ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਫਟਕਾਰ ਲਾਈ ਹੈ। ਅਕਾਲੀ ਦਲ ਵਲੋਂ ਪੰਜਾਬ ਭਰ ਵਿਚ ਲਾਏ ਧਰਨਿਆਂ ਕਰਕੇ ਲੋਕਾਂ ਨੂੰ ਹੋਈ ਪ੍ਰੇਸ਼ਾਨੀ ਤੋਂ ਹਾਈਕੋਰਟ ਖਫਾ ਹੈ। ਹਾਈਕੋਰਟ ਨੇ ਇਨ੍ਹਾਂ ਧਰਨਿਆਂ ਬਾਰੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਕਿਹਾ ਕਿ ਇਸ ਦੌਰਾਨ ਆਮ ਵਿਅਕਤੀ ਨੂੰ ਕੋਈ ਵੀ ਮੁਸ਼ਕਲ ਨਾ ਆਉਣ ਦਿਤੀ ਜਾਵੇ। ਅਦਾਲਤ ਨੇ ਇਹ ਵੀ ਕਿਹਾ ਕਿ ਜਿਥੇ ਲੋੜ ਹੋਵੇ, ਉਥੇ ਧਾਰਾ 144 ਲਾਗੂ ਕੀਤੀ ਜਾਵੇ। ਇਸ ਸਖਤੀ ਮਗਰੋਂ ਅਕਾਲੀ ਦਲ ਨੇ ਸ਼ਾਮ ਨੂੰ ਧਰਨਾ ਵਾਪਸ ਲੈ ਲਿਆ।ਹਾਈਕੋਰਟ ਨੇ ਇਹ ਵੀ ਕਿਹਾ ਕਿ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੀ ਮਨਜ਼ੂਰੀ ਤੋਂ ਬਿਨਾਂ ਕੋਈ ਵੀ ਸਿਆਸੀ ਪਾਰਟੀ ਧਰਨਾ ਨਹੀਂ ਦੇ ਸਕਦੀ। ਹਾਈਕੋਰਟ ਵਲੋਂ ਪੰਜਾਬ ਸਰਕਾਰ, ਡੀ.ਜੀ.ਪੀ. ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਕਿਸੇ ਹਾਲਤ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ।



