿਧਾਵਾਂ ਦੇ ਬੇਕਾਰ ਪਏ ਹੋਣ ਦੀ ਸੂਚਨਾ ਪ੍ਰਾਪਤ ਹੋਣ ਤੋਂ ਬਾਅਦ ਉਨ੍ਹਾਂ ਨੇ ਇਹ ਹੁਕਮ ਜਾਰੀ ਕੀਤੇ। ਇਕ ਸਰਕਾਰੀ ਬੁਲਾਰੇ ਦੇ ਅਨੁਸਾਰ ਇਹ ਤਿੰਨ ਮੈਂਬਰੀ ਕਮੇਟੀ ਪ੍ਰਮੁਖ ਸਕਤਰ ਮੈਡੀਕਲ ਸਿਖਿਆ ਅਤੇ ਖੋਜ ਸੰਜੇ ਕੁਮਾਰ ਦੀ ਅਗਵਾਈ ਵਿਚ ਬਣਾਈ ਗਈ ਹੈ। ਇਸ ਕਮੇਟੀ ਨੂੰ ਇਨ੍ਹਾਂ ਕੇਂਦਰਾਂ ਦੇ ਕੰਮਕਾਜ ਦੀ ਪੂਰੀ ਜਾਂਚ ਕਰਨ ਦਾ ਕੰਮ ਸੌਂਪਿਆ ਗਿਆ ਹੈ। ਕਮੇਟੀ ਦੇ ਹੋਰਨਾਂ ਮੈਂਬਰਾਂ ਵਿੱਚ ਸਕਤਰ ਹੁਨਰ ਵਿਕਾਸ ਮਿਸ਼ਨ ਭਵਨਾ ਗਰਗ ਅਤੇ ਡਾਇਰੈਕਟਰ ਰਿਸਰਚ ਮੈਡੀਕਲ ਸਿਖਿਆ ਅਵਨੀਸ਼ ਕੁਮਾਰ ਸ਼ਾਮਲ ਹਨ। ਮੈਡੀਕਲ ਸਿਖਲਾਈ ਸੰਸਥਾਵਾਂ ਵਿੱਚ ਜਵਾਬਦੇਹੀ ਅਤੇ ਕੁਸ਼ਲਤਾ ਵਿੱਚ ਸੁਧਾਰ ਲਿਆਉਣ ਲਈ ਇਹ ਜਾਂਚ ਕਰਵਾਈ ਜਾ ਰਹੀ ਹੈ। ਸ਼ਿਕਾਇਤਾਂ ਪ੍ਰਾਪਤ ਹੋਣ ਕਾਰਨ ਇਹ ਜਾਂਚ ਜ਼ਰੂਰੀ ਬਣ ਗਈ ਸੀ। ਸ਼ਿਕਾਇਤਾਂ ਵਿੱਚ ਕਿਹਾ ਗਿਆ ਸੀ ਕਿ ਇਹ ਸੁਵਿਧਾਵਾਂ ਬੇਕਾਰ ਪਈਆਂ ਹਨ ਅਤੇ ਇੱਥੇ ਕੋਈ ਵੀ ਵਿਦਿਆਰਥੀ ਨਹੀਂ ਹੈ। ਜਿਨ੍ਹਾਂ ਪ੍ਰਾਈਵੇਟ ਕੰਪਨੀਆਂ ਨੂੰ ਹੁਨਰ ਵਿਕਾਸ ਕੇਂਦਰ ਚਲਾਉਣ ਲਈ ਅਹਿਮ ਸਰਕਾਰੀ ਜ਼ਮੀਨ ਮੁਹੱਈਆ ਕਰਾਈ ਗਈ ਸੀ ਉਹ ਸਮਝੌਤੇ ਦੀਆਂ ਸ਼ਰਤਾਂ ਦੀ ਉਲੰਘਣਾ ਕਰ ਰਹੀਆਂ ਹਨ। ਪੀ.ਆਈ.ਐਮ.ਐਸ. ਨੇ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਹਰੇਕ ਸੈਂਟਰ ਵਿੱਚ 6 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਨਿਵੇਸ਼ ਕੀਤੀ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਜਾਣਕਾਰੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਪੰਜਾਬ ਯੂਨੀਵਰਸਿਟੀ ਆਫ ਮੈਡੀਕਲ ਸਾਇੰਸਜ਼ (ਪੀ.ਆਈ.ਐਮ.ਐਸ.) ਦੀ 36 ਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦਿੱਤੀ।
