ਸ੍ਰ੍ਰੀ ਅਨੰਦਪੁਰ ਸਾਹਿਬ, 6 ਫਰਵਰੀ (ਦਵਿੰਦਰਪਾਲ ਸਿੰਘ, ਅੰਕੁਸ਼)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਗੁਰਮਤਿ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੌਮਣੀ ਕਮੇਟੀ ਦਾ ਸਬ ਆਫਿਸ ਸਥਾਪਿਤ ਕੀਤਾ ਗਿਆ। ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਡਾ:ਪਰਮਜੀਤ ਸਿੰਘ ਸਰੋਆ ਨੂੰ ਸਬ ਆਫਿਸ ਇੰਚਾਰਜ ਨਿਯੁਕਤ ਕੀਤਾ ਗਿਆ। ਡਾ:ਪਰਮਜੀਤ ਸਿੰਘ ਸਰੋਆ ਨੇ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੌਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸਮੁੱਚੇ ਸਟਾਫ ਦੀ ਹਾਜ਼ਰੀ ਵਿਚ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ:ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਡਾ. ਸਰੋਆ ਨੇ ਦੱਸਿਆ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ 11 ਫਰਵਰੀ ਨੂੰ ਵਿਸ਼ਾਲ ਪੱਧਰ ਤੇ ਦੋਆਬਾ ਜੋਨ ਦੇ ਗੁਰਮਤਿ ਪ੍ਰਚਾਰ ਲਹਿਰ ਦੀ ਆਰੰਭਤਾ ਸਵੇਰੇ 10 ਤੋਂ ਸ਼ਾਮ 3 ਵਜੇ ਤੀਕ ਹੋਵੇਗੀ। ਦੋਆਬਾ ਜੋਨ ਵਿੱਚ ਰੋਪੜ, ਮੋਹਾਲੀ, ਚੰਡੀਗੜ੍ਹ, ਨਵਾਂਸ਼ਹਿਰ, ਹੁਸ਼ਿਆਰਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਲੁਧਿਆਣਾ ਅਤੇ ਪੂਰਾ ਹਿਮਾਚਲ ਪ੍ਰਦੇਸ਼ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਆਬਾ ਜੋਨ ਦੇ 30 ਹਲਕਿਆਂ ਨੂੰ 15 ਜੋਨਾਂ ਵਿੱਚ ਵੰਡਿਆ ਗਿਆ ਹੈ ਜਿਸ ਵਿੱਚ 32 ਪ੍ਰਚਾਰਕ, 15 ਢਾਡੀ ਤੇ ਕਵੀਸ਼ਰੀ ਜਥੇ ਅਤੇ 15 ਰਾਗੀ ਜਥਿਆਂ ਦੀਆਂ ਡਿਊਟੀਆਂ ਲੱਗ ਚੁੱਕੀਆਂ ਹਨ। ਇਸ ਮੰਤਵ ਦੀ ਪੂਰਤੀ ਲਈ ਸਮੂਹ ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ, ਮਿਸ਼ਨਰੀ ਕਾਲਜਾਂ, ਖੇਡ-ਕਲੱਬਾਂ ਅਤੇ ਹਰ ਮਾਈ-ਭਾਈ ਦਾ ਸਹਿਯੋਗ ਲਿਆ ਜਾਵੇਗਾ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਖੋਲਿਆ ਗਿਆ ਇਹ ਸਬ ਆਫਿਸ ਸਮੁੱਚੇ ਦੋਆਬਾ ਜ਼ੋਨ ਲਈ ਧਰਮ ਪ੍ਰਚਾਰ ਦਾ ਕੇਂਦਰ ਹੋਵੇਗਾ। ਇਸ ਮੌਕੇ ਉਹਨਾਂ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ, ਸ਼੍ਰੌਮਣੀ ਕਮੇਟੀ ਮੈਂਬਰ ਪ੍ਰਿੰ:ਸੁਰਿੰਦਰ ਸਿੰਘ, ਸੰਦੀਪ ਸਿੰਘ ਕਲੋਤਾ, ਮਨਜਿੰਦਰ ਸਿੰਘ ਬਰਾੜ, ਐਡ:ਹਰਦੇਵ ਸਿੰਘ ਹੈਪੀ, ਮੀਤ ਮੈਨੇਜਰ ਲਖਵਿੰਦਰ ਸਿੰਘ, ਅਮਰਜੀਤ ਸਿੰਘ ਜਿੰਦਵੜੀ, ਮਾ:ਜਸਵਿੰਦਰ ਸਿੰਘ ਮੀਰਪੁਰ ਆਦਿ ਹਾਜਰ ਸਨ।
ਸਮੁੱਚੇ ਦੁਆਬਾ ਜ਼ੋਨ ਲਈ ਧਰਮ ਪ੍ਰਚਾਰ ਦਾ ਕੇਂਦਰ ਨਵਾਂ ਸਬ-ਆਫਿਸ



