Skip to content
Independent perspectives. Global stories.
BREAKING

ਕਿਸਾਨ ਕਰਜ਼ਾ ਮੁਆਫ਼ੀ ਤੇ ਸੰਪਰਕ ਸੜਕਾਂ ਦੀ ਮੁਰੰਮਤ ਸਕੀਮ ਦੀ ਮਾਨਸਾ ਤੋਂ ਸ਼ੁਰੂਆਤ

Share this story

ਮਾਨਸਾ, 7 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਸਬੰਧੀ ਕੀਤੇ ਵਾਅਦੇ ਬਾਰੇ ਅਕਾਲੀਆਂ, ਆਮ ਆਦਮੀ ਪਾਰਟੀ ਅਤੇ ਕੁਝ ਕਿਸਾਨ ਯੂਨੀਅਨਾਂ ਵੱਲੋਂ ਕੀਤੇ ਜਾ ਰਹੇ ਝੂਠੇ ਭੰਡੀ ਪ੍ਰਚਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਇਹ ਵਾਅਦਾ ਪੂਰਾ ਕਰਨ ਲਈ ਅੱਜ ਕੈਪਟਨ ਸਰਕਾਰ ਨੇ ਸ਼ੁਰੂਆਤ ਕਰ ਦਿੱਤੀ ਹੈ। ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਸਬੰਧੀ ਸਰਕਾਰ ਦੀ ਇਤਿਹਾਸਕ ਸਕੀਮ ਦੀ ਪੰਜ ਜ਼ਿਲ੍ਹਿਆਂ ਲਈ ਸ਼ੁਰੂਆਤ ਕਰਨ ਵੇਲੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਬਰਨਾਲਾ ਦੇ ਇਕ ਕਿਸਾਨ ਵੱਲੋਂ ਕੱਲ੍ਹ ਕੀਤੀ ਗਈ ਖੁਦਕੁਸ਼ੀ ਦਾ ਜ਼ਿਕਰ ਕੀਤਾ ਜਿਸ ਦੇ ਬਾਰੇ ਵਿਰੋਧੀ ਪਾਰਟੀਆਂ ਅਤੇ ਕੁਝ ਕਿਸਾਨ ਯੂਨੀਅਨਾਂ ਨੇ ਬੇਸ਼ਰਮੀ ਦੀ ਹੱਦ ਤੱਕ ਭੰਡੀ ਪ੍ਰਚਾਰ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ ’ਤੇ ਇਸ ਗੱਲੋਂ ਇਨਕਾਰ ਕੀਤਾ ਹੈ ਕਿ ਉਸ ਕਿਸਾਨ ਨੇ ਕਰਜ਼ਾ ਮੁਆਫੀ ਦੀ ਸੂਚੀ ਵਿੱਚ ਆਪਣਾ ਨਾਂ ਨਾ ਆਉਣ ਕਾਰਨ ਆਤਮ ਹੱਤਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਿਸਾਨ ਦਾ ਨਾਂ ਸੂਚੀ ਵਿੱਚ ਸ਼ਾਮਲ ਸੀ ਜਿਸ ਦੇ ਬਾਰੇ ਵਿਰੋਧੀਆਂ ਨੇ ਆਪਦੇ ਸੌੜੇ ਸਿਆਸੀ ਹਿੱਤਾਂ ਲਈ ਭੰਡੀ ਪ੍ਰਚਾਰ ਦੀ ਝੂਠੀ ਮੁਹਿੰਮ ਸ਼ੁਰੂ ਕੀਤੀ। ਮੁੱਖ ਮੰਤਰੀ ਨੇ ਅਕਾਲੀਆਂ, ਆਮ ਆਦਮੀ ਪਾਰਟੀ ਅਤੇ ਕੁਝ ਕਿਸਾਨ ਯੂਨੀਅਨਾਂ ’ਤੇ ਸਵਾਲ ਉਠਾਏ ਜੋ ਇਸ ਭੰਡੀ ਪ੍ਰਚਾਰ ਦੀ ਮੁਹਿੰਮ ਪਿੱਛੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜੋ ਦੇਣ ਦੇ ਸਮਰਥ ਹੈ, ਉਹ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਵੱਡਾ ਵਿੱਤੀ ਸੰਕਟ ਦਰਪੇਸ਼ ਹੈ ਅਤੇ ਚੋਣਾਂ ਤੋਂ ਪਹਿਲੋਂ ਕਾਂਗਰਸ ਵੱਲੋਂ ਲਾਏ ਗਏ ਅਨੁਮਾਨ ਨਾਲੋਂ ਵੀ ਇਹ ਸੰਕਟ ਜ਼ਿਆਦਾ ਡੂੰਘਾ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਸਮੱਸਿਆ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਕਰਜ਼ਾ ਮੁਆਫੀ ਸਕੀਮ ਲਾਗੂ ਕਰਨ ਲਈ ਰਾਹ ਕਢਿਆ ਹੈ ਜਿਸ ਬਾਰੇ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵਾਅਦਾ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਅੰਕੜੇ ਪੇਸ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਾ ਕੇਵਲ ਭਾਰਤੀ ਜਨਤਾ ਪਾਰਟੀ ਦੇ ਸ਼ਾਸਨ ਸਣੇ ਹੋਰਨਾਂ ਸੂਬਿਆਂ ਵੱਲੋਂ ਕੀਤੀ ਗਈ ਕਰਜ਼ਾ ਮੁਆਫੀ ਤੋਂ ਵੱਧ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ ਸਗੋਂ ਅਜਿਹਾ ਭਾਰੀ ਵਿੱਤੀ ਸੰਕਟ ਦੇ ਬਾਵਜੂਦ ਕੀਤਾ ਜਾ ਰਿਹਾ ਹੈ।

WRITTEN BY