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਰਾਜ ਦੇ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਨੈਸ਼ਨਲ ਐਕਰੀਡੀਟੇਸ਼ਨ ਬੋਰਡ ਫਾਰ ਟੈਸਟਿੰਗ ਐਂਡ ਕੈਲੀਬਰੇਸ਼ਨ ਲੈਬੋਰਟਰੀਜ਼ (ਐਨ.ਏ.ਬੀ.ਐਲ) ਦੇ ਮਾਪਦੰਡ ਲਾਗੂ ਕਰਨ ਦਾ ਸੁਝਾਅ ਵੀ ਸਵੀਕਾਰ ਕਰ ਲਿਆ ਹੈ। ਮੁਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਲਾਭਕਾਰੀ ਰੁਜ਼ਗਾਰ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਧੀਆ ਡਾਕਟਰੀ ਸਿਖਿਆ ਪ੍ਰਦਾਨ ਕਰਨ ਲਈ ਪਾਬੰਦ ਹੈ ਅਤੇ ਉਨ੍ਹਾਂ ਨੂੰ ਆਪਣਾ ਭਵਿਖ ਖਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਪੀ.ਆਈ.ਐਮ.ਐਸ. ਅਤੇ ਪੀ.ਐਮ.ਈ.ਸੀ. ਦੇ ਮੁਦਿਆਂ ਨੂੰ ਤੁਰੰਤ ਹਲ ਕਰਨ ਦੀ ਜ਼ਰੂਰਤ ਨਾਲ ਸਹਿਮਤੀ ਜਤਾਈ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਯੋਗ ਹੱਲ ਲੱਭਣ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੈਡੀਕਲ ਵਿਦਿਆਰਥੀਆਂ ਨੂੰ ਮਿਆਰੀ ਹੁਨਰ ਸਿਖਲਾਈ ਯਕੀਨੀ ਬਨਾਉਣ ਲਈ ਢੰਗ-ਤਰੀਕੇ ਨੂੰ ਹੋਰ ਮਜ਼ਬੂਤ ਕਰੇਗੀ। ਮੀਟਿੰਗ ਵਿੱਚ ਹਾਜ਼ਰ ਹੋਰਨਾਂ ਵਿੱਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਿਸ਼ੇਸ਼ ਸਕੱਤਰ ਵਿੱਚ ਟੀ.ਪੀ.ਐਸ. ਫੂਲਕਾ, ਡਿਪਟੀ ਕਮਿਸ਼ਨਰ ਜ¦ਧਰ ਵਰਿੰਦਰ ਸ਼ਰਮਾ, ਡਾਇਰੈਕਟਰ ਪੀ.ਆਈ.ਐਮ.ਐਸ. ਵਿਮਲ ਸੀਕਰੀ, ਡਾਇਰੈਕਟਰ ਖੋਜ ਮੈਡੀਕਲ ਸਿੱਖਿਆ ਅਵਨੀਸ਼ ਕੁਮਾਰ ਅਤੇ ਮੈਂਬਰ ਗਵਰਨਿੰਗ ਕੌਂਸਲ ਪੀ.ਆਈ.ਐਮ.ਐਸ. ਐਸ.ਪੀ.ਐਸ. ਗਰੇਵਾਲ ਸ਼ਾਮਲ ਸਨ।



