ਪ੍ਰਕਾਸ਼ ਗੁਰਪੁਰਬ ਵੱਡੇ ਪੱਧਰ ਤੇ ਮਨਾਉਣ ਲਈ ਸ੍ਰੀ ਨੀਤੀਸ਼ ਕੁਮਾਰ ਦਾ ਧੰਨਵਾਦ
ਪਟਨਾ ਸਾਹਿਬ, 25 ਦਸੰਬ- ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨੀਤੀਸ਼ ਕੁਮਾਰ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ਤੇ ਪਹੁੰਚੇ। ਇਸ ਮੌਕੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀਕੇ, ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਸੁਖਬੀਰ ਬਾਦਲ ਨੇ ਕਲਗੀਧਰ ਪਾਤਸ਼ਾਹ ਦਾ 350 ਸਾਲਾ ਪ੍ਰਕਾਸ਼ ਗੁਰਪੁਰਬ ਵੱਡੇ ਪੱਧਰ ਤੇ ਮਨਾਉਣ ਲਈ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨੀਤੀਸ਼ ਕੁਮਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਿਹਾਰ ਸਰਕਾਰ ਵੱਲੋਂ ਕੀਤੇ ਗਏ ਬੇਮਿਸਾਲ ਪ੍ਰਬੰਧਾਂ ਸਦਕਾ ਉਨ੍ਹਾਂ (ਸ੍ਰੀ ਨੀਤੀਸ਼ ਕੁਮਾਰ) ਨੇ ਦੁਨੀਆ ਭਰ ਵਿਚ ਵੱਸਦੀ ਗੁਰੂ ਨਾਨਕ ਨਾਨਕ ਨਾਮ ਲੇਵਾ ਸੰਗਤ ਦਾ ਦਿਲ ਜਿੱਤ ਲਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਵੀ ਸ੍ਰੀ ਨੀਤੀਸ਼ ਕੁਮਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਸ੍ਰੀ ਨੀਤੀਸ਼ ਕੁਮਾਰ ਨੇ ਸਮੂਹ ਦੇਸ਼ ਵਾਸੀਆਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਉਨ੍ਹਾਂ ਨੂੰ ਇਹ ਪਵਿਤਰ ਦਿਹਾੜਾ ਮਨਾਉਣ ਦੀ ਸੇਵਾ ਮਿਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਸਾਡੇ ਬਖਸ਼ਿਸ਼ਾਂ ਅਨੇਕ ਹਨ, ਜਿਨ੍ਹਾਂ ਦਾ ਸ਼ੁਕਰਾਨਾ ਕਰਨਾ ਸਾਡਾ ਸਭ ਦਾ ਫਰਜ ਹੈ। ਉਨ੍ਹਾਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸਹਿਯੋਗ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀਕੇ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਨੀਤੀਸ਼ ਕੁਮਾਰ ਨੂੰ ਸ੍ਰੀ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਸਿੱਧੀ ਫਲਾਈਟ ਚਲਾਉਣ ਦੀ ਮੰਗ ਦੇ ਨਾਲ ਨਾਲ ਸ੍ਰੀ ਅੰਮ੍ਰਿਤਸਰ, ਸ੍ਰੀ ਨਾਂਦੇੜ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਨੂੰ ਆਪਸ ਵਿਚ ਤਿਕੋਨੇ ਰੇਲ ਮਾਰਗ ਨਾਲ ਜੋੜਨ ਦੀ ਮੰਗ ਕੀਤੀ ਜਿਸ ਤੇ ਸ੍ਰੀ ਨੀਤੀਸ਼ ਕੁਮਾਰ ਨੇ ਹਾਂ ਪੱਖੀ ਹੁੰਗਾਰਾ ਭਰਿਆ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਵਲੋਂ ਸ੍ਰੀ ਨੀਤੀਸ਼ ਕੁਮਾਰ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਨੀਤੀਸ਼ ਕੁਮਾਰ ਨੇ ਵੀ ਸ. ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ, ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰਨਾਂ ਨੂੰ ਯਾਦਗਾਰੀ ਚਿੰਨ ਭੇਟ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਜੋਗਿੰਦਰ ਕੀਰ, ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਮੌਜੂਦ ਸਨ।