ਮਾਨਸਾ, 24 ਜਨਵਰੀ (ਨਛੱਤਰ ਸਿੰਘ ਕਾਹਨਗੜ੍ਹ)-ਮਾਨਸਾ ਦੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਉਣ ਲਈ ਅੱਜ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਫੁੱਲ ਡਰੈਸ ਰਿਹਰਸਲ ਕਰਵਾਈ ਗਈ, ਜਿਸ ਵਿਚ ਪੰਜਾਬ ਪੁਲਿਸ ਤੇ ਪੰਜਾਬ ਹੋਮਗਾਰਡ ਦੇ ਜਵਾਨਾਂ, ਐਨ.ਸੀ. ਸੀ. ਕੈਡਿਟਾਂ, ਸਕਾਊਟਸ ਤੇ ਗਾਈਡਜ਼ ਅਤੇ ਆਰਮੀ ਬੈਂਡ ਦੀਆਂ ਟੀਮਾਂ ਨੇ ਵੀ ਭਾਗ ਲਿਆ। ਅੱਜ ਦੀ ਫੁੱਲ ਡਰੈਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਗੁਰਿੰਦਰ ਪਾਲ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਹੋਈ। ਰਿਹਰਸਲ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਜਿੱਥੇ ਮਾਸ ਪੀ.ਟੀ. (ਫਿਜ਼ੀਕਲ ਟਰੇਨਿੰਗ) , ਡੰਬਲਜ਼, ਲੇਜ਼ੀਅਮ ਦਾ ਪ੍ਰਦਰਸ਼ਨ ਕੀਤਾ ਗਿਆ, ਉਥੇ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦੀ ਰਿਹਰਸਲ ਵੀ ਕੀਤੀ ਗਈ, ਜਦਕਿ ਪੰਜਾਬ ਪੁਲਿਸ ਦੀਆਂ ਟੁਕੜੀਆਂ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਸਕਾਊਟਸ ਤੇ ਗਾਈਡਜ਼ ਦੀਆਂ ਟੁਕੜੀਆਂ ਵਲੋਂ ਸ਼ਾਨਦਾਰ ਪਰੇਡ ਅਤੇ ਮਾਰਚ ਪਾਸਟ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸਹੋਤਾ ਨੇ ਦੱਸਿਆ ਕਿ 26 ਜਨਵਰੀ ਗਣਤੰਤਰ ਦਿਵਸ ਵਾਲੇ ਦਿਨ ਝੰਡਾ ਲਹਿਰਾਉਣ ਦੀ ਰਸਮ ਮਾਨਯੋਗ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਧਰਮ ਪਾਲ ਗੁਪਤਾ (ਆਈ.ਏ.ਐਸ.) ਅਦਾ ਕਰਨਗੇ। ਉਨ੍ਹਾ ਕਿਹਾ ਕਿ 26 ਜਨਵਰੀ ਦੇ ਸਮਾਰੋਹ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਮੌਕੇ ਸੁਤੰਤਰਤਾ ਸੈਨਾਨੀਆਂ ਤੋਂ ਇਲਾਵਾ ਜੰਗੀ ਵਿਧਵਾਵਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਏ ਕਲਾ ਦੇ ਜੌਹਰ



