ਹਰੇਕ ਵਾਰਡ ਵਿੱਚ ਵਿਕਾਸ ਲਈ ਨੋਡਲ ਅਫਸਰ ਹੋਣਗੇ ਜਵਾਬਦੇਹ
ਚੰਡੀਗੜ੍ਹ, 24 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ‘‘ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸਵੱਛ ਭਾਰਤ ਮਿਸ਼ਨ ਦੀ ਸਫਲਤਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਮਿਹਨਤ ਕੀਤੀ ਜਾਵੇਗੀ ਕਿ ਪੰਜਾਬ ਦੇ ਵੱਧ ਤੋਂ ਵੱਧ ਸ਼ਹਿਰ ਸਵੱਛ ਭਾਰਤ ਸਰਵੇਖਣ ਵਿੱਚ ਦੇਸ਼ ਦੇ ਸੁੰਦਰ ਸ਼ਹਿਰਾਂ ਵਿੱਚ ਸ਼ਾਮਲ ਹੋ ਸਕਣ।’’ ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਪੰਜਾਬ ਮਿਉਂਸਪਲ ਭਵਨ ਵਿਖੇ ਸੂਬੇ ਦੇ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ, ਖੇਤਰੀ ਡਿਪਟੀ ਡਾਇਰੈਕਟਰ ਅਤੇ ਕਾਰਜ ਸਾਧਕ ਅਫਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਖੀ। ਅਧਿਕਾਰੀਆਂ ਨੂੰ ਸਵੱਛ ਭਾਰਤ ਸਰਵੇਖਣ ਵਿੱਚ ਪੰਜਾਬ ਦੇ ਸ਼ਹਿਰਾਂ ਨੂੰ ਮੋਹਰੀ ਕਤਾਰ ਵਿੱਚ ਸ਼ਾਮਲ ਕਰਨਾ ਯਕੀਨੀ ਬਣਾਉਣ ਹਿੱਤ ਪੂਰੀ ਤਨਦੇਹੀ ਨਾਲ ਸੱਦਾ ਦਿੰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਇਸ ਮਿਸ਼ਨ ਨੂੰ ਕਾਮਯਾਬ ਬਣਾਉਣ ਅਤੇ ਆਉਣ ਵਾਲੀਆਂ ਨਸਲਾਂ ਲਈ ਇਕ ਸਾਫ ਸੁਥਰੇ ਵਾਤਾਵਰਣ ਦੀ ਸੌਗਾਤ ਛੱਡ ਕੇ ਜਾਣਾ ਯਕੀਨੀ ਬਣਾਉਣ ਲਈ ਇਕ ਬਹੁ ਧਿਰੀ ਰਣਨੀਤੀ ਉਪਰ ਅਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਸ਼ਹਿਰ/ਕਸਬੇ ਦੇ ਹਰੇਕ ਵਾਰਡ ਵਿੱਚ ਇਕ ਨੋਡਲ ਅਧਿਕਾਰੀ ਇਹ ਯਕੀਨੀ ਬਣਾਵੇਗਾ ਕਿ ਉਸ ਅਧੀਨ ਆਉਂਦਾ ਖੇਤਰ ਸਫਾਈ ਪੱਖੋਂ ਉਤਮ ਹੋਵੇ ਅਤੇ ਕਿਸੇ ਕਿਸਮ ਦੀ ਅਣਗਹਿਲੀ ਜਾਂ ਗੰਦਗੀ ਉਹ ਸਿੱਧੇ ਤੌਰ ’ਤੇ ਜਵਾਬਦੇਹ ਹੋਵੇਗਾ। ਇਸ ਤੋਂ ਇਲਾਵਾ ਨੋਡਲ ਅਧਿਕਾਰੀਆਂ ਅਤੇ ਉਸ ਅਧੀਨ ਆਉਂਦੇ ਸਟਾਫ ਦੇ ਨਾਮ ਅਤੇ ਸੰਪਰਕ ਨੰਬਰ ਸਬੰਧਤ ਮਿਉਂਸਪੈਲਟੀ ਦਫਤਰ ਦੇ ਨੋਟਿਸ ਬੋਰਡ ਅਤੇ ਵਿਭਾਗ ਦੀ ਵੈਬਸਾਈਟ ਉਪਰ ਅਪਲੋਡ ਕਰ ਕੇ ਜਨਤਕ ਕੀਤੇ ਜਾਣਗੇ।



