Skip to content
Independent perspectives. Global stories.
BREAKING

ਕਿਸਾਨਾਂ ਦੇ ਸਮੁੱਚੇ ਕਰਜ਼ ਦੀ ਮੁਆਫੀ ’ਤੇ ਮੁੱਕਰਨ ਲੱਗੀ ਸਰਕਾਰ

Share this story

ਸੂਬੇ ਦੀ ਮੌਜੂਦਾ ਵਿੱਤੀ ਸਥਿਤੀ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕਰਨ ਦੇ ਰਾਹ ਚ ਰੋੜਾ-ਮੁੱਖ ਮੰਤਰੀ
ਚੰਡੀਗੜ, 20 ਜਨਵਰੀ (ਮਨਜੀਤ ਸਿੰਘ ਟਿਵਾਣਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ ਕਰਦਿਆਂ ਆਖਿਆ ਕਿ ਮੌਜੂਦਾ ਪ੍ਰਸਥਿਤੀਆਂ ਮੁਤਾਬਕ ਉਨਾਂ ਦੀ ਸਰਕਾਰ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਫੇਰ ਦੇਣ ਦਾ ਬੋਝ ਨਹੀਂ ਸਹਾਰ ਸਕਦੀ ਪਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਛੇਤੀ ਤੋਂ ਛੇਤੀ ਹੱਲ ਕੱਢਣ ਲਈ ਸਰਕਾਰ ਪੂਰੀ ਤਰਾਂ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ਵਿਚ ਪੰਜਾਬ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਸ਼ਾਮਲ ਸੀ। ਉਸ ਵੇਲੇ ਖੁਦ ਕੈਪਟਨ ਅਮਰਿੰਦਰ ਸਿੰਘ ਨੇ ਹਰ ਚੋਣ ਰੈਲੀ ਚ ਤੇ ਹਰ ਸਟੇਜ ਉਤੇ ਹਿੱਕ ਠੋਕ ਕੇ ਇਹ ਕਿਹਾ ਗਿਆ ਸੀ ਕਿ ਉਨਾਂ ਦੀ ਸਰਕਾਰ ਲਿਆਂਦੀ ਜਾਵੇ ਤਾਂ ਉਹ ਪੰਜਾਬ ਦੇ ਕਿਸਾਨਾਂ ਦਾ ਸਾਰੇ ਬੈਂਕਾਂ ਤੇ ਆੜਤੀਆਂ ਦਾ ਸਮੁੱਚਾ ਕਰਜ਼ਾ ਸਰਕਾਰ ਲਾਹੇਗੀ। ਪੰਜਾਬ ਦੀ ਖਸਤਾ ਮਾਲੀ ਹਾਲਤ ਬਾਰੇ ਉਦੋਂ ਵੀ ਸਭ ਨੂੰ ਪਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਦਕਿਸਮਤੀ ਨਾਲ ਉਨਾਂ ਦੀ ਸਰਕਾਰ ਮੌਜੂਦਾ ਹਾਲਤਾਂ ਮੁਤਾਬਕ ਹੋਰ ਫੰਡ ਜੁਟਾਉਣ ਦੀ ਸਥਿਤੀ ਵਿੱਚ ਨਹੀਂ ਹੈ ਜਿਸ ਕਰਕੇ ਪੂਰੇ ਕਰਜ਼ੇ ’ਤੇ ਲੀਕ ਫੇਰਨ ਬਾਰੇ ਕਿਸਾਨਾਂ ਦੀ ਮੰਗ ਮੰਨੀ ਨਹੀਂ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ 17.5 ਲੱਖ ਕਿਸਾਨ ਪਰਿਵਾਰਾਂ ਵਿੱਚੋਂ ਸਿਰਫ ਵੱਡੇ ਜਿਮੀਂਦਾਰ ਹੀ ਹੁਣ ਤੱਕ ਕਰਜ਼ਾ ਮੁਆਫੀ ਸਕੀਮ ਵਿੱਚੋਂ ਬਾਹਰ ਹਨ ਅਤੇ ਉਹ ਆਪਣੇ ਪੱਧਰ ’ਤੇ ਹੀ ਆਪਣਾ ਬੰਦੋਬਸਤ ਕਰਨ ਦੇ ਪੂਰੀ ਤਰਾਂ ਸਮਰੱਥ ਹਨ। ਸੰਘਰਸ਼ ਦੇ ਰਾਹ ਪਏ ਕਿਸਾਨਾਂ ਨੂੰ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਡੂੰਘੇ ਆਰਥਿਕ ਸੰਕਟ ਦਾ ਸਾਹਮਣਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਨੇ ਕਿਸਾਨਾਂ ਨੂੰ ਦੂਜੇ ਸੂਬਿਆਂ ਨਾਲੋਂ ਵੱਧ ਕਰਜ਼ਾ ਰਾਹਤ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮਿਸਾਲ ਪੇਸ਼ ਕਰਦਿਆਂ ਆਖਿਆ ਕਿ ਮਹਾਰਾਸ਼ਟਰ ਨੇ ਕਿਸਾਨਾਂ ਦਾ 1.5 ਲੱਖ ਰੁਪਏ ਤੱਕ ਕਰਜ਼ਾ ਮੁਆਫ ਕੀਤਾ ਹੈ। ਇਸੇ ਤਰਾਂ ਉੱਤਰ ਪ੍ਰਦੇਸ਼ ਨੇ ਇੱਕ ਲੱਖ ਰੁਪਏ ਤੱਕ, ਰਾਜਸਥਾਨ ਨੇ 50 ਹਜ਼ਾਰ ਤੱਕ, ਮਧ ਪ੍ਰਦੇਸ਼ ਨੇ ਇੱਕ ਲੱਖ ਰੁਪਏ ਤੱਕ ਅਤੇ ਕਰਨਾਟਕ ਨੇ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ ਜਦਕਿ ਉਨਾਂ ਦੀ ਸਰਕਾਰ ਨੇ ਕਾਂਗਰਸ ਪਾਰਟੀ ਵੱਲੋਂ ਕਿਸਾਨ ਭਾਈਚਾਰੇ ਨਾਲ ਕੀਤੇ ਇਸ ਅਹਿਮ ਵਾਅਦੇ ਨੂੰ ਪੂਰਾ ਕਰਨ ਲਈ ਆਪਣੀ ਪੂਰੀ ਵਾਹ ਲਾ ਦਿੱਤੀ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵਿਰੋਧੀ ਪਾਰਟੀਆਂ ਅਤੇ ਕੁਝ ਕਿਸਾਨ ਯੂਨੀਅਨਾਂ ਪਾਸੋਂ ਗੁੰਮਰਾਹ ਨਾ ਹੋਣ ਦੀ ਅਪੀਲ ਕਰਦਿਆਂ ਆਖਿਆ ਕਿ ਇਹ ਪਾਰਟੀਆਂ ਅਤੇ ਯੂਨੀਅਨਾਂ ਆਪਣੇ ਸੌੜੇ ਸਿਆਸੀ ਹਿੱਤ ਪਾਲਣ ਲਈ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ ’ਤੇ ਕੂੜ ਪ੍ਰਚਾਰ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਆਖਿਆ ਕਿ ਉਨਾਂ ਦੀ ਸਰਕਾਰ ਨੂੰ ਅਕਾਲੀਆਂ ਪਾਸੋਂ ਖਾਲੀ ਖਜ਼ਾਨੇ ਦੀ ਵਿਰਾਸਤ ਮਿਲੀ ਸੀ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਦੀ ਮਦਦ ਲਈ ਹੱਥ ਪਿੱਛੇ ਖਿੱਚ ਲਏ ਜਿਸ ਕਰਕੇ ਇਨਾਂ ਪ੍ਰਸਥਿਤੀਆਂ ਵਿੱਚ ਕਿਸਾਨਾਂ ਨੂੰ ਸਕੀਮ ਦੇ ਘੇਰੇ ’ਚ ਹੋਰ ਕਿਸਾਨਾਂ ਨੂੰ ਲਿਆਉਣ ਜਾਂ ਦੋ ਲੱਖ ਰੁਪਏ ਤੋਂ ਵੱਧ ਰਕਮ ਦੀ ਕਰਜ਼ਾ ਮੁਆਫੀ ਦੇਣੀ ਸੰਭਵ ਨਹੀਂ ਹੈ। ਮੁੱਖ ਮੰਤਰੀ ਨੇ ਖੇਤੀ ਕਰਜ਼ਾ ਪੂਰੀ ਤਰਾਂ ਮੁਆਫ ਕਰਨ ਨੂੰ ਅਮਲ ਵਿੱਚ ਲਿਆਉਣ ਲਈ ਕਿਸਾਨਾਂ ਪਾਸੋਂ ਹੋਰ ਸਮੇਂ ਦੀ ਮੰਗ ਕਰਦਿਆਂ ਆਖਿਆ ਕਿ ਉਨਾਂ ਦੀ ਸਰਕਾਰ ਇਸ ਵੇਲੇ ਸੂਬੇ ਦੇ ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਵਿੱਚ ਜੁਟੀ ਹੋਈ ਹੈ ਤਾਂ ਕਿ ਸਮਾਜ ਦੇ ਸਾਰੇ ਤਬਕਿਆਂ ਨੂੰ ਮੁੜ ਵਿਕਾਸ ਅਤੇ ਤਰੱਕੀ ਦੀ ਲੀਹ ’ਤੇ ਲਿਆਂਦਾ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਰਕਾਰ ਇਸ ਵੇਲੇ ਮੁਸ਼ਕਲਾਂ ਹੰਢਾ ਰਹੇ ਛੋਟੇ ਤੇ ਸੀਮਾਂਤ ਕਿਸਾਨਾਂ ਦੀ ਇਮਦਾਦ ਕਰਨ ਨੂੰ ਤਰਜੀਹ ਦੇ ਰਹੀ ਹੈ। ਉਨਾਂ ਕਿਹਾ ਕਿ ਜਦੋਂ ਸੂਬੇ ਦੀ ਆਰਥਿਕਤਾ ਸਥਿਰ ਹੋਣੀ ਸ਼ੁਰੂ ਹੋ ਗਈ ਤਾਂ ਹੌਲੀ ਹੌਲੀ ਸਾਰੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਸਕੀਮ ਦੇ ਦਾਇਰੇ ਹੇਠ ਲਿਆਂਦਾ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਜਦੋਂ ਉਨਾਂ ਨੇ ਸਾਲ 2007 ਵਿਚ ਮੁੱਖ ਮੰਤਰੀ ਦਾ ਅਹੁਦਾ ਛੱਡਿਆ ਸੀ ਤਾਂ ਉਸ ਵੇਲੇ ਸਰਕਾਰੀ ਖਜ਼ਾਨੇ ’ਤੇ 46 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਸੀ ਅਤੇ ਹੁਣ ਜਦੋਂ ਸਾਲ 2017 ਵਿਚ ਉਨਾਂ ਨੇ ਅਕਾਲੀ-ਭਾਜਪਾ ਸਰਕਾਰ ਪਾਸੋਂ ਸ਼ਾਸਨਕਾਲ ਹੱਥ ਵਿਚ ਲਿਆ ਤਾਂ ਉਸ ਵੇਲੇ ਉਨਾਂ ਦੀ ਸਰਕਾਰ ਦੋ ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਨ ਹੀ ਕਿਸਾਨਾਂ ਦਾ ਕਰਜ਼ਾ ਇਕ ਵਾਰ ’ਚ ਹੀ ਮੁਆਫ ਕਰਨ ਲਈ ਉਨਾਂ ਦੀ ਸਰਕਾਰ ਦੇ ਰਾਹ ਵਿੱਚ ਰੋੜਾ ਬਣ ਗਏ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਬਾਵਜੂਦ ਵੀ ਉਨਾਂ ਦੀ ਸਰਕਾਰ ਵੱਲੋਂ ਆਪਣੇ ਪਲੇਠੇ ਬਜਟ ਵਿੱਚ ਕਿਸਾਨਾਂ ਲਈ ਐਲਾਨੀ ਕਰਜ਼ਾ ਮੁਆਫੀ ਸਕੀਮ ਅਧੀਨ 10.25 ਲੱਖ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਣਾ ਹੈ ਅਤੇ ਪਹਿਲੇ ਪੜਾਅ ਵਿੱਚ 5.63 ਲੱਖ ਕਿਸਾਨਾਂ ਨੂੰ ਇਸ ਦਾ ਲਾਭ ਹੋਣਾ ਹੈ। ਉਨਾਂ ਕਿਹਾ ਕਿ ਇਸ ਪੜਾਅ ਲਈ ਉਨਾਂ ਦੀ ਸਰਕਾਰ ਨੇ ਜਿਵੇਂ-ਕਿਵੇਂ 2700 ਕਰੋੜ ਰੁਪਏ ਦਾ ਬੰਦੋਬਸਤ ਕੀਤਾ ਹੈ।

WRITTEN BY