ਅਮਲੋਹ, 8 ਦਸੰਬਰ (ਰਣਜੀਤ ਸਿੰਘ ਘੁੰਮਣ)-ਦੇਸ਼ ਭਗਤ ਯੂਨੀਵਰਸਿਟੀ ਦੇ ਭਾਈ ਘਨੱਈਆ ਜੀ ਐਨ.ਐਸ.ਐਸ. ਵਿਭਾਗ ਵਲੋਂ ਜ਼ਿਲ੍ਹਾ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਅਧੀਨ ਯੂਨੀਵਰਸਿਟੀ ਦੇ ਵਿਦਿਆਰਥੀਆਂ, ਟਰਾਂਸਪੋਰਟ ਵਿਭਾਗ ਦੇ ਸਮੂਹ ਡਰਾਈਵਰਾਂ, ਕੰਡਕਟਰਾਂ ਅਤੇ ਹੋਰਨਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਬਾਰੇ ਸੁਚੇਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਇੰਸਪੈਕਟਰ ਜਗਦੀਪ ਸਿੰਘ, ਟ੍ਰੈਫਿਕ ਇੰਚਾਰਜ ਮੰਡੀ ਗੋਬਿੰਦਗੜ ਨੇ ਮੁੱਖ ਵਕਤਾ ਵਜੋ ਸ਼ਿਰਕਤ ਕਰਦਿਆਂ ਯਾਤਾਯਾਤ ਦੇ ਨਿਯਮਾਂ ਅਤੇ ਵਾਹਨ ਚਲਾਉਂਦੇ ਹੋਏ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਹਦਾਇਤ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨ ਆਦਿ ਦੀ ਵਰਤੋਂ ਕਿਸੇ ਵੀ ਸੂਰਤ ਵਿਚ ਨਹੀਂ ਕਰਨੀ ਚਾਹੀਦੀ, ਕਿਉਕਿ ਅੱਜਕਲ ਜ਼ਿਆਦਾਤਰ ਹਾਦਸੇ ਇਸੇ ਕਾਰਣ ਹੀ ਵਾਪਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਧੁੰਦ ਦੌਰਾਨ ਜ਼ਿਆਦਾ ਸਾਵਧਾਨੀ ਨਾਲ ਵਾਹਨ ਚਲਾਉਣ, ਸੀਟ ਬੈਲਟ, ਹੈਲਮੇਟ, ਫਸਟ ਏਡ ਬੌਕਸ ਆਦਿ ਦੀ ਮਹਤੱਤਾ ਬਾਰੇ ਜਾਣਕਾਰੀ ਦਿੱਤੀ।ਟ੍ਰੈਫਿਕ ਪੁਲਿਸ ਦੇ ਐਜੂਕੇਸ਼ਨ ਸੈਲ ਦੇ ਦਵਿੰਦਰ ਸਿੰਘ ਅਤੇ ਗੁਰਵੇਲ ਸਿੰਘ ਨੇ ਵਾਹਨਾਂ ਦੇ ਕਾਗਜ਼ਾਤ, ਡਰਾਈਵਿੰਗ ਲਾਇਸੈਂਸ, ਪ੍ਰਦੂਸ਼ਣ ਸਰਟੀਫ਼ਿਕੇਟ, ਨਵੇਂ ਟ੍ਰੈਫਿਕ ਨਿਯਮਾਂ ਸਬੰਧੀ, ਸਕੂਲ ਅਤੇ ਕਾਲਜ ਬੱਸਾਂ ਦੇ ਹਾਈਡਰੋਲਿਕ ਦਰਵਾਜ਼ਿਆਂ ਆਦਿ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਉਹਨਾਂ ਪੈਦਲਾਂ, ਦੋ ਪਹੀਆ ਵਾਹਨ ਚਾਲਕਾਂ ਅਤੇ ਮੋਟਰ ਚਾਲਕਾਂ ਦੇ ਅਧਿਕਾਰਾਂ ਅਤੇ ਜੁੰਮੇਵਾਰੀਆਂ ਬਾਰੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਪ੍ਰੋਗਰਾਮ ਦੌਰਾਨ ਪੁਲਿਸ ਵਲੋਂ ਨਿਭਾਈ ਜਾ ਰਹੀ ਭੂਮਿਕਾ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਨੇ ਵੱਖ-ਵੱਖ ਮੁੱਦਿਆਂ ਤੇ ਪ੍ਰਸ਼ਨ ਪੁੱਛ ਕੇ ਆਪਣੀ ਜਾਣਕਾਰੀ ਵਿਚ ਵਾਧਾ ਕੀਤਾ।ਚਾਂਸਲਰ ਡਾ. ਜ਼ੋਰਾ ਸਿੰਘ ਨੇ ਭਾਈ ਘਨੱਈਆ ਜੀ ਐਨ.ਐਸ.ਐਸ ਵਿਭਾਗ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਸਮੇਂ ਦੀ ਵੱਡੀ ਮੰਗ ਹਨ। ਵਾਈਸ ਚਾਂਸਲਰ ਡਾ. ਵਰਿੰਦਰ ਸਿੰਘ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਹਰ ਨਾਗਰਿਕ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਗੰਭੀਰ ਹੋਣਾ ਚਾਹੀਦਾ ਹੈ। ਇਸ ਮੌਕੇ ਡਾਇਰੈਕਟਰ ਡਾ. ਸੁਰਜੀਤ ਪਥੇਜਾ, ਪ੍ਰਭਜੋਤ ਸਿੰਘ, ਸਟਾਫ਼ ਮੈਂਬਰ ਅਤੇ ਟਰਾਂਸਪੋਰਟ ਵਿਭਾਗ ਦੇ ਸਮੂਹ ਕਰਮਚਾਰੀ ਵੀ ਹਾਜ਼ਰ ਸਨ।
ਦੇਸ਼ ਭਗਤ ਯੂਨੀਵਰਸਿਟੀ ਵਿਖੇ ਸੜਕ ਸੁਰੱਖਿਆ ਪ੍ਰੋਗਰਾਮ ਆਯੋਜਿਤ



