
ਬਟਾਲਾ, 1 ਦਸੰਬਰ (ਅਰਵਿੰਦਰ ਸਿੰਘ ਮਠਾਰੂ)- ਭਾਰਤੀ ਫੌਜ ਦੇ ਜਵਾਨ ਸ਼ਹੀਦ ਮਨਦੀਪ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਚਾਹਲ ਖੁਰਦ ਵਿਖੇ ਕਰਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਜਾਏ ਦਰਬਾਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਸ਼ਹੀਦ ਮਨਦੀਪ ਸਿੰਘ ਨਮਿਤ ਅੰਤਿਮ ਅਰਦਾਸ ਵਿੱਚ ਸ਼ਹੀਦੇ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ, ਧਾਰਮਿਕ, ਰਾਜਨੀਤਿਕ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਸ਼ਾਮਲ ਹੋਏ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਮਨਦੀਪ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਲੈਫੀਟੀਨੈਂਟ ਜਨਰਲ (ਰਿਟਾ:) ਤਜਿੰਦਰ ਸਿੰਘ ਸ਼ੇਰਗਿੱਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਸ਼ਹੀਦ ਨੂੰ ਸ਼ਰਧਾਂਜਲੀ ਦਿੰਦਿਆਂ ਜਨਰਲ ਸ਼ੇਰਗਿੱਲ ਨੇ ਕਿਹਾ ਕਿ ਸਮੁੱਚੇ ਦੇਸ਼ ਨੂੰ ਸ਼ਹੀਦ ਮਨਦੀਪ ਸਿੰਘ ਦੀ ਸ਼ਹਾਦਤ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਜਿਥੇ ਫਸਲਾਂ ਪੈਦਾ ਕਰਦੀ ਹੈ ਉਥੇ ਇਹ ਸੂਰਬੀਰ ਅਤੇ ਯੋਧੇ ਵੀ ਪੈਦਾ ਕਰਦੀ ਹੈ ਜਿਨ੍ਹਾਂ ਵਿੱਚੋਂ ਇੱਕ ਸ਼ਹੀਦ ਮਨਦੀਪ ਸਿੰਘ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਮੁੱਢ-ਕਦੀਮ ਤੋਂ ਹੀ ਕੁਰਬਾਨੀਆਂ ਕਰਕੇ ਆਪਣੀ ਕੌਮ ਤੇ ਦੇਸ਼ ਦੀ ਸੇਵਾ ਕੀਤੀ ਹੈ ਅਤੇ ਸਾਡਾ ਵਿਰਸਾ ਸ਼ਹਾਦਤਾਂ ਨਾਲ ਭਰਿਆ ਪਿਆ ਹੈ। ਜਨਰਲ ਸ਼ੇਰਗਿੱਲ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਇਸ ਯੋਧੇ ਦੀ ਸ਼ਹਾਦਤ ਅੱਗੇ ਸਿਰ ਝੁਕਾਉਂਦੇ ਹਨ ਅਤੇ ਇਹ ਵਾਅਦਾ ਕਰਦੇ ਹਨ ਕਿ ਸ਼ਹੀਦ ਦੇ ਪਰਿਵਾਰ ਦੀ ਸਾਰੀ ਜਿੰਮੇਵਾਰੀ ਹੁਣ ਰਾਜ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਆਰਥਿਕ ਮਦਦ ਦੇ ਨਾਲ ਉਸਦੀ ਪਤਨੀ ਨੂੰ ਸੂਬਾ ਸਰਕਾਰ ਵਲੋਂ ਸਰਕਾਰੀ ਨੌਂਕਰੀ ਦਿੱਤੀ ਜਾਵੇਗੀ। ਇਸ ਮੌਕੇ ਜਨਰਲ ਸ਼ੇਰਗਿੱਲ ਵੱਲੋਂ ਸ਼ਹੀਦ ਦੇ ਪਿਤਾ ਪ੍ਰੇਮ ਸਿੰਘ, ਮਾਤਾ ਭਜਨ ਕੌਰ ਅਤੇ ਪਤਨੀ ਰਾਜਵਿੰਦਰ ਕੌਰ ਨੂੰ ਸੂਬਾ ਸਰਕਾਰ ਵੱਲੋਂ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇ ਚੈਕ ਵੀ ਭੇਂਟ ਕੀਤੇ ਗਏ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਬਾਕੀ ਦੇ ਸਰਕਾਰੀ ਲਾਭ ਵੀ ਸਰਕਾਰ ਵੱਲੋਂ ਉਨ੍ਹਾਂ ਦੇ ਘਰ ਆ ਕੇ ਦਿੱਤੇ ਜਾਣਗੇ। ਉਨ੍ਹਾਂ ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿੱਚ ਜਲੰਧਰ ਰੋਡ ਤੋਂ ਪਿੰਡ ਚਾਹਲ ਖੁਰਦ ਨੂੰ ਜਾਂਦੇ ਰਸਤੇ ’ਤੇ ਗੇਟ ਬਣਾਉਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਹਲਕਾ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸ਼ਹੀਦ ਮਨਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਨਦੀਪ ਸਿੰਘ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀ ਕੁਰਬਾਨੀ ਦਿੱਤੀ ਹੈ ਜਿਸਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਸ਼ਹੀਦ ਦਾ ਕਰਜ਼ਦਾਰ ਹੈ। ਪਰਿਵਾਰ ਨੂੰ ਢਾਰਸ ਦਿੰਦਿਆਂ ਸ. ਲਾਡੀ ਨੇ ਕਿਹਾ ਕਿ ਉਹ ਇਹ ਦੁੱਖ ਦੀ ਘੜ੍ਹੀ ਵਿੱਚ ਪਰਿਵਾਰ ਨਾਲ ਖੜ੍ਹੇ ਹਨ ਅਤੇ ਇਹ ਉਨ੍ਹਾਂ ਦਾ ਆਪਣਾ ਪਰਿਵਾਰ ਹੈ। ਇਸ ਮੌਕੇ ਵਿਧਾਇਕ ਲਾਡੀ ਨੇ ਐਲਾਨ ਕੀਤਾ ਕਿ ਚਾਹਲ ਖੁਰਦ ਤੋਂ ਅੱਚਲ ਸਾਹਿਬ ਲਿੰਕ ਰੋਡ ਨੂੰ ਚੌੜਾ ਕਰਕੇ ਇਸ ਸੜਕ ਦਾ ਨਾਮ ਸ਼ਹੀਦ ਦੇ ਨਾਮ ਉਪਰ ਰੱਖਿਆ ਜਾਵੇਗਾ।
ਇਸ ਮੌਕੇ ਹਲਕਾ ਬਟਾਲਾ ਦੇ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਨੇ ਵੀ ਸ਼ਹੀਦ ਨੂੰ ਸ਼ਰਧਾਂਜਲੀ ਦਿੰਦਿਆਂ ਸ਼ਹੀਦ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਇਜ਼ਹਾਰ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਦੀ ਯਾਦ ਵਿੱਚ ਪਿੰਡ ਚਾਹਲ ਖੁਰਦ ਵਿਖੇ ਇੱਕ ਲਾਇਬਰੇਰੀ ਖੋਲ੍ਹਣ ਦਾ ਐਲਾਨ ਕੀਤਾ। ਇਸਦੇ ਨਾਲ ਹੀ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦਾ ਇੱਕ ਚੰਦੋਆ ਪਿੰਡ ਦੇ ਗੁਰਦੁਆਰਾ ਸਾਹਿਬ ਨੂੰ ਭੇਟ ਕੀਤਾ। ਇਸ ਮੌਕੇ ਡਾਇਰੈਕਟਰ ਸੈਨਿਕ ਭਲਾਈ ਬ੍ਰਿਗੇਡੀਅਰ ਜਤਿੰਦਰ ਸਿੰਘ ਅਰੋੜਾ, ਐਸ.ਡੀ.ਐਮ. ਬਟਾਲਾ ਸ੍ਰੀ ਰੋਹਿਤ ਗੁਪਤਾ, ਜ਼ਿਲ੍ਹਾ ਸੈਨਿਕ ਭਲਾਈ ਅਫਸਰ ਗੁਰਦਾਸਪੁਰ ਕਰਨਲ ਸਤਬੀਰ ਸਿੰਘ ਵੜੈਚ, ਜ਼ਿਲ੍ਹਾ ਸੈਨਿਕ ਭਲਾਈ ਅਫਸਰ ਅੰਮ੍ਰਿਤਸਰ ਕਰਨਲ ਅਮਰਬੀਰ ਸਿੰਘ ਚਾਹਲ, ਮਾਸਟਰ ਅਜਮੇਰਪਾਲ ਸਿੰਘ ਚਾਹਲ, ਮੰਗਲ ਸਿੰਘ ਬਟਾਲਾ, ਟੀਟਾ ਬਾਜਵਾ ਪੰਜਗਰਾਈਆਂ, ਚੇਅਰਮੈਨ ਰਾਜਾ ਚਾਹਲ, ਅਜੀਤ ਸਿੰਘ ਚੀਮ, ਅਵਤਾਰ ਸਿੰਘ ਬਟਾਲਾ, ਦਲਜਿੰਦਰ ਸਿੰਘ ਸਾਹਬੀ, ਸੁਖਵਿੰਦਰ ਸਿੰਘ ਰਾਜਾ, ਡਾ. ਬਲਵਿੰਦਰ ਸਿੰਘ ਬਹਾਦਰ ਹੁਸੈਨ, ਡਾ. ਸੁਖਜਿੰਦਰ ਸਿੰਘ, ਮਨਪ੍ਰੀਤ ਸਿੰਘ ਸ਼ਾਹਬਾਦ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ।



