ਮਾਨਸਾ, 21 ਜਨਵਰੀ (ਨਛੱਤਰ ਸਿੰਘ ਕਾਹਨਗੜ੍ਹ)- ਫ਼ਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਨੇ ਅੰਗਹੀਣ ਵਰਗ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਤੇ ਜਾਇਜ਼ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਨਾਕਾਰਤਮਿਕ ਰਵੱਈਏ ਦੀ ਸਖ਼ਤ ਆਲੋਚਨਾ ਕਰਦਿਆਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਾਂਗਰਸ ਸਰਕਾਰ ਵਿਰੁੱਧ ਸੰਕੇਤਕ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜੀਆ ਸੁਲਤਾਨਾ ਦੀ ਅਰਥੀ ਫੂਕਣ ਦਾ ਵੀ ਐਲਾਨ ਕੀਤਾ ਗਿਆ ਹੈ।ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਦੌਰਾਨ ਪ੍ਰਧਾਨ ਵਰਿੰਦਰ ਸੋਨੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਅੰਗਹੀਣ ਵਰਗ ਦੀਆਂ ਹੱਕੀ ਤੇ ਜਾਇਜ਼ ਮੰਗਾਂ ਹੱਲ ਕਰਨ ਵਿੱਚ ਜਾਨ ਬੁਝ ਕੇ ਦੇਰੀ ਕੀਤੀ ਜਾ ਰਹੀ ਹੈ, ਜਿਸ ਦੇ ਵਿਰੋਧ ਵਿੱਚ ਹੋਰਨਾ ਵਰਗਾਂ ਦੀ ਤਰ੍ਹਾਂ ਅੰਗਹੀਣਾਂ ਨੂੰ ਧਰਨੇ ਰੈਲੀਆਂ ਕਰਕੇ ਸੜਕਾਂ ਤੇ ਰੁਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਸੰਘਰਸ਼ ਸਮੇਂ ਕਾਂਗਰਸੀ ਆਗੂਆਂ ਨੇ ਅੰਗਹੀਣਾਂ ਦੀਆਂ ਸਾਰੀਆਂ ਮੰਗਾਂ ਕਾਂਗਰਸ ਦੀ ਸਰਕਾਰ ਬਨਣ ਤੇ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ ਦਰਜ਼ ਕੀਤੇ ਹਨ ਪਰ ਸੱਤਾ ਪ੍ਰਾਪਤੀ ਤੋਂ ਬਾਅਦ ਰਾਜ ਦੇ ਅੰਗਹੀਣਾਂ ਨੂੰ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਇਸ ਕਾਰਨ ਹੀ ਉਨ੍ਹਾਂ ਨੂੰ ਸੰਘਰਸ਼ ਰਾਹ ਅਪਣਾਉਣਾ ਪੈ ਰਿਹਾ ਹੈ।ਆਗੂ ਅਵਿਨਾਸ਼ ਸ਼ਰਮਾ ਨੇ ਕਿਹਾ ਕਿ ਉਹ ਟੇਬਲ ਟਾਂਕ ਰਾਹੀਂ ਹੀ ਅੰਗਹੀਣਾਂ ਦੇ ਮਸਲਿਆਂ ਦਾ ਹੱਲ ਕਰਨਾ ਚਾਹੁੰਦੇ ਸਨ ਪਰ ਸਰਕਾਰ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਹੱਕ ਵਿੱਚ ਨਹੀਂ ਹੈ, ਜਿਸ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਰਾਜਨੀਤਕ ਪਾਰਟੀਆਂ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਹੀ ਹੈ। ਉਨ੍ਹਾਂ ਕਿਹਾ ਕਿ 10 ਦਿਨਾਂ ਅੰਦਰ ਸਰਕਾਰ ਨੇ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਨਾ ਦਿੱਤਾ ਤਾਂ ਉਹ ਸੰਘਰਸ਼ ਦੇ ਰਾਹ ਤੁਰਨ ਲਈ ਮਜਬੂਰ ਹੋਣਗੇ।
ਪੰਜਾਬ ਸਰਕਾਰ ਵੱਲੋਂ ਅੰਗਹੀਣ ਵਰਗ ਦੀਆਂ ਹੱਕੀ ਤੇ ਜਾਇਜ਼ ਮੰਗਾਂ ਹੱਲ ਕਰਨ ’ਚ ਜਾਣ ਬੁਝਕੇ ਦੇਰੀ



