Skip to content
Independent perspectives. Global stories.
BREAKING

ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਅਸਤੀਫੇ ਦੀ ਪੇਸ਼ਕਸ਼

Share this story

ਮੁੱਖ ਮੰਤਰੀ ਵੱਲੋਂ ਅਸਤੀਫੇ ਦੀ ਪ੍ਰਵਾਨਗੀ ਭਲਕ ਤੱਕ

ਚੰਡੀਗੜ੍ਹ, 16 ਜਨਵਰੀ- ਰੇਤ ਖੱਡਾਂ ਦੇ ਵਿਵਾਦ ਵਿੱਚ ਬੁਰੀ ਤਰ੍ਹਾਂ ਫਸੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਰਾਣਾ ਗੁਰਜੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲੇ ਉਨ੍ਹਾਂ ਦਾ ਅਸਤੀਫਾ ਸਵਿਕਾਰ ਨਹੀਂ ਕੀਤਾ। ਇਸ ਸਬੰਧੀ ਅੰਤਿਮ ਫੈਸਲਾ ਮੁੱਖ ਮੰਤਰੀ ਵੱਲੋਂ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅਤੇ ਦੂਸਰੇ ਨੇਤਾਵਾਂ ਨਾਲ ਚਰਚਾ ਤੋਂ ਬਾਅਦ ਲਿਆ ਜਾਵੇਗਾ। ਮੁੱਖ ਮੰਤਰੀ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਲਈ ਦਿੱਲੀ ਚਲੇ ਗਏ ਹਨ। ਉਨ੍ਹਾਂ ਦੀ ਬੁੱਧਵਾਰ ਜਾਂ ਵੀਰਵਾਰ ਨੂੰ ਮੁਲਾਕਾਤ ਹੋਣ ਦੀ ਸੰਭਾਵਨਾ ਹੈ। ਅਸਤੀਫੇ ਦੀ ਤਾਰੀਕ ਬਾਰੇ ਉਂਝ ਵਿਵਾਦ ਬਣਿਆ ਹੋਇਆ ਹੈ। ਮੁੱਖ ਮੰਤਰੀ ਇਹ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਰਾਣਾ ਦਾ ਅਸਤੀਫਾ 4 ਜਨਵਰੀ ਨੂੰ ਮਿਲ ਗਿਆ ਸੀ, ਜਦੋਂ ਕਿ ਰਾਣਾ ਗੁਰਜੀਤ ਸਿੰਘ ਮੁਤਾਬਿਕ ਉਨ੍ਹਾਂ ਨੇ 4 ਦਿਨ ਪਹਿਲਾਂ ਲਿਖਤੀ ਤੌਰ ’ਤੇ ਅਸਤੀਫਾ ਮੁੱਖ ਮੰਤਰੀ ਨੂੰ ਦੇ ਦਿੱਤਾ ਸੀ। ਇੱਥੇ ਜ਼ਿਕਰਯੋਗ ਹੈ ਕਿ ਕਾਂਗਰਸ ਦੀ ਸਰਕਾਰ ਬਣਨ ਤੋਂ ਫੌਰੀ ਬਾਅਦ ਰੇਤ ਖੱਡਾਂ ਦੀ ਨਿਲਾਮੀ ਮੌਕੇ ਰਾਣਾ ਗੁਰਜੀਤ ਸਿੰਘ ਵਿਵਾਦ ਵਿੱਚ ਘਿਰ ਗਏ ਸਨ। ਇਸ ਸਬੰਧੀ ਮੁੱਖ ਮੰਤਰੀ ਨੂੰ ਇੱਕ ਮੈਂਬਰੀ ਜਾਂਚ ਕਮਿਸ਼ਨ ਬਿਠਾਉਣਾ ਪਿਆ। ਕਮਿਸ਼ਨ ਦੀ ਰਿਪੋਰਟ ਵਿੱਚ ਬੇਸ਼ੱਕ ਉਨ੍ਹਾਂ ਨੂੰ ਨਿਰਦੋਸ਼ ਕਰਾਰ ਦਿੱਤਾ ਗਿਆ ਸੀ, ਪ੍ਰੰਤੂ ਨਵੇਂ ਤੱਥ ਉਜਾਗਰ ਹੋਣ ਤੋਂ ਬਾਅਦ ਇਹ ਵਿਵਾਦ ਹੋਰ ਡੂੰਘਾ ਹੋ ਗਿਆ। ਦੂਜੇ ਪਾਸੇ ਪੰਜਾਬ ਦੀ ਪ੍ਰਮੁੱਖ ਵਿਰੋਧੀ ਪਾਰਟੀ ‘ਆਪ’ ਵੱਲੋਂ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਭਾਰਿਆ ਜਾ ਰਿਹਾ ਸੀ। ਵਿਰੋਧੀ ਧਿਰ ਦੇ ਆਗੂ ਅਤੇ ‘ਆਪ’ ਨੇਤਾ ਸ੍ਰੀ ਸੁਖਪਾਲ ਸਿੰਘ ਖਹਿਰਾ ਦੇ ਹਮਲਾਵਰ ਰੁਖ ਕਾਰਨ ਕਾਂਗਰਸ ਸਰਕਾਰ ਚੁਫੇਰੇ ਤੋਂ ਘਿਰ ਗਈ ਸੀ। ਅਜਿਹੇ ਹਾਲਾਤਾਂ ਵਿੱਚ ਹੀ ਰਾਣਾ ਗੁਰਜੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਬੇਹਤਰ ਸਮਝਿਆ। ਕਾਂਗਰਸ ਦੀਆਂ ਅੰਦਰੂਨੀ ਖਬਰਾਂ ਮੁਤਾਬਿਕ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵੀ ਇਸ ਮੁੱਦੇ ਕਾਰਨ ਔਖੇ ਸਨ। ਉਨ੍ਹਾਂ ਦੀ ਵੀ ਉਹ ਇੱਛਾ ਸੀ ਕਿ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ ਤੋਂ ਵੱਖ ਕੀਤਾ ਜਾਵੇ। ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਦੀ ਪ੍ਰਵਾਨਗੀ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਹੋਣ ਦੀ ਸੰਭਾਵਨਾ ਹੈ। ਇਹ ਅਨੁਮਾਨ ਲਾਇਆ ਜਾ ਰਿਹਾ ਹੈ ਕਿ ਦੋਆਬੇ ਤੋਂ ਰਾਣਾ ਗੁਰਜੀਤ ਸਿੰਘ ਦੀ ਥਾਂ ਸ. ਪਰਗਟ ਸਿੰਘ ਨੂੰ ਮੰਤਰੀ ਲਿਆ ਜਾ ਸਕਦਾ ਹੈ।

WRITTEN BY