ਤਲਵੰਡੀ ਸਾਬੋ, 14 ਜਨਵਰੀ (ਰਣਜੀਤ ਸਿੰਘ ਰਾਜੂ)-ਅੱਜ ਸਵੇਰੇ ਨੇੜਲੇ ਪਿੰਡ ਜਗ੍ਹਾ ਰਾਮ ਤੀਰਥ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਚਾਰ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਮੁਢਲੇ ਇਲਾਜ ਤੋਂ ਬਾਅਦ ਬਠਿੰਡਾ ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਹਰਿਆਣੇ ਦੇ ਕਸਬਾ ਡੱਬਵਾਲੀ ਦਾ ਇੱਕ ਪਰਿਵਾਰ ਆਪਣੀ ਮਾਰੂਤੀ ਵੈਗਨਆਰ ਗੱਡੀ ’ਚ ਸੁਨਾਮ ਲਈ ਜਾ ਰਿਹਾ ਸੀ ਕਿ ਪਿੰਡ ਜਗ੍ਹਾ ਰਾਮ ਤੀਰਥ ਕੋਲ ਅਚਾਨਕ ਗੱਡੀ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਲੱਗੇ ਇੱਕ ਦਰੱਖਤ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉ¤ਡ ਗਏ। ਇਸ ਦੁਰਘਟਨਾ ਵਿੱਚ ਪਿਆਰਾ ਸਿੰਘ ਨਾਮੀ ਵਿਅਕਤੀ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਬਾਕੀ ਦੇ ਚਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਰਾਹਗੀਰਾਂ ਨੇ ਆਪੋ-ਆਪਣੀਆਂ ਗੱਡੀਆਂ ਰਾਂਹੀ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਪਿਆਰਾ ਸਿੰਘ ਨੂੰ ਮ੍ਰਿਤਕ ਕਰਾਰ ਦਿੰਦਿਆਂ ਗੁਰਪ੍ਰੀਤ ਸਿੰਘ, ਪਰਮਿੰਦਰ ਕੌਰ, ਸਤਨਾਮ ਰਾਮ ਸਿੰਘ ਅਤੇ ਹਰਬੰਸ ਕੌਰ ਨੂੰ ਮੁਢਲੀ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ।