ਫ਼ਤਹਿਗੜ ਸਾਹਿਬ, 13 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ 50ਵੇਂ ਸਾਲਾਨਾ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਡਾ. ਜਤਿੰਦਰ ਸਿੰਘ ਸਿੱਧੂ, ਡਾਇਰੈਕਟਰ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਬਤੌਰ ਵਿਸ਼ੇਸ਼ ਮਹਿਮਾਨ ਪਧਾਰੇ। ਇਨਾਮ ਵੰਡ ਸਮਾਰੋਹ ਵਿਚ ਡਾ. ਗੁਰਦੀਪ ਕੌਰ ਰੰਧਾਵਾ, ਡਾਇਰੈਕਟਰ ਸਪੋਰਟਸ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕਾਲਜ ਦੇ 2000 ਤੋਂ ਵੱਧ ਵਿਦਿਆਰਥੀਆਂ ਨੇ ਖ਼ਾਲਸਾਈ ਰੰਗਤ ਵਿਚ ਮਾਰਚ ਪਾਸਟ ਵਿਚ ਹਿੱਸਾ ਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦਿਆਰਥੀ ਜੀਵਨ ਵਿਚ ਖੇਡਾਂ ਦੇ ਮਹੱਤਵ ’ਤੇ ਚਾਨਣਾ ਪਾਉਂਦਿਆਂ ਕਿਹਾ, ਠਖੇਡਾਂ ਜੀਵਨ ਦਾ ਮਹੱਤਵਪੂਰਨ ਅੰਗ ਹਨ। ਖੇਡਾਂ ਇਨਸਾਨ ਨੂੰ ਸਰੀਰਕ ਤੌਰ ’ਤੇ ਜਿਥੇ ਤੰਦੁਰਸਤ ਬਣਾਉਂਦੀਆਂ ਹਨ, ਉਥੇ ਇਨਸਾਨ ਵਿਚ ਅਨੁਸ਼ਾਸਨ, ਟੀਮ ਵਿਚ ਕੰਮ ਕਰਨਾ, ਲੀਡਰਸ਼ਿਪ, ਸਮੇਂ ਦਾ ਪਾਬੰਦ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ ਤੇ ਨੌਜਵਾਨ ਪੀੜ੍ਹੀ ਮਾੜੀਆਂ ਆਦਤਾਂ ਤੋਂ ਬਚੀ ਰਹਿੰਦੀ ਹੈੂ। ਉਹਨਾਂ ਕਿਹਾ, ਠਖਿਡਾਰੀ ਸਮਾਜ ਲਈ ਬਹੁਤ ਵੱਡੀ ਦੇਣ ਹਨ। ਇਸਲਈ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਵਿਚ ਬੜੇ ਉਤਸਾਹ ਨਾਲ ਭਾਗ ਲੈਣਾ ਚਾਹੀਦਾ ਹੈ। ਇਸਤੋਂ ਪਹਿਲਾਂ ਮਹਿਮਾਨਾਂ ਦਾ ਸਵਾਗਤ ਕਰਦਿਆਂ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਾਲਜ ਦੀਆਂ ਵਿਦਿਆ ਅਤੇ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਕਾਲਜ ਵਿਖੇ ਵਿਦਿਆਰਥੀ ਸਮੇਂ ਦੇ ਹਾਣ ਦੇ ਕੋਰਸਾਂ ਵਿਚ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੇ ਨਾਲ-ਨਾਲ ਆਪਣੇ ਵਿਰਸੇ, ਇਤਿਹਾਸ ਅਤੇ ਕਦਰਾਂ-ਕੀਮਤਾਂ ਨਾਲ ਜੁੜੇ ਹਨ। ਸਾਲਾਨਾ ਖੇਡ ਮੁਕਾਬਲੇ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਉਤਸਾਹ, ਸਮਰਪਣ ਭਾਵਨਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਡਾ. ਜਤਿੰਦਰ ਸਿੰਘ ਸਿੱਧੂ, ਡਾਇਰੈਕਟਰ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਵਿਦਿਆਰਥੀਆਂ ਨੂੰ ਆਪਣੇ ਉਦੇਸ਼ ਤੈਅ ਕਰਨੇ ਚਾਹੀਦੇ ਹਨ ਤੇ ਉਹਨਾਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਨਾਮ ਵੰਡ ਸਮਾਰੋਹ ਦੌਰਾਨ ਡਾ. ਗੁਰਦੀਪ ਕੌਰ ਰੰਧਾਵਾ, ਡਾਇਰੈਕਟਰ ਸਪੋਰਟਸ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਤੇ ਕਿਹਾ ਕਿ ਖੇਡਾਂ ਇਨਸਾਨ ਨੂੰ ਵਧੀਆ ਇਨਸਾਨ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
ਮਾਤਾ ਗੁਜਰੀ ਕਾਲਜ ਵਿਖੇ 50ਵੇਂ ਸਾਲਾਨਾ ਖੇਡ ਮੁਕਾਬਲੇ



