ਹਰ ਹਲਕੇ ਵਿੱਚੋਂ ਸ਼੍ਰੀ ਦਰਬਾਰ ਸਾਹਿਬ ਵਿਖੇ ਲੰਗਰ ਦੀ ਸੇਵਾ ਵਿੱਚ ਵੀ ਬੀਬੀਆਂ ਵੱਧ ਤੋਂ ਵੱਧ ਯੋਗਦਾਨ ਪਾਉਣਗੀਆਂ-ਜਗੀਰ ਕੌਰ।
ਚੰਡੀਗੜ – ਇਸਤਰੀ ਅਕਾਲੀ ਦਲ ਦੀ ਕੋਰ ਕਮੇਟੀ ਅਤੇ ਸਮੁੱਚੇ ਜਥੇਬੰਦਕ ਢਾਂਚੇ ਦੀ ਇੱਕ ਅਹਿਮ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਉਚੇਚੇ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪਰਕਾਸ ਸਿੰਘ ਬਾਦਲ ਨੇ ਵੀ ਸੰਬੋਧਨ ਕੀਤਾ। ਆਪਣੇ ਭਾਸ਼ਣ ਵਿੱਚ ਸ.ਬਾਦਲ ਨੇ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਵਧਾਈ ਪੇਸ਼ ਕੀਤੀ। ਉਹਨਾਂ ਨੇ ਸਮੂਹ ਬੀਬੀਆਂ ਨੂੰ ਸੰਬੋਧਨ ਹੁੰਦਿਆਂ ਆਖਿਆ ਕਿ ਇਸਤਰੀ ਅਕਾਲੀ ਦਲ ਨੂੰ ਰਾਜਨੀਤਕ ਕੰਮਾਂ ਦੇ ਨਾਲ-ਨਾਲ ਸਮਾਜਿਕ ਕੰਮਾਂ ਵਿੱਚ ਵੀ ਵੱਧ ਤੋਂ ਵੱਧ ਰੁਚੀ ਦਿਖਾਉਣੀ ਚਾਹੀਦੀ ਹੈ। ਸ. ਬਾਦਲ ਨੇ ਕਿਹਾ ਕਿ ਅੱਜ ਕੱਲ ਵਿਆਹਾਂ ਆਦਿ ਉਪਰ ਹੋ ਰਹੇ ਬੇਹਿਸਾਬ ਖਰਚੇ ਚਿੰਤਾਜਨਕ ਹਨ। ਇਸ ਲਈ ਇਸਤਰੀ ਅਕਾਲੀ ਦਲ ਨੂੰ ਗਰੀਬ ਲੜਕੀਆਂ ਦੀਆਂ ਸ਼ਾਦੀਆਂ ਕਰਵਾਉਣ ਦਾ ਉਦਮ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬੀਬੀਆਂ ਨੂੰ ਲੰਗਰ ਸੇਵਾ ਵੀ ਦੁਬਾਰਾ ਤੋਂ ਸੁਰੂ ਕਰਨੀ ਚਾਹੀਦੀ ਹੈ ਅਤੇ ਇਸ ਕੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।



