ਇਕ ਹਫ਼ਤੇ ਦੇ ਅੰਦਰ ਸਮਰਪਣ ਕਰਨ ਦੇ ਨਿਰਦੇਸ਼
ਚੰਡੀਗੜ੍ਹ, 7 ਦਸੰਬਰ- ਪੰਜਾਬ ਦੇ ਸਿੰਚਾਈ ਵਿਭਾਗ ਵਿਚ ਹੋਏ ਵਡੇ ਘਪਲੇ ਦੇ ਸਬੰਧ ਵਿਚ ਸੁਪਰੀਮ ਕੋਰਟ ਨੇ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਅਤੇ ਸੇਵਾਮੁਕਤ ਮੁਖ ਇੰਜੀਨਿਅਰ ਹਰਵਿੰਦਰ ਸਿੰਘ ਦੀ ਅਗਾਊਂ ਜ਼ਮਾਨਤ ਲਈ ਦਾਖ਼ਲ ਅਰਜ਼ੀ ਨੂੰ ਖਾਰਜ ਕਰਦਿਆਂ ਦੋਵਾਂ ਨੂੰ ਇਕ ਹਫ਼ਤੇ ਦੇ ਅੰਦਰ ਸਮਰਪਣ ਕਰਨ ਦੇ ਨਿਰਦੇਸ਼ ਦਿਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਸਿੰਚਾਈ ਵਿਭਾਗ ਵਿਚ ਬੀਤੇ ਸਮੇਂ ਦੌਰਾਨ ਟੈਂਡਰ ਅਲਾਟ ਕਰਨ ਵਿਚ ਹੋਈਆਂ ਬੇਨਿਯਮੀਆਂ ਦੀ ਜਾਂਚ ਲਈ ਬਿਊਰੋ ਵਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਡੀ ਅਤੇ 13 (2) ਸਮੇਤ ਆਈਪੀਸੀ ਦੀ ਧਾਰਾ 406, 420, 467, 468, 471-ਏ, ਅਤੇ 120ਬੀ ਅਧੀਨ ਕੇਸ ਦਰਜ ਕੀਤਾ ਗਿਆ ਹੈ।ਇਸ ਕੇਸ ਵਿਚ ਗੁਰਿੰਦਰ ਸਿੰਘ ਠੇਕੇਦਾਰ ਅਤੇ ਸਿੰਚਾਈ ਵਿਭਾਗ ਦੇ ਤਿੰਨ ਸੇਵਾਮੁਕਤ ਇੰਜੀਨਿਅਰਾਂ ਪਰਮਜੀਤ ਸਿੰਘ ਘੁੰਮਣ, ਹਰਵਿੰਦਰ ਸਿੰਘ, ਗੁਰਦੇਵ ਸਿੰਘ ਸਮੇਤ ਸੇਵਾਮੁਕਤ ਐਸਡੀਓ ਕਮਿੰਦਰ ਸਿੰਘ ਦਿਓਲ, ਐਕਸੀਅਨ ਬਜਰੰਗ ਲਾਲ ਸਿੰਗਲਾ ਅਤੇ ਵਿਮਲ ਕੁਮਾਰ ਸ਼ਰਮਾ ਸੁਪਰਵਾਈਜ਼ਰ ‘ਤੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹਨ, ਜਿਨ੍ਹਾਂ ਨੇ ਗੁਰਿੰਦਰ ਸਿੰਘ ਨਾਲ ਮਿਲੀਭੁਗਤ ਕਰਕੇ ਗ਼ੈਰਕਾਨੂੰਨੀ ਤਰੀਕੇ ਨਾਲ ਰਾਜ ਸਰਕਾਰ ਨੂੰ ਵਡਾ ਵਿਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1 ਦੇ ਐਸਏਐਸ ਨਗਰ ਸਥਿਤ ਥਾਣੇ ਵਿਚ ਕੇਸ ਦਰਜ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਮੁਹਾਲੀ ਦੀ ਮੁਕਦਮਾ ਅਦਾਲਤ ਵੀ ਠੇਕੇਦਾਰ ਗੁਰਿੰਦਰ ਸਿੰਘ ਅਤੇ ਹੋਰਨਾਂ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਨੂੰ ਪਹਿਲਾਂ ਹੀ ਖਾਰਜ ਕਰ ਚੁਕੀ ਹੈ। ਹੁਣ ਇਨ੍ਹਾਂ ਮੁਲਜ਼ਮਾਂ ਵਲੋਂ ਸੁਪਰੀਮ ਕੋਰਟ ਵਿਚ ਪੇਸ਼ਗੀ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਸੀ, ਜਿਸ ‘ਤੇ ਅਜ ਸੁਣਵਾਈ ਉਪਰੰਤ ਸੁਪਰੀਮ ਕੋਰਟ ਵਲੋਂ ਠੇਕੇਦਾਰ ਗੁਰਿੰਦਰ ਸਿੰਘ ਅਤੇ ਸੇਵਾਮੁਕਤ ਮੁਖ ਇੰਜੀਨਿਅਰ ਹਰਵਿੰਦਰ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਖਾਰਜ ਕਰਦਿਆਂ ਦੋਵਾਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਸਮਰਪਣ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।ਸਿੰਚਾਈ ਵਿਭਾਗ ਵਿਚ ਘਪਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦਸਿਆ ਕਿ ਵਿਜੀਲੈਂਸ ਵਲੋਂ ਸਿੰਚਾਈ ਵਿਭਾਗ ਪੰਜਾਬ ਦੇ ਡਰੇਨੇਜ਼ ਅਤੇ ਕੰਡੀ ਏਰੀਆ ਵਿੰਗ ਦੁਆਰਾ ਈ-ਟੈਂਡਰਾਂ ਰਾਹੀਂ ਅਲਾਟ ਕੀਤੇ ਕਈ ਕੰਮਾਂ ਦੇ ਠੇਕਿਆਂ ਦੀ ਪੜਤਾਲ ਦੌਰਾਨ ਇਹ ਸਿਧ ਹੋਇਆ ਹੈ ਕਿ ਵਿਭਾਗ ਦੇ ਸੀਨੀਅਰ ਅਫਸਰਾਂ ਨੇ ਪਿਛਲੇ ਸਮੇਂ ਦੌਰਾਨ ਇਕੋ ਠੇਕੇਦਾਰ ਗੁਰਿੰਦਰ ਸਿੰਘ ਨੂੰ ਵਿਭਾਗ ਦੇ ਕੁਲ ਕੰਮਾਂ ਵਿਚੋਂ ਕੀਮਤ ਮੁਤਾਬਕ 60 ਫੀਸਦੀ ਤੋਂ ਵਧ ਕੰਮ ਨਿਯਮਾਂ ਅਤੇ ਹਦਾਇਤਾਂ ਦੀ ਅਣਦੇਖੀ ਕਰਦਿਆਂ ਕੰਮ ਅਲਾਟ ਕੀਤੇ ਸਨ।



