ਅੰਮ੍ਰਿਤਸਰ, 28 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਗੁਰੂ ਘਰ ਦੇ ਅਨਿਨ ਸੇਵਕ, ਮਹਾਨ ਤਪਸਵੀ, ਬ੍ਰਹਮਗਿਆਨੀ ਬਾਬਾ ਬੁਢਾ ਜੀ ਦੀ ਯਾਦ ਵਿਚ ਕਸਬਾ ਰਮਦਾਸ ਵਿਖੇ ਗੁਰਦੁਆਰਾ ਸਾਹਿਬਾਨ ਦੀਆਂ ਕਾਰ ਸੇਵਾ ਰਾਹੀਂ ਤਿਆਰ ਕੀਤੀਆਂ ਇਮਾਰਤਾਂ ਦਾ ਉਦਘਾਟਨ ਭਲਕੇ 29 ਜਨਵਰੀ ਨੂੰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੰਗਰ ਹਾਲ ਦੀ ਇਮਾਰਤ ਦੀ ਕਾਰ ਸੇਵਾ ਦੀ ਆਰੰਭਤਾ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ 29 ਜਨਵਰੀ ਨੂੰ ਵਿਖੇ ਗੁਰਦੁਆਰਾ ਤਪ ਅਸਥਾਨ ਬਾਬਾ ਬੁਢਾ ਜੀ ਰਮਦਾਸ ਵਿਖੇ ਬਾਬਾ ਜਗਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਤਿਆਰ ਹੋਣ ਵਾਲੀ ਲੰਗਰ ਹਾਲ ਦੀ ਇਮਾਰਤ ਦੀ ਸੇਵਾ ਆਰੰਭ ਕਰਨਗੇ।ਇਸੇ ਤਰ੍ਹਾਂ ਗੁਰਦੁਆਰਾ ਭਾਈ ਕ੍ਰਿਸ਼ਨਕੰਵਰ ਜੀ ਤਲਾਬ ਦੀ ਸੰਪੂਰਨ ਹੋਈ ਇਮਾਰਤ ਦਾ ਸ਼ੁਭ ਆਰੰਭ ਵੀ ਹੋਵੇਗਾ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦਗਾਰ ਵਜੋਂ ਇਤਿਹਾਸਕ ਅਸਥਾਨ ਗੁਰਦੁਆਰਾ ਭਾਈ ਸੁਖਾ ਜੀ ਦੀ ਨਵੀਂ ਇਮਾਰਤ ਦੀ ਸੇਵਾ ਆਰੰਭ ਕੀਤੀ ਜਾਵੇਗੀ। ਸ. ਬੇਦੀ ਨੇ ਹੋਰ ਦਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਦੀ ਤਿਆਰ ਹੋ ਚੁਕੀ ਪਹਿਲੀ ਮੰਜ਼ਿਲ ਦਾ ਉਦਘਾਟਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਆਪਣੇ ਕਰ ਕਮਲਾਂ ਨਾਲ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸੰਤ ਮਹਾਂਪੁਰਸ਼ਾ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਡਾ ਰਤਨ ਸਿੰਘ ਅਜਨਾਲਾ, ਸ. ਅਮਰਪਾਲ ਸਿੰਘ ਬੋਨੀ ਅਜਨਾਲਾ, ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਸ. ਅਮਰੀਕ ਸਿੰਘ ਵਿਛੋਆ ਵੀ ਹੋਣਗੇ।



