Skip to content
Independent perspectives. Global stories.
BREAKING

ਝੂਠੇ ਪੁਲਿਸ ਮੁਕਾਬਲਿਆਂ ਦਾ ਦਰਦ

Share this story

ਸਿੱਖ ਧਰਮ ਯੁੱਧ ਮੋਰਚੇ ਦੌਰਾਨ ਪੁਲਿਸ ਅਤੇ ਨੀਮ ਫੌਜੀ ਦਸਤਿਆਂ ਵੱਲੋਂ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਤਹਿਤ ਬੇ-ਰਹਿਮੀ ਨਾਲ ਕਤਲ ਕੀਤੇ ਗਏ ਸਿੱਖ ਨੌਜਵਾਨਾਂ ਦਾ ਦਰਦ ਅਜੇ ਵੀ ਜਿਓ ਦਾ ਤਿਓਂ ਹੈ। ਇਸ ਸਬੰਧੀ ਤਾਜ਼ਾ ਖੁਲਾਸਿਆਂ ਨੂੰ ਇਕ ਵਾਰ ਫਿਰ ਇਸ ਦਰਦ ਨੂੰ ਜਗਾ ਦਿੱਤਾ ਹੈ। ਇਸ ਦੌਰਾਨ ਸਾਹਮਣੇ ਆਏ ਤੱਥਾਂ ਤੋਂ ਇਹ ਪਤਾ ਲੱਗਦਾ ਹੈ ਕਿ ਕਿਵੇਂ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਦਹਿਸ਼ਤਗਰਦੀ ਦੇ ਨਾਮ ਉਪਰ ਕਤਲ ਕਰ ਦਿੱਤਾ ਗਿਆ। ਮਾਰੇ ਗਏ ਬਹੁਤੇ ਨੌਜਵਾਨਾਂ ਦੀਆਂ ਲਾਸ਼ਾਂ ਵੀ ਉਨ੍ਹਾਂ ਦੇ ਮਾਪਿਆਂ ਨੂੰ ਨਹੀਂ ਦਿੱਤੀਆਂ ਗਈਆਂ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਅਜਿਹੇ ਕਤਲਾਂ ਦੇ ਮਾਮਲੇ ਵਿੱਚ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ। ਹਜ਼ਾਰਾਂ ਨਿਹੱਥੇ ਅਤੇ ਬੇਕਸੂਰ ਨੌਜਵਾਨਾਂ ਨੂੰ ਮਾਰ ਦਿੱਤਾ ਗਿਆ ਪ੍ਰੰਤੂ ਕੋਈ ਵੀ ਸੰਵਿਧਾਨਕ ਸੰਸਥਾ ਨੇ ਇਸ ਦਾ ਨੋਟਿਸ ਨਹੀਂ ਲਿਆ। ਪੰਜਾਬ ’ਚ 80-90 ਦੇ ਦਹਾਕੇ ਦੌਰਾਨ ਝੂਠੇ ਪੁਲਿਸ ਮੁਕਾਬਲਿਆਂ ਤੇ ਸਿਖ ਨੌਜਵਾਨਾਂ ਨੂੰ ਲਾਪਤਾ ਕਰਨ ਦਾ ਮਾਮਲਿਆਂ ਦੀ ਜਾਂਚ ਪੜਤਾਲ ਲਈ ਕਾਰਜਸ਼ੀਲ ਤੇ ਮਨੁਖੀ ਅਧਿਕਾਰਾਂ ਦੀ ਲੜਾਈ ਲੜ ਰਹੀ ਗ਼ੈਰ ਸਰਕਾਰੀ ਸੰਸਥਾ ਪੰਜਾਬ ਐਡਵੋਕੇਸੀ ਅਤੇ ਡਾਕੂਮੈਂਟੇਸ਼ਨ ਪ੍ਰਾਜੈਕਟ (ਪੀ.ਡੀ.ਏ.ਪੀ) ਦੀ ਰਿਪੋਰਟ ’ਚ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ 1980 ਤੋਂ 1995 ਦੇ 15 ਸਾਲਾਂ ਦੇ ਸਮੇਂ ਦੌਰਾਨ ਪੰਜਾਬ ’ਚ 8,257 ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ‘ਚ ਮਾਰਨ ਦਿੱਤਾ ਗਿਆ ਜਾਂ ਲਾਪਤਾ ਕਰ ਦਿੱਤਾ ਗਿਆ। ਜਥੇਬੰਦੀ ਨੇ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰੇ ਜਾਂ ਲਾਪਤਾ ਕੀਤੇ ਗਏ ਇਨ੍ਹਾਂ ਨੌਜਵਾਨਾਂ ਦੀ ਇਕ ਸੂਚੀ ਤਿਆਰ ਕੀਤੀ ਹੈ। 87 ਹਜ਼ਾਰ ਦੇ ਕਰੀਬ ਚਸ਼ਮਦੀਦ ਗਵਾਹਾਂ, ਦਸਤਾਵੇਜ਼, ਅੰਕੜਿਆਂ ਦੀ ਰਿਪੋਰਟ, ਵਖ-ਵਖ ਜ਼ਿਲ੍ਹਿਆਂ ’ਚ ਪੀੜਤਾਂ ਨਾਲ ਗਲਬਾਤ ਕਰਨ ਅਤੇ ਨਗਰ ਕੌਂਸਲਾਂ ਤੋਂ ਰਿਕਾਰਡ ਤੋਂ ਇਹ ਤਥ ਪ੍ਰਾਪਤ ਕੀਤੇ ਗਏ ਹਨ। ਇਸ ਤੋਂ ਪਹਿਲਾਂ ਕੌਮੀ ਮਨੁਖੀ ਅਧਿਕਾਰ ਕਮਿਸ਼ਨ ਨੇ ਜਾਂਚ ਦਾ ਘੇਰਾ ਸਰਹਦੀ ਤਿੰਨ ਜ਼ਿਲ੍ਹਿਆਂ ਦੇ ਸਿਰਫ 2,067 ਕਤਲਾਂ ਤਕ ਹੀ ਸੀਮਤ ਰਖਿਆ ਸੀ ਜਦਕਿ ਅੰਮ੍ਰਿਤਸਰ ਸ਼ਮਸ਼ਾਨ ਘਾਟ ’ਚ 2,097 ਲੋਕਾਂ ਦੇ ਸਸਕਾਰ ਕਰਨ ਦਾ ਰਿਕਾਰਡ ਸੀ। ਸੰਸਥਾ ਮੁਤਾਬਿਕ ਸੂਬੇ ਦੇ 22 ਜ਼ਿਲ੍ਹਿਆਂ ’ਚੋਂ ਗੁਰਦਾਸਪੁਰ ਜ਼ਿਲ੍ਹਾ ਸਭ ਤੋਂ ਵਧ ਪ੍ਰਭਾਵਿਤ ਰਿਹਾ ਹੈ। ਇਸ ਬੇਹੱਦ ਸੰਗੀਨ ਮਾਮਲੇ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਸ ਸਬੰਧੀ ਹੋਰ ਵਿਸਥਾਰ ਸਾਹਮਣੇ ਲਿਆਂਦਾ ਜਾ ਸਕੇ। ਝੂਠੇ ਪੁਲਿਸ ਮੁਕਾਬਲਿਆਂ ਦੇ ਸਾਰੇ ਦੋਸ਼ੀਆਂ ਖਿਲਾਫ ਤੁਰੰਤ ਕਰੜੀ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਅਤੇ ਹਾਈਕੋਰਟ ਨੂੰ ਵੀ ਦਖਲ ਦੇਣਾ ਚਾਹੀਦਾ ਹੈ। ਸਿੱਖ ਭਾਈਚਾਰੇ ਨਾਲ ਇਹ ਇਕ ਵੱਡੀ ਬੇਇਨਸਾਫੀ ਹੋਈ ਹੈ। ਪੀੜਤ ਪਰਿਵਾਰਾਂ ਨੂੰ ਜੇਕਰ ਇਨਸਾਫ ਨਹੀਂ ਮਿਲਦਾ ਤਾਂ ਇਹ ਸਮਝਿਆ ਜਾਵੇਗਾ ਕਿ ਹਿੰਦੂਸਤਾਨ ਦੇ ਮੌਜੂਦਾ ਪ੍ਰਬੰਧ ਵਿੱਚ ਸਿੱਖ ਭਾਈਚਾਰੇ ਦੀ ਕੋਈ ਥਾਂ ਨਹੀਂ ਹੈ।
– ਬਲਜੀਤ ਸਿੰਘ ਬਰਾੜ

WRITTEN BY