Skip to content
Independent perspectives. Global stories.
BREAKING

ਬਠਿੰਡਾ ਥਰਮਲ ਦੇ ਸਾਰੇ ਤੇ ਰੋਪੜ ਥਰਮਲ ਦੇ ਦੋ ਯੂਨਿਟ ਬੰਦ ਕਰਨ ਦਾ ਫੈਸਲਾ

Share this story

ਪੰਜਾਬ ਮੰਤਰੀ ਮੰਡਲ ਵੱਲੋਂ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਜਾਰੀ ਰੱਖਣ ਦਾ ਐਲਾਨ

ਚੰਡੀਗੜ੍ਹ, 20 ਦਸੰਬਰ- ਪੰਜਾਬ ਮੰਤਰੀ ਮੰਡਲ ਨੇ ਅੱਜ ਬਠਿੰਡਾ ਅਤੇ ਰੋਪੜ ਵਿੱਚ ਆਪਣੀ ਮਿਆਦ ਪੁਗਾ ਚੁੱਕੇ ਬਿਜਲੀ ਯੂਨਿਟਾਂ ਨੂੰ ਇਕ ਜਨਵਰੀ, 2018 ਤੋਂ ਬੰਦ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ ਪਰ ਇਸ ਨਾਲ ਕਿਸੇ ਵੀ ਮੁਲਾਜ਼ਮ ਦੀ ਨੌਕਰੀ ਨਹੀਂ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਮੰਤਰੀ ਮੰਡਲ ਦਾ ਇਹ ਫੈਸਲਾ ਇਸ ਮੁੱਦੇ ’ਤੇ ਕਾਇਮ ਕੀਤੀ ਗਈ ਕੈਬਨਿਟ ਸਬ-ਕਮੇਟੀ ਦੀ ਰਿਪੋਰਟ ’ਤੇ ਅਧਾਰਿਤ ਹੈ। ਇਸ ਸਬ-ਕਮੇਟੀ ਵਿੱਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਹਾਜ਼ਰ ਸਨ। ਇਹ ਫੈਸਲਾ 25 ਸਾਲ ਤੋਂ ਵੱਧ ਸਮਾਂ ਚੱਲ ਕੇ ਮਿਆਦ ਪੁਗਾ ਚੁੱਕੇ ਅਤੇ ਆਰਥਿਕ ਤੌਰ ’ਤੇ ਲਾਹੇਵੰਦ ਨਾ ਰਹੇ ਬਿਜਲੀ ਪਲਾਂਟਾਂ ਨੂੰ ਬੰਦ ਕਰਨ ਬਾਰੇ ਕੇਂਦਰੀ ਊਰਜਾ ਅਥਾਰਟੀ ਦੇ ਤੈਅ ਦਿਸ਼ਾ-ਨਿਰਦੇਸ਼ਾਂ ਮੁਤਾਬਕ ਲਿਆ ਗਿਆ ਹੈ। 460 ਮੈਗਾਵਾਟ ਦੀ ਸਮਰਥਾ ਵਾਲੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਸਾਰੇ ਯੂਨਿਟ ਅਤੇ 1250 ਮੈਗਾਵਾਟ ਦੀ ਸਮਰਥਾ ਵਾਲੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਯੂਨਿਟ 1 ਤੇ 2 ਨੂੰ ਇਕ ਜਨਵਰੀ ਤੋਂ ਬੰਦ ਕਰ ਦਿੱਤਾ ਜਾਵੇਗਾ। ਇੱਥੇ ਇਹ ਦੱਸਣਯੋਗ ਹੈ ਕਿ ਬਠਿੰਡਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਪਿਛਲੇ ਲਗਪਗ ਚਾਰ ਦਹਾਕਿਆਂ ਤੋਂ ਚੱਲ ਰਹੇ ਸਨ ਜਦਕਿ ਰੋਪੜ ਥਰਮਲ ਪਲਾਂਟ ਦੇ ਯੂਨਿਟ 1 ਤੇ 2 ਨੇ 33 ਵਰ੍ਹੇ ਪੂਰੇ ਕਰ ਲਏ ਹਨ। ਕੈਬਨਿਟ ਦੇ ਫੈਸਲੇ ਮੁਤਾਬਕ ਬੰਦ ਹੋਣ ਵਾਲੇ ਥਰਮਲ ਪਲਾਂਟਾਂ ਦੇ ਸਾਰੇ ਪੱਕੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੰਜਾਬ ਰਾਜ ਬਿਜਲੀ ਨਿਗਮ ਵਿੱਚ ਲਈਆਂ ਜਾਣਗੀਆਂ। ਇਸੇ ਤਰ੍ਹਾਂ ਠੇਕੇ ’ਤੇ ਕੰਮ ਕਰ ਰਹੇ ਕਾਮਿਆਂ ਨੂੰ ਵੀ ਕੱਢਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਤੋਂ ਇਸ ਬਿਜਲੀ ਨਿਗਮ ਤੋਂ ਇਲਾਵਾ ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਜੀ.ਵੀ.ਕੇ. ਟੀ.ਐਸ.ਪੀ.ਐਲ. ਅਤੇ ਐਨ.ਪੀ.ਐਲ. ਵਿੱਚ ਪਹਿਲਾਂ ਵਾਲਾ ਕੰਮ ਹੀ ਲਿਆ ਜਾਵੇਗਾ।
ਮੰਤਰੀ ਮੰਡਲ ਵੱਲੋਂ ਇਹ ਵੀ ਫੈਸਲਾ ਕੀਤਾ ਗਿਆ ਕਿ ਬਿਜਲੀ ਉਤਪਾਦਨ ਦੀ ਸਮਰਥਾ ਵਧਾਉਣ ਲਈ ਪੌਣ ਊਰਜਾ, ਸੂਰਜੀ ਊਰਜਾ ਅਤੇ ਨਵਿਆਉਣਯੋਗ ਊਰਜਾ ਦੇ ਹੋਰ ਸਰੋਤਾਂ ਨੂੰ ਵਰਤੋਂ ਵਿੱਚ ਲਿਆਂਦਾ ਜਾਵੇਗਾ ਤਾਂ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਾ ਰਹੇ।

WRITTEN BY